‘ਦ ਖ਼ਾਲਸ ਬਿਊਰੋ:- ਨਾਭਾ ਜੇਲ੍ਹ ਵਿੱਚ ਪ੍ਰਸ਼ਾਸ਼ਨ ਵੱਲੋਂ ਬੰਦੀ ਸਿੰਘ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸੰਬੰਧੀ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪਤਾ ਲੱਗਿਆ ਤਾਂ ਉਹਨਾਂ ਨੇ ਤੁਰੰਤ ਇਸਦਾ ਨੋਟਿਸ ਲਿਆ।
ਸਿੰਘ ਸਾਹਿਬ ਨੇ ਅੱਜ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਮੈਕਸੀਮਅਮ ਸਕਿਉਰਟੀ ਜੇਲ੍ਹ ਨਾਭਾ (ਪਟਿਆਲਾ) ਦੇ ਪ੍ਰਸਾਸ਼ਨ ਵੱਲੋਂ ਜੇਲ੍ਹ ਵਿੱਚ ਕੈਦ ਬੰਦੀ ਸਿੰਘ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਕਰਕੇ ਬੰਦੀ ਸਿੰਘ 30 ਜੂਨ 2020 ਤੋਂ ਭੁੱਖ ਹੜਤਾਲ ਉੱਪਰ ਬੈਠੇ ਹਨ, ਜੋ ਕਿ ਬਹੁਤ ਮੰਦਭਾਗਾ ਹੈ।
ਇਸ ਸੰਬੰਧੀ ਨੋਟਿਸ ਲੈਂਦਿਆਂ ਸਿੰਘ ਸਾਹਿਬ ਨੇ ਸੂਬਾ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਜੇਲ੍ਹ ਪ੍ਰਸਾਸ਼ਨ ਨੂੰ ਤਾੜਨਾ ਕਰਕੇ ਬੰਦੀ ਸਿੰਘਾਂ ਦੀਆਂ ਮੁਸ਼ਕਲਾਂ ਦਾ ਹੱਲ ਕਰੇ ਅਤੇ ਬੰਦੀ ਸਿੰਘ ਦੀ ਭੁੱਖ ਹੜਤਾਲ ਖ਼ਤਮ ਕਰਵਾਈ ਜਾਵੇ। ਉਹਨਾਂ ਕਿਹਾ ਕਿ ਜੇਕਰ ਭੁੱਖ ਹੜਤਾਲ ‘ਤੇ ਬੈਠੇ ਬੰਦੀ ਸਿੰਘਾਂ ਦਾ ਕੋਈ ਨੁਕਸਾਨ ਹੁੰਦਾ ਹੈ, ਤਾਂ ਇਸਦੀ ਜਿੰਮੇਵਾਰ ਸਰਕਾਰ ਹੋਵੇਗੀ।