‘ਦ ਖ਼ਾਲਸ ਬਿਊਰੋ:- ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਨਿੱਤ-ਦਿਨ ਵਾਧਾ ਕੀਤਾ ਜਾ ਰਿਹਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਲਗਾਤਾਰ 12ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਵੀਰਵਾਰ ਨੂੰ ਪੈਟਰੋਲ ਦੀ ਕੀਮਤ ਵਿਚ 53 ਪੈਸੇ ਅਤੇ ਡੀਜ਼ਲ ਵਿਚ 64 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਪਿਛਲੇ 12 ਦਿਨਾਂ ਵਿੱਚ ਪੈਟਰੋਲ ਦੀ ਕੁੱਲ ਕੀਮਤ ਵਿੱਚ 6.55 ਰੁਪਏ ਅਤੇ ਡੀਜ਼ਲ ਦੀ ਕੁੱਲ ਕੀਮਤ ਵਿੱਚ 7.04 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਦੁਆਰਾ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 77.28 ਰੁਪਏ ਤੋਂ ਵਧ ਕੇ 77.81 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ 75.79 ਰੁਪਏ ਤੋਂ ਵਧ ਕੇ 76.43 ਰੁਪਏ ਪ੍ਰਤੀ ਲਿਟਰ ਹੋ ਗਈ ਹੈ।
