India

ਪ੍ਰਧਾਨ ਮੰਤਰੀ ਮੋਦੀ ਜੀ, ਇਕਬਾਲ ਸਿੰਘ ਸਾਡਾ ਜਥੇਦਾਰ ਨਹੀਂ ਹੈ – ਪਟਨਾ ਸਾਹਿਬ ਕਮੇਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਤਖ਼ਤ ਸ਼੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਲਿਖੀ ਗਈ ਇੱਕ ਚਿੱਠੀ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਚਿੱਠੀ ਵਿੱਚ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਦੇ ਦਸਤਖਤ ਨਹੀਂ ਹੋਏ ਹਨ। ਇਸ ਚਿੱਠੀ ਵਿੱਚ ਉਨ੍ਹਾਂ ਨੇ ਤਖ਼ਤ ਸ਼੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ 5 ਅਗਸਤ ਨੂੰ ਅਯੁੱਧਿਆ ਰਾਮ ਮੰਦਿਰ ਸਮਾਗਮ ਵਿੱਚ ਸ਼ਾਮਿਲ ਹੋਣ ਬਾਰੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਸੀਂ ਸਾਰੀ ਸਿੱਖ ਸੰਗਤ ਨੂੰ ਦੱਸਣਾ ਚਾਹੁੰਦੇ ਹਾਂ ਕਿ ਗਿਆਨੀ ਇਕਬਾਲ ਸਿੰਘ ਸਾਡਾ ਜਥੇਦਾਰ ਨਹੀਂ ਹੈ ਅਤੇ ਉਸ ਨੇ ਅਯੁੱਧਿਆ ਰਾਮ ਮੰਦਿਰ ਸਮਾਗਮ ਵਿੱਚ ਸ਼ਾਮਿਲ ਹੋਣ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਅਹੁਦੇ ਬਾਰੇ ਗੁੰਮਰਾਹ ਕੀਤਾ ਹੈ। ਇਸ ਲਈ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਣਾ ਚਾਹੁੰਦੇ ਹਾਂ ਕਿ ਗਿਆਨੀ ਇਕਬਾਲ ਸਿੰਘ ਤਖ਼ਤ ਸ਼੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦਾ ਜਥੇਦਾਰ ਨਹੀਂ ਹੈ।

ਉਨ੍ਹਾਂ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਦਿੱਤੇ ਗਏ ਵਿਵਾਦਿਤ ਬਿਆਨ ਨੇ ਸਿੱਖੀ ਮਰਿਯਾਦਾ ਤੇ ਸਾਰੀ ਸਿੱਖ ਕੌਮ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਸ ਮਾਮਲੇ ਸਬੰਧੀ ਕਮੇਟੀ ਜਲਦੀ ਹੀ ਇੱਕ ਹੰਗਾਮੀ ਮੀਟਿੰਗ ਸੱਦੇਗੀ ਕਮੇਟੀ ਪ੍ਰਧਾਨ ਨੇ ਤਖ਼ਤ ਸ਼੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਣਜੀਤ ਸਿੰਘ ਜੀ ਨੂੰ ਵੀ ਇਸ ਮਾਮਲੇ ਵਿੱਚ ਗਿਆਨੀ ਇਕਬਾਲ ਸਿੰਘ ‘ਤੇ ਸਿੱਖੀ ਮਰਿਯਾਦਾ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਚਿੱਠੀ ਦੇ ਅਖੀਰ ਵਿੱਚ ਪ੍ਰਬੰਧਕੀ ਕਮੇਟੀ ਨੇ ਨਰਿੰਦਰ ਮੋਦੀ ਨੂੰ ਅਯੁੱਧਿਆ ਰਾਮ ਮੰਦਿਰ ਦੇ ਉਦਘਾਟਨ ਦੀ ਵਧਾਈ ਵੀ ਦਿੱਤੀ ਹੈ। ਇਸ ਚਿੱਠੀ ਵਿੱਚ ਲਿਖੀ ਜਾਣਕਾਰੀ ਮੁਤਾਬਕ ਜੇ ਪ੍ਰਧਾਨ ਮੰਤਰੀ ਸਚਮੁੱਚ ਹੀ ਇਕਬਾਲ ਸਿੰਘ ਦੇ ਅਹੁਦੇ ਤੋਂ ਅਨਜਾਣ ਹਨ ਤਾਂ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਸਿੱਖ ਕੌਮ ਦੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੇ ਨਾਮ ਬਾਰੇ ਵੀ ਜਾਣਕਾਰੀ ਨਹੀਂ ਹੈ। ਹਾਲਾਂਕਿ ਇਸ ਗੱਲ ‘ਤੇ ਯਕੀਨ ਕਰਨਾ ਔਖਾ ਜਾਪਦਾ ਹੈ।