Punjab

ਹਿਮਾਚਲ, ਜੰਮੂ-ਕਸ਼ਮੀਰ ਤੇ ਉਤਰਾਖੰਡ ਵਾਂਗ ਪੰਜਾਬ ਨੂੰ ਵੀ ਮਿਲੇ ਵਿਸ਼ੇਸ਼ ਪੈਕੇਜ-ਮਨਪ੍ਰੀਤ ਦੀ ਨਿਰਮਲਾ ਸੀਤਾਰਮਨ ਤੋਂ ਮੰਗ

‘ਦ ਖ਼ਾਲਸ ਟੀਵੀ ਬਿਊਰੋ:- ਦੇਸ਼ ’ਤੇ ਬਾਹਰੀ ਹਮਲਿਆਂ ਸਮੇਂ ਪੰਜਾਬ ਹਮੇਸ਼ਾਂ ਅੱਗੇ ਰਿਹਾ ਹੈ। ਇਸ ਲਈ ਕੇਂਦਰ ਸਰਕਾਰ ਬਜਟ ਦੀ ਵੰਡ ਤੋਂ ਇਲਾਵਾ ਗੁਆਂਢੀ ਰਾਜਾਂ ਨੂੰ ਦਿੱਤੇ ਗਏ ਵਿਸ਼ੇਸ਼ ਪੈਕੇਜਾਂ ਵਾਂਗ ਸੂਬੇ ਨੂੰ ਵਿਸ਼ੇਸ਼ ਫੰਡ ਦੇਣ ਪਹਿਲ ਕਰੇ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਹ ਗੱਲ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨਾਲ ਆਨਲਾਈਨ ਗੱਲਬਾਤ ਦੌਰਾਨ ਕਹੀ।

ਖੇਤੀ ਪ੍ਰਧਾਨ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਪੈਕੇਜ ਦੇਣ ‘ਤੇ ਵਿਚਾਰ ਕਰਨ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਦਿਆਂ ਵਿੱਤ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਹ ਸਰਹੱਦੀ ਸੂਬਾ ਵੀ ਆਪਣੇ ਗੁਆਂਢੀ ਰਾਜਾਂ ਜਿਵੇਂ ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ ਅਤੇ ਉਤਰਾਖੰਡ ਵਾਂਗ ਵਿਸ਼ੇਸ਼ ਪੈਕੇਜਾਂ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਸਨੀਕ ਬਹੁਤ ਮਿਹਨਤੀ ਹਨ ਅਤੇ ਪੰਜਾਬ ਨੂੰ ਸਿਰਫ਼ ਭੂਗੋਲਿਕ ਸਥਿਤੀ ਤੋਂ ਹੀ ਨਾ ਵਿਚਾਰਿਆ ਜਾਵੇ ਕਿਉਂਕਿ ਸੂਬੇ ਨੇ ਸੰਨ 1947, 1962, 1965 ਅਤੇ 1971 ਵਿੱਚ ਦੇਸ਼ ਲਈ ਲੜਾਈ ਲੜਨ ਤੋਂ ਇਲਾਵਾ ਸਰਹੱਦ ਪਾਰੋਂ ਗੁਆਂਢੀ ਮੁਲਕਾਂ ਵੱਲੋਂ ਫੈਲਾਏ ਅਤਿਵਾਦ ਖ਼ਿਲਾਫ਼ ਵੀ ਦਸ ਸਾਲਾਂ ਤੱਕ ਕੌਮੀ ਲੜਾਈ ਲੜੀ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਨੂੰ ਭਾਰਤ ਸਰਕਾਰ ਦੇ ਸਮਰਥਨ ਦੀ ਲੋੜ ਹੈ ਕਿਉਂਕਿ ਸੂਬਾ ਖੇਤੀਬਾੜੀ ਖੇਤਰ ਵਿੱਚ ਨਵੇਂ ਯੁੱਗ ਦੇ ਬਦਲਾਅ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਕੇਂਦਰੀ ਵਿੱਤ ਮੰਤਰੀ ਨੂੰ ਪੰਜਾਬ ਨੂੰ ਰਵਾਇਤੀ ਦੋ-ਫ਼ਸਲੀ ਚੱਕਰ ਵਿਚੋਂ ਕੱਢ ਕੇ ਹੋਰ ਬਦਲਵੀਆਂ ਫ਼ਸਲਾਂ ਅਤੇ ਪਸ਼ੂ ਪਾਲਣ ਦੇ ਧੰਦੇ ਵੱਲ ਮੋੜਨ ਤੋਂ ਇਲਾਵਾ ਸਨਅਤਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਕੇਂਦਰ ਸਰਕਾਰ ਨੂੰ ਪੀਐੱਲਆਈ ਵਰਗੀਆਂ ਯੋਜਨਾਵਾਂ ਲਿਆਉਣ ਦੀ ਵੀ ਅਪੀਲ ਕੀਤੀ।

ਬਾਦਲ ਨੇ ਪੰਜਾਬ ਲਈ ਫਾਰਮਾ ਪਾਰਕ, ਫੂਡ ਪਾਰਕ ਅਤੇ ਟੈਕਸਟਾਈਲ ਪਾਰਕ ਅਲਾਟ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਿਥੋਂ ਤੱਕ ਬਿਜਲੀ ਉਤਪਾਦਨ ਦਾ ਸਵਾਲ ਹੈ, ਕੋਲੇ ਦੀਆਂ ਖਾਣਾਂ ਤੋਂ ਪੰਜਾਬ ਦੀ ਦੂਰੀ ਬਹੁਤ ਜ਼ਿਆਦਾ ਹੈ ਅਤੇ ਜੇਕਰ ਸੰਭਵ ਹੋਵੇ ਤਾਂ ਅਸਲ ਵਿੱਚ ਅਸੀਂ ਬਿਜਲੀ ਉਤਪਾਦਨ ਲਈ ਕੋਲੇ ਬਜਾਏ ਗੈਸ ਜਾਂ ਸੂਰਜੀ ਊਰਜਾ ਨੂੰ ਅਪਣਾਉਣਾ ਚਾਹੁੰਦੇ ਹਾਂ ਅਤੇ ਅਸੀਂ ਜੇਕਰ ਕਿਸੇ ਤਰ੍ਹਾਂ ਆਪਣੇ ਕੋਲੇ ਨਾਲ ਚੱਲਣ ਵਾਲੇ ਤਾਪ ਘਰਾਂ ਨੂੰ ਬੰਦ ਕਰ ਦੇਈਏ ਤਾਂ ਸੂਬੇ ਵਿੱਚ ਬਿਜਲੀ ਸਸਤੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਹਰ ਪੱਖੋਂ ਬਹੁਤ ਵਧੀਆ ਬੁਨਿਆਦੀ ਢਾਂਚਾ ਹੈ ਪਰ ਸੂਬੇ ਦੇ ਕਸਬੇ ਪੱਟੀ ਤੇ ਮੱਖੂ, ਰਾਜਪੁਰਾ ਤੇ ਮੁਹਾਲੀ ਅਤੇ ਬਿਆਸ ਤੇ ਕਾਦੀਆਂ ਦਰਮਿਆਨ ਰੇਲਵੇ ਲਿੰਕਾਂ ਦੀ ਘਾਟ ਹੈ। ਉਨ੍ਹਾਂ ਕਿਹਾ, ‘ਤੁਸੀਂ ਕੇਂਦਰੀ ਬਜਟ ਨਾਲ ਰੇਲਵੇ ਬਜਟ ਪੇਸ਼ ਕਰਨ ਸਮੇਂ ਜੇਕਰ ਇਸ 20-30 ਕਿਲੋਮੀਟਰ ਹਿੱਸੇ ਨੂੰ ਬਜਟ ਵਿੱਚ ਥਾਂ ਦਿੰਦੇ ਹੋ ਤਾਂ ਪੰਜਾਬ ਵਿੱਚ ਰੇਲ ਸੰਪਰਕ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਯਾਤਰੀਆਂ ਨੂੰ ਰਾਜਸਥਾਨ ਜਾਂ ਗੁਜਰਾਤ ਜਾਣ ਲਈ ਅੰਬਾਲਾ ਦੇ ਚੱਕਰ ਨਹੀਂ ਲਗਾਉਣੇ ਪੈਣਗੇ।’