Punjab

ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ , ਪੁਲਿਸ ਨੇ 77 ਕਿਲੋ ਹੈਰੋਇਨ ਅਤੇ ਸਮੇਤ 4 ਨਸ਼ਾ ਤਸਕਰ ਕੀਤੇ ਕਾਬੂ

Big success of Punjab police, police arrested 77 kg of heroin and 4 drug smugglers

ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਇੱਕ ਵਾਰ ਫਿਰ ਨਸ਼ੇ ਤੇ ਵੱਡੀ ਕਾਰਵਾਈ ਕੀਤੀ ਗਈ। ਦਰਅਸਲ, ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵੱਲੋਂ ਫਿਰੋਜ਼ਪੁਰ ਤੋਂ ਕਰੀਬ 77 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਟੀਮ ਨੇ 2 ਮਾਮਲਿਆਂ ‘ਚ ਚਾਰ ਨਸ਼ਾ ਤਸਕਰਾਂ ਨੂੰ ਤਿੰਨ ਪਿਸਤੌਲ ਸਮੇਤ ਫੜਿਆ ਹੈ। ਪੁਲਿਸ ਵੱਲੋਂ ਇਸ ਨੂੰ 2023 ਦੀ ਸਭ ਤੋਂ ਵੱਡੀ ਬਰਾਮਦਗੀ ਦੱਸਿਆ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ।

ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਵੱਲੋਂ ਦੋ ਵੱਡੇ ਆਪਰੇਸ਼ਨਾਂ ਦੇ ਦੌਰਾਨ 77 ਕਿਲੋ ਹੈਰੋਇਨ ਦੀ ਇਹ ਖੇਪ ਬਰਾਮਦ ਕੀਤੀ ਗਈ ਹੈ। ਹੈਰੋਇਨ ਦੀ ਖੇਪ ਭਾਰਤੀ ਸਰਹੱਦ ‘ਤੇ ਪਾਕਿਸਤਾਨ ਤੋਂ ਤਸਕਰਾਂ ਵੱਲੋਂ ਭੇਜੀ ਗਈ ਹੈ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ 539 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ SSOC ਫਾਜ਼ਿਲਕਾ ਵਿਖੇ NDPS ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਇਹ ਬਰਾਮਦਗੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਕੀਤੀ ਗਈ ਹੈ। ਦੋ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਨੇ ਚਾਰ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ ਪਾਕਿਸਤਾਨ ਤੋਂ ਭਾਰਤੀ ਸਰਹੱਦ ‘ਤੇ ਪਹੁੰਚਾਈ ਗਈ ਸੀ ਅਤੇ ਫੜੇ ਗਏ ਸਮੱਗਲਰ ਇਸ ਖੇਪ ਨੂੰ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ‘ਚ ਪਹੁੰਚਾਉਣ ਵਾਲੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਮਾਮਲੇ ਵਿੱਚ 41 ਕਿਲੋ ਅਤੇ ਦੂਜੇ ਮਾਮਲੇ ਵਿੱਚ 36 ਕਿਲੋ ਹੈਰੋਇਨ ਬਰਾਮਦ ਹੋਈ ਹੈ। ਜਿਸ ਦੀ ਕੁੱਲ ਕੀਮਤ 539 ਕਰੋੜ ਰੁਪਏ ਦੇ ਕਰੀਬ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਪੁਲਿਸ ਨੇ 3 ਦਰਾਮਦ ਪਿਸਤੌਲ ਵੀ ਬਰਾਮਦ ਕੀਤੇ ਹਨ।