‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 31 ਅਗਸਤ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਤਹਿਤ ਸਰਕਾਰੀ ਹਸਪਤਾਲਾਂ ‘ਚ ਮਿਲ ਰਹੀਆਂ ਸੇਵਾਵਾਂ ’ਤੇ ਪਹਿਲਾਂ ਵਾਲੀਆਂ ਦਰਾਂ ਨੂੰ ਰੱਖਣ ਦਾ ਐਲਾਨ ਕੀਤਾ ਹੈ।
ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ ਦੌਰਾਨ ਵਿਗੜੀ ਸਥਿਤੀ ਨੂੰ ਧਿਆਨ ‘ਚ ਰੱਖਦਿਆਂ ਹੋਇਆਂ ਪੰਜਾਬ ਹੈਲਥ ਸਿਸਟ ਕਾਰਪੋਰੇਸ਼ਨ ਤਹਿਤ ਸਰਕਾਰੀ ਹਸਪਤਾਲਾਂ ‘ਚੋਂ ਸੋਧੀ ਦਰਾਂ ਨੂੰ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਵਾਲੀਆਂ ਦਰਾਂ ਹੀ ਲਾਗੂ ਰਹਿਣਗੀਆਂ।
ਸਿਹਤ ਮੰਤਰੀ ਨੇ ਦੱਸਿਆ ਕਿ ਪੁਰਾਣੀ ਦਰਾਂ ਸਬੰਧੀ ਨਵੀਆਂ ਹਦਾਇਤਾਂ ਸਾਰੇ ਸਿਵਲ ਸਰਜਨਾਂ ਨੂੰ ਜਾਰੀ ਕਰ ਦਿੱਤੀ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋੜਵੰਦ ਲੋਕਾਂ ਨੂੰ ਤੀਜੇ ਪੱਧਰ ਦੀਆਂ ਮਲਟੀ-ਸਪੈਸ਼ਲਿਸਟ ਹਸਪਤਾਲਾਂ ਵਿੱਚ ਮਿਲਣ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਪੈਕਜਾਂ ਨੂੰ 1393 ਤੋਂ ਵਧਾ ਕੇ 1579 ਕੀਤਾ ਗਿਆ ਹੈ ਅਤੇ ਸੂਬੇ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਔਸਤਨ 1500 ਦਾਖ਼ਲੇ ਪ੍ਰਤੀ ਦਿਨ ਹੋ ਰਹੇ ਹਨ। ਜੇਕਰ ਇਸ ਸਕੀਮ ਅਧੀਨ ਹਸਪਤਾਲਾਂ ਦੇ ਪੱਖ ਤੋਂ ਦੇਖਿਆ ਜਾਵੇ ਤਾਂ ਪੰਜਾਬ ਉਨਾਂ ਪ੍ਰਮੁੱਖ ਰਾਜਾਂ ‘ਚੋਂ ਇੱਕ ਹੈ ਜਿਥੇ ਇਸ ਯੋਜਨਾ ਦੇ ਪਹਿਲੇ ਸਾਲ ਵਿੱਚ ਰਾਜ ਸਿਹਤ ਏਜੰਸੀ ਦੁਆਰਾ 767 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ । ਇਨਾਂ ਹਸਪਤਾਲਾਂ ‘ਚ ਲਾਭਪਾਤਰੀਆਂ ਨੂੰ ਦੂਜੇ ਤੇ ਤੀਜੇ ਪੱਧਰ ਦੇ ਮਿਆਰੀ ਇਲਾਜ ਮੁਫਤ ਦਿੱਤੇ ਜਾ ਰਹੇ ਹਨ।