India

ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਪਟੀਸ਼ਨ ਖਾਰਜ

ਚੰਡੀਗੜ੍ਹ- ਪੰਜਾਬ-ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੇ ਬਹਿਬਲ ਕਾਂਡ ਵਿੱਚ ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਪਟੀਸ਼ਨ ਵਿੱਚ ਪੁਲਿਸ ਅਧਿਕਾਰੀਆਂ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਚਣੌਤੀ ਦਿੱਤੀ ਸੀ ਕਿ ਕਮੀਸ਼ਨ ਨੇ ਰਿਪੋਰਟ ਤਿਆਰ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਨਹੀਂ ਸੁਣਿਆ ਸੀ, ਜਿਸ ਕਰਕੇ ਕਮਿਸ਼ਨ ਦੀ ਰਿਪੋਰਟ ਦੇ ਆਧਾਰ ’ਤੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਸਕਦੀ। ਅੱਜ ਸੁਣਵਾਈ ਦੌਰਾਨ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਕਿਹਾ ਕਿ ਬਹਿਬਲ ਕਾਂਡ ਵਿੱਚ ਮੁਲਜ਼ਮਾਂ ਵਜੋਂ ਨਾਮਜ਼ਦ ਹੋਏ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੀ ਪਟੀਸ਼ਨ ਪਹਿਲਾਂ ਹੀ ਇਕਹਿਰੇ ਬੈਂਚ ਵੱਲੋਂ ਖਾਰਜ ਕਰ ਦਿੱਤੀ ਗਈ ਹੈ ਅਤੇ ਜੇਕਰ ਇਸ ਬੈਂਚ ਦੇ ਫੈਸਲੇ ’ਤੇ ਪੁਲਿਸ ਅਧਿਕਾਰੀਆਂ ਨੂੰ ਇਤਰਾਜ਼ ਸੀ ਤਾਂ ਉਨ੍ਹਾਂ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਚਾਹੀਦੀ ਸੀ।

ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਦੀ ਇਸ ਪਟੀਸ਼ਨ ’ਤੇ ਪਿਛਲੇ ਇੱਕ ਸਾਲ ਤੋਂ ਸੁਣਵਾਈ ਚੱਲ ਰਹੀ ਸੀ। ਦੱਸਣਯੋਗ ਹੈ ਕਿ ਬਹਿਬਲ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਦੋਸ਼ਪੱਤਰ ਅਦਾਲਤ ਸਾਹਮਣੇ ਪੇਸ਼ ਕਰ ਚੁੱਕੀ ਹੈ, ਜਿਸ ’ਤੇ ਫ਼ਰੀਦਕੋਟ ਦੀ ਸੈਸ਼ਨ ਕੋਰਟ ਵਿੱਚ ਅਗਲੀ ਸੁਣਵਾਈ 7 ਮਾਰਚ ਨੂੰ ਹੋਣੀ ਹੈ। ਪੁਲਿਸ ਅਧਿਕਾਰੀਆਂ ਨੇ ਆਪਣੀ ਰਿੱਟ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।