‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਤੋਂ ਬਾਅਦ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਬੇਅਦਬੀ ਦੀ ਘਟਨਾ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ। ਸਾਜ਼ਿਸ਼ ਬਾਰੇ ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਮੌਤ ਹੋ ਚੁੱਕੀ ਹੈ, ਜੇਕਰ ਉਹ ਜਿੰਦਾ ਹੁੰਦਾ ਤਾਂ ਸ਼ਾਮ ਤੱਕ, ਜਾਂ ਦਿਨ ਚੜ੍ਹਦੇ ਪਤਾ ਲੱਗ ਜਾਣਾ ਸੀ। ਹੁਣ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਕਿਸ ਰਸਤੇ ਤੇ ਕਿਥੋਂ ਆਇਆ। ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ। ਇਥੇ ਹਰਿਮੰਦਰ ਸਾਹਿਬ ਵਿੱਚ ਪੁਲਿਸ ਕਮਿਸ਼ਨਰ ਅਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਭਰੋਸਾ ਦਿੱਤਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਘਟਨਾ ਸਾਜ਼ਿਸ਼ ਲੱਗਦੀ ਹੈ। ਉਧਰ, ਸ਼੍ਰੋਮਣੀ ਕਮੇਟੀ ਨੇ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਾਉਣ ਅਤੇ ਘਟਨਾ ਦੇ ਪਿੱਛੇ ਕਿਹੜੀਆਂ ਤਾਕਤਾਂ ਹਨ, ਦਾ ਪਤਾ ਲਾਉਣ ਦੀ ਮੰਗ ਕੀਤੀ ਹੈ। ਮੀਟਿੰਗ ਮਗਰੋਂ ਉਪ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਖਿਆ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ।
ਸ਼੍ਰੋਮਣੀ ਕਮੇਟੀ ਵੱਲੋਂ ਮੰਦਭਾਗੀ ਘਟਨਾ ਦੇ ਸਬੰਧ ਵਿਚ ਪਸ਼ਚਾਤਾਪ ਵਜੋਂ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਵੀ ਸੁਰੱਖਿਆ ਵਿਚ ਵਾਧਾ ਕੀਤਾ ਜਾ ਰਿਹਾ ਹੈ