ਚੰਡੀਗੜ੍ਹ- ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਦੇ ਖਿਲਾਫ਼ ਆਦੇਸ਼ ਜਾਰੀ ਕੀਤਾ ਹੈ। ਝੂਠੀਆਂ ਅਫਵਾਹਾਂ ਫੈਲਾਉਣ ਕਰਕੇ ਪੰਜਾਬ ਦੇ ਲੋਕਾਂ ਵਿੱਚ ਘਬਰਾਹਟ ਪੈਦਾ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾਵਾਇਰਸ ਨੇ ਪੂਰੀ ਦੁਨੀਆ ’ਚ ਤਬਾਹੀ ਮਚਾਈ ਹੋਈ ਹੈ ਤੇ ਭਾਰਤ ’ਚ ਵੀ ਇਸ ਦਾ ਕਾਫ਼ੀ ਅਸਰ ਵੇਖਣ ਨੂੰ ਮਿਲ ਰਿਹਾ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬ ’ਚ ਕਈ ਥਾਵਾਂ ’ਤੇ ਸੰਕਟ ਦੀ ਇਸ ਘੜੀ ਦੌਰਾਨ ਬਹੁਤ ਸਾਰੇ ਲੋਕ ਅਫ਼ਵਾਹਾਂ ਫੈਲਾ ਰਹੇ ਹਨ। ਅਜਿਹੇ ਲੋਕਾਂ ਨੂੰ ਤਾੜ੍ਹਨਾ ਕਰਦਿਆਂ ਜਥੇਦਾਰ ਜੀ ਨੇ ਉਨ੍ਹਾਂ ਨੂੰ ਸੁਧਰ ਜਾਣ ਲਈ ਕਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਜੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਅਫ਼ਵਾਹਾਂ ਫੈਲਾਉਣ ਵਾਲੇ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਲੋਕ ਆਪਣਾ ਧਿਆਨ ਰੱਖਣ ਤੇ ਵਿਸ਼ਵ ਸਿਹਤ ਸੰਗਠਨ (WHO) ਦੀਆਂ ਹਦਾਇਤਾਂ ਮੁਤਾਬਕ ਪੂਰੀ ਤਰ੍ਹਾਂ ਪ੍ਰਹੇਜ਼ ਰੱਖ ਕੇ ਇਸ ਵਾਇਰਸ ਤੋਂ ਬਚਣ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਆਸ ਪ੍ਰਗਟਾਈ ਹੈ ਕਿ ਵਾਹਿਗੁਰੂ ਛੇਤੀ ਹੀ ਸਭ ਠੀਕ ਕਰਨਗੇ।
ਮਹਾਂਮਾਰੀ ਦੇ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਜ਼ਰੂਰੀ ਆਦੇਸ਼
