Punjab

ਮਾਨਸਾ ‘ਚ ਗ੍ਰੰਥੀ ਨੂੰ ਘੜੀਸ-ਘੜੀਸ ਕੁੱਟਿਆ,ਕਕਾਰਾਂ ਦੀ ਕੀਤੀ ਬੇਅਦਬੀ

ਚੰਡੀਗੜ੍ਹ- ਮਾਨਸਾ ’ਚ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਵਿੱਚ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਭਾਈ ਕਰਮ ਸਿੰਘ ਦੀ ਕੁੱਝ ਲੋਕਾਂ ਵੱਲੋਂ ਕੁੱਟਮਾਰ, ਦਸਤਾਰ ਉਤਾਰਨ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ। ਇਸ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿੰਦਾ ਕੀਤੀ ਹੈ। ਇਸ ਮਾਮਲੇ ਦੀ ਜਾਂਚ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ’ਤੇ ਕਰਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਘਰ ਦੇ ਗ੍ਰੰਥੀ ਸਿੰਘ ਨਾਲ ਬਦਸਲੂਕੀ ਅਤੇ ਕਕਾਰਾਂ ਦੀ ਬੇਅਦਬੀ ਕਰਨਾ ਮੰਦਭਾਗਾ ਹੈ।

ਉਨ੍ਹਾਂ ਦੱਸਿਆ ਕਿ ਵਾਇਰਲ ਹੋਈਆਂ ਵੀਡੀਓਜ਼ ਵਿੱਚ ਕੁੱਝ ਲੋਕ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਪਾਸੋਂ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਦੇ ਆਦੇਸ਼ਾਂ ਅਨੁਸਾਰ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਉੜੀਸਾ ਦੇ ਕਟਕ ਦੇ ਗੁਰਦੁਆਰੇ ਵਿੱਚੋਂ ਸਰੂਪ ਚੁੱਕਣ ਵਾਲੀ ਘਟਨਾ ਦੀ ਨਿਖੇਧੀ

ਕਟਕ (ਉੜੀਸਾ) ਵਿੱਚ ਗੁਰਦੁਆਰਾ ਗੁਰੂ ਨਾਨਕ ਦਾਤਨ ਸਾਹਿਬ ਵਿੱਚ ਇੱਕ ਵਿਅਕਤੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੁੱਕਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉੜੀਸਾ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ 22 ਫਰਵਰੀ ਨੂੰ ਗੁਰਦੁਆਰੇ ਵਿੱਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੁੱਕਣ ਦੀ ਕੋਸ਼ਿਸ਼ ਕਰਦਾ ਇੱਕ ਵਿਅਕਤੀ ਫੜਿਆ ਗਿਆ ਸੀ। ਉਨ੍ਹਾਂ ਇਸ ਨੂੰ ਗੰਭੀਰ ਮਾਮਲਾ ਦੱਸਦਿਆਂ ਉੜੀਸਾ ਸਰਕਾਰ ਤੋਂ ਜਾਂਚ ਦੀ ਮੰਗ ਕੀਤੀ।