India

ਮੌਸਮ ਦਾ ਹਾਲ : ਪੰਜਾਬ, ਹਰਿਆਣਾ ਸਣੇ ਕਈ ਥਾਈਂ ਮੀਂਹ ਦੀ ਸੰਭਾਵਨਾ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 16 ਦਸੰਬਰ ਤੋਂ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 15 ਦਸੰਬਰ ਦੀ ਰਾਤ ਤੋਂ ਇੱਕ ਹੋਰ ਪੱਛਮੀ ਗੜਬੜੀ ਦੀ ਸੰਭਾਵਨਾ ਜਤਾਈ ਹੈ। ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਇਸ ਦੌਰਾਨ ਰਾਜਧਾਨੀ ਦਿੱਲੀ ਵਿੱਚ ਪਿਛਲੇ ਕਈ ਦਿਨਾਂ ਤੋਂ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ। 15 ਦਸੰਬਰ ਤੋਂ ਪਹਿਲਾਂ ਹੀ ਦਿੱਲੀ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਭਾਵ 11 ਦਸੰਬਰ ਤੋਂ ਤਾਪਮਾਨ 6 ਡਿਗਰੀ ਦੇ ਆਸ-ਪਾਸ ਬਣਿਆ ਹੋਇਆ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ 17 ਦਸੰਬਰ ਦੀ ਦੁਪਹਿਰ ਤੋਂ 20 ਦਸੰਬਰ ਦੀ ਦੁਪਹਿਰ ਤੱਕ ਤੇਜ਼ ਨੀਵੇਂ ਪੱਧਰੀ ਉੱਤਰ-ਪੱਛਮੀ ਜਾਂ ਉੱਤਰ-ਪੂਰਬੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਪਹਾੜਾਂ ‘ਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਖ਼ਰਾਬ ਹੋਣ ਵਾਲਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਸੂਬੇ ਵਿੱਚ ਤਿੰਨ ਦਿਨਾਂ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। 15 ਤੋਂ 17 ਦਸੰਬਰ ਤੱਕ ਰਾਜ ਦੇ ਉੱਚੇ ਪਹਾੜੀ ਹਿੱਸਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਪਿਛਲੇ ਦਿਨੀਂ ਹਿਮਾਚਲ ‘ਚ ਮਨਾਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ‘ਚ ਕਾਫੀ ਬਰਫਬਾਰੀ ਹੋਈ ਹੈ। ਇਸ ਦੌਰਾਨ ਉੱਤਰਾਖੰਡ ਦੇ ਕਈ ਇਲਾਕਿਆਂ ‘ਚ ਬਰਫਬਾਰੀ ਵੀ ਹੋ ਸਕਦੀ ਹੈ।