Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨੂੰ ਪੰਥ ਵਿੱਚੋਂ ਛੇਕਣ ਲਈ ਸੌਂਪਿਆ ਮੰਗ ਪੱਤਰ

ਚੰਡੀਗੜ੍ਹ-(ਪੁਨੀਤ ਕੌਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਤਖ਼ਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਵਿੰਦਰ ਸਿੰਘ ਬਾਵਾ ਨੂੰ ਸ਼੍ਰੀ ਹਜੂਰ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥ ਵਿੱਚੋਂ ਛੇਕਣ ਲਈ ਮੰਗ ਪੱਤਰ ਸੌਂਪਿਆ ਗਿਆ।

ਗੁਰਵਿੰਦਰ ਸਿੰਘ ਬਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੰਬਈ ਖਾਲਸਾ ਕਾਲਜ ਦੇ ਵੀ ਚੇਅਰਮੈਨ ਹਨ। ਇੱਕ ਪਾਸੇ ਗੁਰਵਿੰਦਰ ਸਿੰਘ ਬਾਵਾ ਆਪਣੇ-ਆਪ ਨੂੰ ਸ਼੍ਰੀ ਗੁਰੂ ਅੰਗਦ ਦੇਵ ਜੀ ਮਹਾਰਾਜ ਦੇ ਅੰਸ਼ ਵਿੱਚੋਂ ਹੋਣ ਦਾ ਦਾਅਵਾ ਕਰਦੇ ਹਨ ਤੇ ਦੂਜੇ ਪਾਸੇ ਇਨ੍ਹਾਂ ਦੇ ਬੱਚੇ ਆਪਣੇ ਕੇਸਾਂ ਦੀ ਬੇਅਦਬੀ ਕਰਕੇ ਸਿੱਖੀ ਤੋਂ ਪਤਿਤ ਹੋ ਗਏ ਹਨ। ਇਸ ਤੋਂ ਇਲਾਵਾ ਇਹ ਸ਼ਰਾਬ ਦਾ ਸੇਵਨ ਵੀ ਕਰਦੇ ਹਨ ਤੇ ਇਨ੍ਹਾਂ ਦੇ ਸ਼ਰਾਬ ਦੇ ਠੇਕੇ ਤੇ ਬੀਅਰ ਬਾਰ ਵੀ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੋਤ ਸਿੰਘ ਤੇ ਸਿਰ ਤੇ ਟੋਪੀ ਪਾਉਣ ਤੇ ਦਾੜ੍ਹੀ ਤੇ ਕਾਲਖ ਲਾਉਣ ਦੇ ਦੋਸ਼ ਲੱਗੇ ਹਨ। ਇਸ ਲਈ ਉਨ੍ਹਾਂ ਨੂੰ ਪੰਥ ਤੋਂ ਛੇਕਣ ਲਈ ਮੰਗ ਪੱਤਰ ਸੌਂਪਿਆ ਗਿਆ ਹੈ।

ਇਸ ਤੋਂ ਇਲਾਵਾ ਸ੍ਰ. ਭੁਪਿੰਦਰ ਸਿੰਘ ਮਿਨਹਾਸ ਨੇ ਤਖ਼ਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਨਾਂਦੇੜ ਵੱਲੋਂ ਜਾਰੀ ਕੀਤੇ ਗੁਰਮਤੇ ਦੀ ਉਲੰਘਣਾ ਕਰਕੇ ਮਹਾਰਾਸ਼ਟਰ ਸਰਕਾਰ ਵੱਲੋਂ ਦਿੱਤੇ ਗਏ ਪ੍ਰਧਾਨ ਦੇ ਅਹੁਦੇ ਨੂੰ ਖੁਸ਼ੀ-ਖੁਸ਼ੀ ਨਾਲ ਸਵੀਕਾਰ ਕੀਤਾ। ਇਸ ਲਈ ਸਿੱਖਾਂ ਵੱਲੋਂ ਮੰਗ ਪੱਤਰ ਵਿੱਚ ਸ੍ਰ. ਭੁਪਿੰਦਰ ਸਿੰਘ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਦਿੱਤੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਆਦੇਸ਼ ਦਿੱਤਾ ਜਾਵੇ ਜਾਂ ਫਿਰ ਉਸਨੂੰ ਤਨਖਾਹੀਆ ਕਰਾਰ ਦਿੱਤਾ ਜਾਵੇ।