Punjab

ਸਿੱਖ ਕੌਮ ਨੂੰ ਮੁਸਲਮਾਨ ਭਾਈਚਾਰੇ ਵਾਂਗ ਬਦਨਾਮ ਕਰਨ ਦੀ ਸਾਜਿਸ਼ ਤਾਂ ਨਹੀਂ, ਜਥੇਦਾਰ ਦਾ ਸਵਾਲ

‘ਦ ਖ਼ਾਲਸ ਬਿਊਰੋ :- ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਲਿਆਂਦੀ ਗਈ ਪੰਜਾਬ ਦੀ ਸੰਗਤ ਦੇ ਕੋਰੋਨਾਵਾਇਰਸ ਪਾਜ਼ੀਟਿਵ ਆਉਣ ਦਾ ਮਸਲਾ ਕਾਫੀ ਗਰਮਾਇਆ ਹੋਇਆ ਹੈ। ਇਸ ਬਾਰੇ ਤਖ਼ਤ ਸ਼੍ਰੀ ਕੇਸਗੜ੍ਹ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਂਚ ਕਰਨ ਲਈ ਕਿਹਾ ਹੈ। ਜਥੇਦਾਰ ਰਘਬੀਰ ਸਿੰਘ ਨੇ ਵੱਡਾ ਸਵਾਲ ਚੁੱਕਦੇ ਹੋਏ ਕਿਹਾ ਹੈ ਕਿ ਡੇਢ ਮਹੀਨੇ ਤੋਂ ਨਾਂਦੇੜ ਵਿਖੇ ਗੁਰੂ ਘਰ ਵਿੱਚ ਰਹਿ ਰਹੇ ਸੈਂਕੜੇ ਸ਼ਰਧਾਲੂਆਂ ਦਾ ਮਹਾਰਾਸ਼ਟਰ ਸਰਕਾਰ ਵੱਲੋਂ ਵਾਰ – ਵਾਰ ਕਰਵਾਈ ਮੈਡੀਕਲ ਜਾਂਚ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੀਆਂ ਬੱਸਾਂ ਵਿੱਚ ਵਾਪਸ ਲਿਆਂਦਾ ਗਿਆ ਤਾਂ ਕੁੱਝ ਘੰਟਿਆਂ ਵਿੱਚ ਹੀ ਇਹ ਸ਼ਰਧਾਲੂ ਕੋਰੋਨਾ ਪਾਜ਼ੇਟਿਵ ਆਉਣੇ ਸ਼ੁਰੂ ਹੋ ਗਏ, ਕਿਤੇ ਇਹ ਸਿੱਖ ਕੌਮ ਨੂੰ ਮੁਸਲਮਾਨ ਭਾਈਚਾਰੇ ਵਾਂਗ ਬਦਨਾਮ ਕਰਨ ਦੀ ਸਾਜ਼ਿਸ਼ ਤਾਂ ਨਹੀਂ? ਇਸ ਤਰ੍ਹਾਂ ਦੇ ਸਵਾਲ ਚੁੱਕਦੇ ਹੋਏ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ ਵਿੱਚ ਗੰਭੀਰ ਜਾਂਚ ਕਰਵਾਉਣ ਲਈ ਕਿਹਾ ਹੈ ਤਾਂ ਜੋ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਸਕੇ। ਜਥੇਦਾਰ ਨੇ ਕਿਹਾ ਕਿ ਦੇਸ਼ ਅੰਦਰ ਘੱਟ ਗਿਣਤੀ ਵਿੱਚ ਰਹਿ ਰਹੇ ਸਿੱਖ ਭਾਈਚਾਰੇ ਨੂੰ ਅਜਿਹੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।