ਚੰਡੀਗੜ੍ਹ ( ਹਿਨਾ ) ਪੰਜਾਬ ਮੁੱਖ ਮੰਤਰੀ ਦਫ਼ਤਰ, ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦੀ ਵੀਡਿਓ ਕਾਨਫਰੰਸਿੰਗ ਵਿੱਚ ਕੌਮੀ ਪੱਧਰ ਦੇ ਲਾਕਡਾਊਨ ‘ਚ ਵਾਧੇ ਦਾ ਸੁਝਾਅ ਦਿੰਦਿਆਂ ਕਿਹਾ ਕਿ ਫੌਰੀ ਰਾਹਤ ਲਈ ਕਈ ਕਦਮ ਚੁੱਕਣ ਲਈ ਕੁੱਝ ਜ਼ਰੂਰੀ ਹਦਾਇਤਾਂ ਕੀਤੀਆਂ ਜਾਰੀ:-
- ਕੋਵਿਡ-19 ਖਿਲਾਫ ਸਾਰੇ ਸਰਕਾਰੀ ਕਰਮਚਾਰੀਆਂ ਲਈ ਟੈਸਟਿੰਗ ਕਿੱਟਾਂ ਦੀ ਤੇਜ਼ੀ ਨਾਲ ਸਪਲਾਈ ਤੇ ਵਿਸ਼ੇਸ਼ ਜ਼ੋਖਮ ਬੀਮੇ ਦੀ ਵੀ ਮੰਗ ਰੱਖੀ।
- ਫੌਰੀ ਲੋੜਾਂ ਦੇ ਚੱਲਦਿਆਂ ਖੇਤੀਬਾੜੀ ਤੇ ਉਦਯੋਗਾਂ ਲਈ ਜ਼ਰੂਰੀ ਵਿਸ਼ੇਸ਼ ਰਿਆਇਤਾਂ ਦੀ ਮੰਗ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕੌਮੀ ਪੱਧਰ ਦੇ ਲਾਕਡਾਊਨ ਵਿੱਚ ਵਾਧੇ ਦੀ ਸਿਫਾਰਸ਼ ਕਰਦਿਆਂ ਕਿਹਾ ਕਿ ਘੱਟੋ-ਘੱਟ ਇਹ 15 ਦਿਨ ਲਈ ਹੋਰ ਵਧਾਉਣਾ ਚਾਹੀਦਾ ਹੈ। ਸੂਬੇ ਦੇ ਕੋਵਿਡ-19 ਖਿਲਾਫ ਚੱਲ ਰਹੇ ਸੰਘਰਸ਼ ਵਿੱਚ ਉਨ੍ਹਾਂ ਕੇਂਦਰ ਸਰਕਾਰ ਅੱਗੇ ਲੋਕਾਂ ਵਾਸਤੇ ਸਿਹਤ ਸਹੂਲਤਾਂ ਤੇ ਰਾਹਤ ਕਾਰਜਾਂ ਲਈ ਕਦਮ ਚੁੱਕਣ ਦਾ ਸੁਝਾਅ ਦਿੰਦਿਆਂ ਨਾਲ ਹੀ ਜ਼ਰੂਰੀ ਲੋੜ ‘ਤੇ ਖੇਤੀਬਾੜੀ ਤੇ ਉਦਯੋਗਾਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਦੀ ਵੀ ਮੰਗ ਕੀਤੀ।
ਪ੍ਰਧਾਨ ਮੰਤਰੀ ਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡਿਓ ਕਾਨਫਰੰਸਿੰਗ ਵਿੱਚ ਹਿੱਸਾ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਲੜਾਈ ਨੂੰ ਲੰਬੀ ਖਿੱਚੇ ਜਾਣ ਦੀ ਆਸ਼ੰਕਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਮਹਾਂਮਾਰੀ ਦੀ ਸੰਭਾਵਨਾ ਬਾਰੇ ਵੱਡੀ ਅਨਿਸ਼ਚਤਤਾ ਬਣੀ ਹੋਈ ਹੈ। ਉਨ੍ਹਾਂ ਚੀਨ ਅਤੇ ਕਈ ਯੂਰੋਪੀਅਨ ਮੁਲਕਾਂ ਦੇ ਰੁਝਾਨ ਦੇ ਮੱਦੇਨਜ਼ਰ ਕਿਹਾ ਕਿ ਲੌਕਡਾਊਨ ਨੂੰ ਜਾਰੀ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਬੰਦਸ਼ਾਂ ਦੇ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਭਾਰਤ ਕੋਈ ਵੀ ਜ਼ੋਖਮ ਉਠਾ ਨਹੀਂ ਸਕਦਾ। ਉਨ੍ਹਾੰ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮਨੋਬਲ ਬਹੁਤ ਉਚਾ ਹੈ ਅਤੇ ਇਸ ਮਹਾਂਮਾਰੀ ਨਾਲ ਲੜਨ ਲਈ ਸਰਕਾਰੀ ਕੋਸ਼ਿਸ਼ਾਂ ਦਾ ਸਮਰਥਨ ਕਰਦੇ ਰਹਿਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਵਿੱਚ ਦੱਸਿਆ ਗਿਆ ਕਿ ਸੂਬਾ ਸਰਕਾਰ ਨੇ ਪਹਿਲਾ ਹੀ ਕਰਫਿਊ/ਲਾਕਡਾਊਨ ਨੂੰ ਇੱਕ ਮਈ ਤੱਕ ਵਧਾਉਣ ਦਾ ਫੈਸਲਾ ਕਰ ਲਿਆ ਹੈ। ਇਸ ਦੇ ਨਾਲ ਹੀ ਸਾਰੀਆਂ ਵਿਦਿਅਕ ਸੰਸਥਾਵਾਂ 30 ਜੂਨ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ ਅਤੇ ਸੂਬੇ ਦੀਆਂ ਬੋਰਡ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਅੱਗੇ ਪਾ ਦਿੱਤੀਆਂ ਹਨ। ਪਹਿਲੀ ਮਈ ਤੱਕ ਸਾਰੇ ਜਨਤਕ ਸੇਵਾਵਾਂ ਵਾਲੇ ਵਾਹਨਾਂ ਉਤੇ ਪਾਬੰਦੀ ਦੇ ਨਾਲ ਧਾਰਾ 144 ਲਾਗੂ ਰਹੇਗੀ।