Punjab

ਦਿੱਲੀ ਸ਼ਰਾਬ ਘੁਟਾਲੇ ਦਾ ਸੇਕ ਪੰਜਾਬ ਪਹੁੰਚਿਆ ! ਸਿਸੋਦੀਆ ਮਾਮਲੇ ‘ਚ CBI ਵੱਲੋਂ 10 ਅਫਸਰ ਤਲਬ ! ਮਾਨ ਸਰਕਾਰ ਦੀਆਂ ਵੱਧ ਸਕਦੀਆਂ ਹਨ ਮੁਸ਼ਕਿਲਾਂ !

ਬਿਉਰੋ ਰਿਪੋਰਟ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ (CBI) ਨੇ ਪੰਜਾਬ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ 10 ਅਧਿਕਾਰੀਆਂ ਨੂੰ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਦੇਸ਼ ਦੀ ਰਾਜਧਾਨੀ ਤਲਬ ਕੀਤਾ ਹੈ । ਅਫ਼ਸਰਾਂ ਦੇ ਬਿਆਨ ਦਰਜ ਕਰਨ ਦੇ ਲਈ ਉਨ੍ਹਾਂ ਨੂੰ ਦਿੱਲੀ ਸੱਦਿਆ ਗਿਆ ਹੈ। ਇਹ ਉਹ ਮਾਮਲਾ ਹੈ ਜਿਸ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੁੱਖ ਮੁਲਜ਼ਮ ਹਨ । ਇਹ ਸੰਮਨ CBI ਦੇ ਵਧੀਕ SP ਰਾਜੀਵ ਕੁਮਾਰ ਵੱਲੋਂ ਜਾਰੀ ਕੀਤਾ ਗਿਆ ਹੈ ।

ਸੰਮਨ ਵਿੱਚ ਪੰਜਾਬ ਦੇ 10 ਅਧਿਕਾਰੀਆਂ ਨੂੰ ਆਪਣੇ ਬਿਆਨ ਦਰਜ ਕਰਵਾਉਣ ਦੇ ਲਈ ਸੋਮਵਾਰ ਅਤੇ ਮੰਗਲਵਾਰ ਨੂੰ ਰਾਜਧਾਨੀ ਵਿੱਚ CBI ਦੇ ਸਾਹਮਣੇ ਪੇਸ਼ ਹੋਣ ਦੇ ਲਈ ਕਿਹਾ ਗਿਆ ਹੈ । IPC ਦੀ ਧਾਰਾ 160 ਤਹਿਤ ਜਾਰੀ ਸੰਮਨ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਦੇ ਜ਼ਰੀਏ ਭੇਜੇ ਗਏ ਹਨ । ਇਸ ਤੋਂ ਪਹਿਲਾਂ ED ਵੀ ਤਿੰਨ ਅਧਿਕਾਰੀਆਂ ਤੋਂ ਪੁੱਛ-ਗਿੱਛ ਕਰ ਚੁੱਕਿਆ ਹੈ । ਜਿਸ ਵਿੱਚ ਫਾਈਨਾਂਸ ਕਮਿਸ਼ਨਰ ਐਂਡ ਟੈਕਸੇਸ਼ਨ ਕੇ.ਪੀ ਸਿਨਹਾ ਦਾ ਨਾਂ ਸ਼ਾਮਲ ਹੈ ।

ਹਰਸਿਮਰਤ ਕੌਰ ਬਾਦਲ ਨੇ ਚੁੱਕੇ ਸਨ ਸਵਾਲ

ਬਠਿੰਡਾ ਤੋਂ ਅਕਾਲੀ ਦਲ ਦੀ ਐੱਮ ਪੀ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਬਾਦਲ ਨੇ 3 ਅਗਸਤ ਨੂੰ ਪਾਰਲੀਮੈਂਟ ਵਿੱਚ ਪੰਜਾਬ ਦੀ ਐਕਸਾਈਜ਼ ਪਾਲਿਸੀ ਨੂੰ ਲੈ ਕੇ ਸਵਾਲ ਖੜੇ ਕੀਤੇ ਸਨ । ਉਨ੍ਹਾਂ ਨੇ ਪਾਰਲੀਮੈਂਟ ਵਿੱਚ ਇਸ ਪਾਲਿਸੀ ਨੂੰ ਦਿੱਲੀ ਵਿੱਚ ਜਾਂਚ ਕੀਤੀ ਜਾ ਰਹੀ ਪਾਲਿਸੀ ਵਰਗਾ ਦੱਸਿਆ ਸੀ । ਹਰਸਿਮਰਤ ਕੌਰ ਬਾਦਲ ਨੇ ਸਦਨ ਵਿੱਚ ਕਿਹਾ ਸੀ ਕਿ ਇਹ ਪਾਲਿਸੀ ਕੁਝ ਕੰਪਨੀਆਂ ਨੂੰ ਫ਼ਾਇਦਾ ਪਹੁੰਚਾਉਣ ਅਤੇ ਪੈਸਾ ਇਕੱਠਾ ਕਰਨ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਲਿਆਈ ਗਈ ਸੀ ।

ਸਿਰਸਾ ਨੇ ਵੀ ਚੁੱਕੇ ਸਵਾਲ

ਬੀਜੇਪੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਦੀ ਐਕਸਾਈਜ਼ ਪਾਲਿਸੀ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਇਸ ਦੇ ਇਲਾਵਾ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਸ ਸਬੰਧ ਵਿੱਚ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਜਾਂਚ ਦੀ ਮੰਗ ਕੀਤੀ ਸੀ ।