ਬਿਉਰੋ ਰਿਪੋਰਟ – ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋ ਗਏ ਹਨ, ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਸੰਕੇਤਿਕ ਭੁੱਖ ਹੜਤਾਲ ਕੀਤੀ। ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ, ਸ਼ੰਭੂ ਮੋਰਚੇ ਅਤੇ ਰਤਨਾਪੁਰਾ ਮੋਰਚੇ ਉੱਪਰ ਅੱਜ ਸੈਂਕੜੇ ਕਿਸਾਨਾਂ ਨੇ ਇੱਕ ਦਿਨ ਲਈ ਸੰਕੇਤਿਕ ਭੁੱਖ ਹੜਤਾਲ ਕੀਤੀ, ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਤਾਮਿਲਨਾਡੂ, ਕਰਨਾਟਕ ਵਿੱਚ ਵੀ ਕਿਸਾਨਾਂ ਨੇ ਵੱਡੇ ਪੱਧਰ ‘ਤੇ ਸੰਕੇਤਿਕ ਭੁੱਖ ਹੜਤਾਲ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਸਿਰਫ਼ 100 ਘੰਟੇ ਭੁੱਖੇ ਰਹਿਣ ਨਾਲ ਵਿਅਕਤੀ ਦੀ ਹਾਲਤ ਵਿਗੜ ਜਾਂਦੀ ਹੈ। ਪਰ ਜਗਜੀਤ ਸਿੰਘ ਡੱਲੇਵਾਲ ਜੀ ਮਜਬੂਤ ਇਰਾਦਿਆਂ ਵਾਲੇ ਹਨ ਅਤੇ ਪ੍ਰਮਾਤਮਾ-ਵਾਹਿਗੁਰੂ ਦੀ ਮੇਹਰ ਸਦਕਾ 100 ਦਿਨਾਂ ਤੋਂ ਮਰਨ ਵਰਤ ‘ਤੇ ਰਹਿਣ ਦੇ ਬਾਵਜੂਦ ਉਹਨਾ ਦੇ ਹੌਸਲੇ ਬੁਲੰਦ ਹਨ। ਜਗਜੀਤ ਸਿੰਘ ਡੱਲੇਵਾਲ ਜੀ ਨੇ ਕਿਹਾ ਕਿ ਅੱਜ MSP ਗਾਰੰਟੀ ਕਾਨੂੰਨ ਦੀ ਗੂੰਜ ਗਲੀਆਂ ਤੋਂ ਲੈ ਕੇ ਪਾਰਲੀਮੈਂਟ ਤੱਕ ਸੁਣਾਈ ਦੇ ਰਹੀ ਹੈ, ਇਹ ਸਭ ਵਾਹਿਗੁਰੂ ਦੀ ਕਿਰਪਾ ਨਾਲ ਹੀ ਸੰਭਵ ਹੋਇਆ ਹੈ ਜਗਜੀਤ ਸਿੰਘ ਡੱਲੇਵਾਲ ਨੇ ਖੁਦ ਕੁੱਝ ਨਹੀਂ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਭਾਵੇਂ ਸਾਡੇ ਦੇਸ਼ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਕਿਹਾ ਜਾਂਦਾ ਹੈ ਪਰ ਪਿੱਛਲੇ 100 ਦਿਨਾਂ ਤੋਂ ਜਗਜੀਤ ਸਿੰਘ ਡੱਲੇਵਾਲ ਜੀ ਦਾ ਸੱਤਿਆਗ੍ਰਹਿ ਚੱਲ ਰਿਹਾ ਹੈ, ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਅਤੇ ਹੁਣ ਵੀ ਇਹ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ SKM ਦੇ ਚੰਡੀਗੜ੍ਹ ਕੂਚ ਦੇ ਪ੍ਰੋਗਰਾਮ ਦੇ ਮੱਦੇਨਜ਼ਰ ਪੰਜਾਬ ਵਿੱਚ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਾਰੇ ਨਜ਼ਰਬੰਦ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ – ਵਿਰੋਧੀਆਂ ਕੇਜਰੀਵਾਲ ਦੀ ਵਿਪਾਸਨ ‘ਤੇ ਚੁੱਕੇ ਸਵਾਲ, ਪੈਸੇ ਦੀ ਦੱਸਿਆ ਬਰਬਾਦੀ