Punjab

ਪਾਰਟੀ ਦੇ 100 ਅਹੁਦੇਦਾਰਾਂ ਦੇ ਫੈਸਲੇ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ 100 ਤੋਂ ਵੱਧ ਅਹੁਦੇਦਾਰਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਹਲਕਾ ਸਮਰਾਲਾ ਦੇ ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅਤੇ ਇਸਤਰੀ ਅਕਾਲੀ ਦਲ ਦੀ ਕੌਮੀ ਜਨਰਲ ਸਕੱਤਰ ਬਲਜਿੰਦਰ ਕੌਰ ਖੀਰਨੀਆਂ ਸਮੇਤ ਹਲਕੇ ਦੇ 100 ਤੋਂ ਵੱਧ ਅਹੁਦੇਦਾਰਾਂ ਵੱਲੋ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਗਿਆ ਹੈ।

ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਮਰਾਲਾ ਹਲਕੇ ਤੋਂ ਪਾਰਟੀ ਦੇ ਖ਼ਿਲਾਫ਼ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਹਲਕੇ ਤੋਂ ਚੋਣ ਜਿੱਤਣ ਦਾ ਵੀ ਦਾਅਵਾ ਕੀਤਾ ਹੈ। ਦਰਅਸਲ, ਸਮਰਾਲਾ ਹਲਕੇ ਤੋ ਅਕਾਲੀ ਦਲ ਵੱਲੋਂ ਪਰਮਜੀਤ ਢਿੱਲੋਂ ਨੂੰ ਨਵਾਂ ਹਲਕਾ ਇੰਚਾਰਜ ਬਣਾਏ ਜਾਣ ਤੋਂ ਬਾਅਦ ਇਸ ਹਲਕੇ ਦੀ ਅਕਾਲੀ ਸਿਆਸਤ ਵਿੱਚ ਪਿਛਲੇ ਕਈ ਦਿਨਾਂ ਤੋਂ ਸਿਆਸੀ ਭੂਚਾਲ ਆਇਆ ਹੋਇਆ ਹੈ।  

ਖੀਰਨੀਆਂ ਨੇ ਸਮਰਾਲਾ ਹਲਕੇ ਦੇ ਸਾਰੇ ਪਿੰਡਾਂ ਵਿੱਚ ਅਜਿਹੀ ਲਹਿਰ ਖੜ੍ਹੀ ਕਰਨ ਦਾ ਐਲਾਨ ਕੀਤਾ ਹੈ, ਜੋ ਅਕਾਲੀ ਦਲ ਨੂੰ ਪਿੰਡਾਂ ਵਿੱਚ ਵੜਨ ਤੱਕ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਉਹ 100 ਤੋਂ ਵੱਧ ਪਿੰਡਾਂ ਵਿੱਚ ਆਪਣੀ ਇਹ ਮੁਹਿੰਮ ਸ਼ੁਰੂ ਵੀ ਕਰ ਚੁੱਕੇ ਹਨ।