India Punjab

ਕਿਸਾਨ ਅੰਦੋਲਨ ਦਾ 14ਵਾਂ ਦਿਨ, ਅੱਜ ਟਰੈਕਟਰਾਂ ਨਾਲ ਸੜਕਾਂ ਉਤੇ ਆਉਣਗੇ ਕਿਸਾਨ…

14th day of farmers movement, today farmers will come on the roads with tractors...

ਸ਼ੰਭੂ : ਅੱਜ ਸੋਮਵਾਰ ਨੂੰ ਕਿਸਾਨ ਅੰਦੋਲਨ ਦਾ 14ਵਾਂ ਦਿਨ ਹੈ। ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫ਼ੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਹਾਲਾਂਕਿ, ਉਹ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡਟੇ ਹੋਏ ਹਨ। ਅੱਜ ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚਾ (SKM) ਕਿਸਾਨਾਂ ਦੇ ਸਮਰਥਨ ਵਿੱਚ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇਗਾ। ਅੰਦੋਲਨ ਵਿੱਚ ਸ਼ਾਮਲ ਕਿਸਾਨ ਵਿਸ਼ਵ ਵਪਾਰ ਸੰਗਠਨ (ਡਬਲਯੂ .ਟੀ.ਓ.) ਦਾ ਪੁਤਲਾ ਫੂਕਣਗੇ।

ਇਸ ਤੋਂ ਪਹਿਲਾਂ ਐਤਵਾਰ (25 ਫਰਵਰੀ) ਨੂੰ ਕਿਸਾਨਾਂ ਨੇ ਕੇਂਦਰ ਨਾਲ ਗੱਲਬਾਤ ਦਾ ਸੰਕੇਤ ਦਿੱਤਾ ਸੀ। ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕੋਆਰਡੀਨੇਟਰ ਸਰਵਨ ਪੰਧੇਰ ਨੇ ਸ਼ੰਭੂ ਸਰਹੱਦ ‘ਤੇ ਕਿਹਾ, ‘ਸਰਕਾਰ ਸਰਹੱਦ ਅਤੇ ਇੰਟਰਨੈੱਟ ਖੋਲ੍ਹਣ ਲਈ ਕੰਮ ਕਰ ਰਹੀ ਹੈ। ਹੁਣ ਇਸ ਮਾਹੌਲ ਵਿੱਚ ਸਹੀ ਗੱਲਬਾਤ ਹੋ ਸਕਦੀ ਹੈ।”

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਪ੍ਰਧਾਨ ਜਗਜੀਤ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਗੋਲੀ ਮਾਰਨ ਵਾਲਿਆਂ ਖ਼ਿਲਾਫ਼ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਪੰਜਾਬ ਵਿੱਚ ਦਾਖਲ ਹੋ ਕੇ ਕਿਸਾਨਾਂ ਨੂੰ ਚੁੱਕਣ, ਕੁੱਟਮਾਰ ਕਰਨ ਅਤੇ ਟਰੈਕਟਰ ਤੋੜਨ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ।

ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਤੋਂ ਪਾਬੰਦੀ ਹਟਾ ਲਈ ਗਈ ਹੈ। 11 ਫਰਵਰੀ ਨੂੰ ਸਵੇਰੇ 6 ਵਜੇ ਤੋਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫ਼ਤਿਹਾਬਾਦ ਅਤੇ ਸਿਰਸਾ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ। ਦੂਜੇ ਪਾਸੇ ਪੰਜਾਬ ਦੇ 7 ਜ਼ਿਲ੍ਹਿਆਂ ਦੇ 19 ਥਾਣਿਆਂ ਦੇ ਖੇਤਰਾਂ ਵਿੱਚ ਕੇਂਦਰ ਸਰਕਾਰ ਵੱਲੋਂ ਲਗਾਈ ਗਈ ਇੰਟਰਨੈੱਟ ਪਾਬੰਦੀ ਨੂੰ 26 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ।

ਦਿੱਲੀ ਵੱਲ ਕਿਸਾਨਾਂ ਦੇ ਮਾਰਚ ਨੂੰ ਮੁਲਤਵੀ ਕਰਨ ਤੋਂ ਬਾਅਦ ਦਿੱਲੀ ਦੇ ਟਿੱਕਰੀ ਬਾਰਡਰ ਅਤੇ ਸਿੰਘੂ ਬਾਰਡਰ ਨੂੰ ਅਸਥਾਈ ਤੌਰ ‘ਤੇ ਖੋਲ੍ਹ ਦਿੱਤਾ ਗਿਆ ਹੈ। ਜਿਸ ਕਾਰਨ ਹਰਿਆਣਾ ਤੋਂ ਦਿੱਲੀ ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੀ ਹੈ।