Punjab

ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਨੇ ਕੀਤਾ ਸੰਯੁਕਤ ਸਮਾਜ ਮੋਰਚੇ ਤੋਂ ਵੱਖ ਹੋਣ ਦਾ ਐਲਾਨ

‘ਦ ਖਾਲਸ ਬਿਉਰੋ:ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ‘ਚੋਂ 16 ਜਥੇਬੰਦੀਆਂ ਜਿਹੜੀਆਂ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਹੋਈਆਂ ਸੀ,ਦੀ ਇੱਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ਨੂੰ ਬਣਾਏ ਰੱਖਣ ਲਈ,ਦੂਸਰੇ ਸੂਬਿਆਂ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਤਾਲਮੇਲ ਬਿਠਾਉਣ ਲਈ ਤੇ ਹੋਰ ਕਿਸਾਨੀਂ ਮਸਲਿਆਂ ਦੇ ਹੱਲ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਤੋਂ ਇਲਾਵਾ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਮਐਸਪੀ ਸਮੇਤ ਹੋਰ ਕਿਸਾਨ ਮੰਗਾਂ ਨੂੰ ਲੈ ਕੇ 11 ਤੋਂ 17 ਅਪ੍ਰੈਲ ਤੱਕ ਮਨਾਏ ਜਾ ਰਹੇ ਪ੍ਰਚਾਰ ਹਫਤੇ ਨੂੰ ਲਾਗੂ ਕਰਨ ਬਾਰੇ ਫੈਸਲਾ ਵੀ ਹੋਇਆ । ਇਸ ਤੋਂ ਇਲਾਵਾ 16 ਕਿਸਾਨ ਜੱਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਫੈਸਲਾ ਕਰਦੇ ਹੋਏ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕਰ ਦਿਤਾ ਹੈ ।
ਮੀਟਿੰਗ ਵਿੱਚ ਪੰਜਾਬ ਵਿੱਚ ਬਿਜਲੀ ਸਪਲਾਈ ਦੀ ਮਾੜੀ ਹਾਲਤ ਉੱਪਰ ਸੂਬਾ ਸਰਕਾਰ ਨੂੰ ਇਸ ਪਾਸੇ ਤੁਰੰਤ ਧਿਆਨ ਦੇ ਕੇ ਖੇਤੀ ਵਰਤੋਂ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕਰਨ ਦੇ ਨਾਲ-ਨਾਲ ਕਣਕ ਦੀ ਐਮਐਸਪੀ ਉੱਪਰ 1000 ਰੁਪਏ ਬੋਨਸ ਦੇਣ ਦੀ ਮੰਗ ਵੀ ਕੀਤੀ ਗਈ । ਉਹਨਾਂ ਇਹ ਵੀ ਮੰਗ ਰੱਖੀ ਕਿ ਨਾ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਰਾਹੀਂ ਕਰਵਾਈ ਜਾਵੇ।
ਪ੍ਰੀ-ਪੇਡ ਮੀਟਰ ਲਗਾਉਣ ਦੇ ਸਰਕਾਰ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਪਿੰਡ ਪੱਧਰ ’ਤੇ ਲਾਮਬੰਦੀ ਕਰਦੇ ਹੋਏ ਇਨਾਂ ਦਾ ਵਿਰੋਧ ਕਰਨ ਦਾ ਫੈਸਲਾ ਵੀ ਇਸ ਮੀਟਿੰਗ ਵਿੱਚ ਹੋਇਆ ਹੈ ।

ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ 9 ਕਿਸਾਨ ਜੱਥੇਬੰਦੀਆਂ ਪਹਿਲਾਂ ਹੀ ਵੱਖ ਵੱਖ ਵੱਖ ਸਮੇਂ ਉਤੇ ਸੰਯੁਕਤ ਸਮਾਜ ਮੋਰਚੇ ਨਾਲੋਂ ਦੂਰੀ ਬਣਾ ਚੁੱਕੀਆਂ ਸਨ, ਅੱਜ 7 ਹੋਰ ਕਿਸਾਨ ਜੱਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚੇ ਨਾਲੋਂ ਦੂਰੀ ਬਣਾਉਦੇ ਹੋਏ ਸੰਯੁਕਤ ਕਿਸਾਨ ਮੋਰਚੇ ਨੂੰ ਮਜਬੂਤ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਬਾਕੀ ਕਿਸਾਨ ਆਗੂਆਂ ਨੂੰ ਵੀ ਇਹ ਅਪੀਲ ਕੀਤੀ ਹੈ ਕਿ ਉਹ ਸਿਆਸੀ ਤੌਰ ’ਤੇ ਸੰਯੁਕਤ ਸਮਾਜ ਮੋਰਚੇ ਵਜੋਂ ਸਰਗਰਮ ਰਹਿਣ ਦੇ ਆਪਣੇ ਫੈਸਲੇ ਤੇ ਮੁੜ ਵਿਚਾਰ ਕਰਨ ।