Punjab Religion

1984 ਘੱਲੂਘਾਰਾ ਦੀ 40ਵੀਂ ਬਰਸੀ ਮੌਕੇ ‘ਤੇ ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

1984 ਘੱਲੂਘਾਰਾ ਦੀ 40ਵੀਂ ਬਰਸੀ ਮੌਕੇ ਦਲ ਖ਼ਾਲਸਾ ਅਤੇ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ। ਅੱਜ ਵੀਰਵਾਰ ਸਵੇਰੇ ਸ਼ਹਿਰ ਅਤੇ ਬਾਜ਼ਾਰ ਬੰਦ ਰਹਿਣ ਦੀ ਸੰਭਾਵਨਾ ਹੈ। ਸਵੇਰੇ 7 ਵਜੇ ਦੇ ਕਰੀਬ ਗਰਮ ਖਿਆਲੀ ਜਥੇ ਹਰਿਮੰਦਰ ਸਾਹਿਬ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਜਾਣਗੇ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਨੁਸਾਰ ਪੰਜਾਬ ਪੁਲਿਸ ਦੇ ਨਾਲ-ਨਾਲ ਸ਼ਹਿਰ ਵਿੱਚ ਵਿਸ਼ੇਸ਼ ਬਲ ਵੀ ਤਾਇਨਾਤ ਕੀਤੇ ਗਏ ਹਨ।

ਸਵੇਰੇ 9.30 ਵਜੇ ਅਰਦਾਸ ਉਪਰੰਤ ਸਿੱਖ ਜਥੇਬੰਦੀਆਂ ਵੱਲੋਂ ਸ਼ਹਿਰ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ। ਦਲ ਖਾਲਸਾ ਨੇ ਅੱਜ ਸ਼ਾਂਤਮਈ ਬੰਦ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਵਿਚ ਦੋ ਗਰਮ ਖਿਆਲੀਆਂ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਦੀ ਜਿੱਤ ਤੋਂ ਬਾਅਦ ਵੱਡੀ ਗਿਣਤੀ ਵਿਚ ਲੋਕ ਹਰਿਮੰਦਰ ਸਾਹਿਬ ਪਹੁੰਚ ਕੇ ਖਾਲਿਸਤਾਨ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਸਕਦੇ ਹਨ।

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ‘ਅਖੰਡ ਪਾਠ’ ਦੇ ਭੋਗ ਪਾਏ ਜਾਣਗੇ। ਪਿਛਲੇ ਦੋ ਦਿਨਾਂ ਤੋਂ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੀ ਸ਼ੁਰੂ ਹੋ ਗਈ ਹੈ।

ਦੱਸ ਦਈਏ ਕਿ ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦਿਆਂ ਪੰਜ ਸਿੰਘ ਸਾਹਿਬਾਨ ਨੇ ਹੁਕਮ ਜਾਰੀ ਕੀਤਾ ਹੈ ਕਿ 4 ਤੋਂ 6 ਜੂਨ ਨੂੰ ਸਾਰੇ ਸਿੱਖ ਕਾਲੀਆਂ ਦਸਤਾਰਾਂ ਪਹਿਨਣ ਅਤੇ ਸਿੱਖ ਬੀਬੀਆਂ ਕਾਲੇ ਦੁਪੱਟੇ ਪਾ ਕੇ ਸਾਕਾ ਨੀਲਾ ਤਾਰਾ (Operation Blue Star 40th Anniversary) ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰਨ।

ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੌਮ ਦੇ ਨਾਮ ਸੰਦੇਸ਼ ਵੀ ਦੇਣਗੇ। ਸਰਬੱਤ ਖਾਲਸਾ ਵਿੱਚ ਚੁਣੇ ਗਏ ਜਥੇਦਾਰ ਮੰਡ ਦੇ ਵੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਦੋਵਾਂ ਜਥੇਦਾਰਾਂ ਦੇ ਆਹਮੋ-ਸਾਹਮਣੇ ਹੋਣ ਤੋਂ ਬਾਅਦ ਮਾਹੌਲ ਗਰਮ ਹੋ ਸਕਦਾ ਹੈ। ਇਸ ਦੇ ਮੱਦੇਨਜ਼ਰ ਪੁਲਿਸ ਨੇ ਹਰਿਮੰਦਰ ਸਾਹਿਬ ਦੇ ਅੰਦਰ ਵੀ ਸਾਦੇ ਕੱਪੜਿਆਂ ਵਿੱਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ।