ਸੀਬੀਆਈ ਦੀ ਵਿਸ਼ੇਸ਼ ਅਦਾਲਤ ਅੱਜ, 4 ਅਗਸਤ 2025 ਨੂੰ, 1993 ਵਿੱਚ ਪੰਜਾਬ ਦੇ ਤਰਨਤਾਰਨ ਵਿੱਚ ਹੋਏ ਫਰਜ਼ੀ ਪੁਲਿਸ ਮੁਕਾਬਲੇ ਦੇ ਮਾਮਲੇ ਵਿੱਚ ਸੇਵਾਮੁਕਤ ਐਸਐਸਪੀ ਭੁਪਿੰਦਰਜੀਤ ਸਿੰਘ, ਸੇਵਾਮੁਕਤ ਡੀਐਸਪੀ ਦਵਿੰਦਰ ਸਿੰਘ, ਸੇਵਾਮੁਕਤ ਇੰਸਪੈਕਟਰ ਸੂਬਾ ਸਿੰਘ, ਰਘੂਬੀਰ ਸਿੰਘ ਅਤੇ ਗੁਲਬਰਗ ਸਿੰਘ ਨੂੰ ਸਜ਼ਾ ਸੁਣਾਏਗੀ।
ਇਸ ਮਾਮਲੇ ਵਿੱਚ 10 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ, ਪਰ 5 ਦੀ ਸੁਣਵਾਈ ਦੌਰਾਨ ਮੌਤ ਹੋ ਗਈ। ਬਾਕੀ 5 ਮੁਲਜ਼ਮਾਂ ਨੂੰ ਆਈਪੀਸੀ ਦੀ ਧਾਰਾ 302 (ਕਤਲ) ਅਤੇ 120-ਬੀ (ਅਪਰਾਧਿਕ ਸਾਜ਼ਿਸ਼) ਤਹਿਤ ਸਜ਼ਾ ਸੁਣਾਈ ਜਾਵੇਗੀ। ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।1993 ਵਿੱਚ ਵਾਪਰੇ ਇਸ ਮਾਮਲੇ ਵਿੱਚ ਪੁਲਿਸ ਨੇ 7 ਨੌਜਵਾਨਾਂ ਨੂੰ ਫਰਜ਼ੀ ਮੁਕਾਬਲਿਆਂ ਵਿੱਚ ਮਾਰਿਆ ਸੀ, ਜਿਨ੍ਹਾਂ ਵਿੱਚੋਂ 4 ਨੂੰ ਵਿਸ਼ੇਸ਼ ਪੁਲਿਸ ਅਧਿਕਾਰੀ (ਐਸਪੀਓ) ਵਜੋਂ ਤਾਇਨਾਤ ਕੀਤਾ ਗਿਆ ਸੀ।
27 ਜੂਨ 1993 ਨੂੰ ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਚੁੱਕ ਕੇ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਅਤੇ ਤਸੀਹੇ ਦਿੱਤੇ। 28 ਜੁਲਾਈ 1993 ਨੂੰ ਡੀਐਸਪੀ ਭੁਪਿੰਦਰਜੀਤ ਸਿੰਘ ਦੀ ਅਗਵਾਈ ਵਿੱਚ ਥਾਣਾ ਵੈਰੋਵਾਲ ਅਤੇ ਸਹਾਰਲੀ ਵਿੱਚ ਦੋ ਫਰਜ਼ੀ ਮੁਕਾਬਲਿਆਂ ਦੀਆਂ ਐਫਆਈਆਰ ਦਰਜ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 7 ਲੋਕ ਮਾਰੇ ਗਏ।ਸੁਪਰੀਮ ਕੋਰਟ ਦੇ ਹੁਕਮ ’ਤੇ 12 ਦਸੰਬਰ 1996 ਨੂੰ ਮਾਮਲਾ ਸੀਬੀਆਈ ਨੂੰ ਸੌਂਪਿਆ ਗਿਆ। ਸੀਬੀਆਈ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਕਾਬਲੇ ਫਰਜ਼ੀ ਸਨ। ਪੋਸਟਮਾਰਟਮ ਰਿਪੋਰਟ ਨੇ ਸਪੱਸ਼ਟ ਕੀਤਾ ਕਿ ਮ੍ਰਿਤਕਾਂ ਨੂੰ ਮਾਰਨ ਤੋਂ ਪਹਿਲਾਂ ਕੁੱਟਿਆ ਗਿਆ ਸੀ, ਅਤੇ ਫੋਰੈਂਸਿਕ ਜਾਂਚ ਵਿੱਚ ਹਥਿਆਰਾਂ ਵਿੱਚ ਬੇਨਿਯਮੀਆਂ ਮਿਲੀਆਂ।
ਪੁਲਿਸ ਨੇ 2 ਜੁਲਾਈ 1993 ਨੂੰ ਦਾਅਵਾ ਕੀਤਾ ਸੀ ਕਿ ਸ਼ਿੰਦਰ ਸਿੰਘ, ਦੇਸਾ ਸਿੰਘ ਅਤੇ ਸੁਖਦੇਵ ਸਿੰਘ ਹਥਿਆਰਾਂ ਸਮੇਤ ਫਰਾਰ ਹੋ ਗਏ, ਪਰ 12 ਜੁਲਾਈ ਨੂੰ ਇੱਕ ਘੜੀ ਹੋਈ ਕਹਾਣੀ ਵਿੱਚ ਮੰਗਲ ਸਿੰਘ, ਦੇਸਾ ਸਿੰਘ, ਸ਼ਿੰਦਰ ਸਿੰਘ ਅਤੇ ਬਲਕਾਰ ਸਿੰਘ ਨੂੰ ਮੁਕਾਬਲੇ ਵਿੱਚ ਮਾਰਿਆ ਗਿਆ। ਮ੍ਰਿਤਕਾਂ ਦੀ ਪਛਾਣ ਹੋਣ ਦੇ ਬਾਵਜੂਦ, ਉਨ੍ਹਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਐਲਾਨ ਕੇ ਸਸਕਾਰ ਕਰ ਦਿੱਤਾ ਗਿਆ।
1999 ਵਿੱਚ ਸੀਬੀਆਈ ਨੇ ਮ੍ਰਿਤਕ ਸ਼ਿੰਦਰ ਸਿੰਘ ਦੀ ਪਤਨੀ ਨਰਿੰਦਰ ਕੌਰ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ। ਮ੍ਰਿਤਕ ਸੁਖਦੇਵ ਸਿੰਘ ਦੀ ਵਿਧਵਾ ਨੇ ਦੱਸਿਆ ਕਿ ਉਹ ਗਰਭਵਤੀ ਸੀ ਜਦੋਂ ਉਸ ਦੇ ਪਤੀ ਨੂੰ ਮਾਰਿਆ ਗਿਆ, ਅਤੇ ਪਰਿਵਾਰ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਨਰਿੰਦਰ ਕੌਰ ਨੇ ਕਿਹਾ ਕਿ ਉਸ ਦੇ ਪਤੀ ਨੂੰ ਘਰ ਦੀ ਛੱਤ ਤੋਂ ਚੁੱਕਿਆ ਗਿਆ, ਅਤੇ 33 ਸਾਲਾਂ ਬਾਅਦ ਪਰਿਵਾਰ ਨੂੰ ਇਨਸਾਫ ਮਿਲਣ ਦੀ ਉਮੀਦ ਹੈ।