ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ ਮੁਤਾਬਕ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿਚ ਗੈਂਗਸਟਰ-ਅੱਤਵਾਦੀ ਗੱਠਜੋੜ ਖ਼ਿਲਾਫ਼ ਇਕ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਲੰਡਾ ਤੇ ਹਰਵਿੰਦਰ ਸਿੰਘ ਉਰਫ਼ ਰਿੰਦਾ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ ‘ਤੇ ਸਵੇਰੇ 6 ਵਜੇ ਤੋਂ 11 ਵਜੇ ਤੱਕ ਇਕੱਠੇ ਛਾਪੇਮਾਰੀ ਕੀਤੀ ਗਈ ਜਿਸ ਵਿਚੋਂ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਦੋਵੇਂ ਅਪਰਾਧੀਆਂ ਦੇ ਸਹਿਯੋਗੀਆਂ ਨਾਲ ਜੁੜੀਆਂ ਸਾਰੀਆਂ ਥਾਵਾਂ ਦੀ ਤਲਾਸ਼ੀ ਲਈ ਗਈ। ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀ/ਐੱਸਐੱਸਪੀ ਨੂੰ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਮਜ਼ਬੂਤ ਪੁਲਿਸ ਫੋਰਸ ਨੂੰ ਤਾਇਨਾਤ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ ਜਿਸ ਦਾ ਉਦੇਸ਼ ਭਾਰਤ ਤੇ ਵਿਦੇਸ਼ ਵਿਚ ਸਥਿਤ ਅੱਤਵਾਦੀਆਂ ਗੈਂਗਸਟਰਾਂ ਤੇ ਡਰੱਗ ਤਸਕਰਾਂ ਵਿਚ ਗੱਠਜੋੜ ਨੂੰ ਵਿਗਾੜਨਾ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਆਪ੍ਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਫੜਨ ਲਈ ਕਿਹਾ ਗਿਆ ਸੀ। ਇਸ ਆਪ੍ਰੇਸ਼ਨ ਦੌਰਾਨ ਪੰਜਾਬ ਪੁਲਿਸ ਦੀਆਂ 364 ਪਾਰਟੀਆਂ ਵੱਲੋਂ ਲਗਭਗ 2000 ਪੁਲਿਸ ਮੁਲਾਜ਼ਮਾਂ ਸਣੇ ਲੰਡਾ ਤੇ ਰਿੰਦਾ ਨਾਲ ਜੁੜੀਆਂ ਸਾਰੀਆਂ ਮੁੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਲਖਬੀਰ ਲੰਡਾ ਤੇ ਹਰਵਿੰਦਰ ਰਿੰਦਾ ਵੱਲੋਂ ਹੁਣੇ ਜਿਹੇ ਫੜੇ ਗਏ ਕਈ ਲੋਕਾਂ ਤੋਂ ਪੁੱਛਗਿੱਛ ਦੇ ਬਾਅਦ ਅੱਜ ਦੀ ਤਲਾਸ਼ੀ ਦੀ ਯੋਜਨਾ ਬਣਾਈ ਗਈ ਸੀ।
ਤਰਨਤਾਰਨ ਪੁਲੀਸ ਨੇ ਰਿੰਦਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਉਸ ਦੇ ਭਰਾ ਵਤਨਦੀਪ ਸਿੰਘ ਵਾਸੀ ਪਿੰਡ ਕੁੱਲਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਪਿਸਤੌਲ, ਵੱਖ-ਵੱਖ ਬੋਰ ਦੇ 285 ਜਿੰਦਾ ਕਾਰਤੂਸ, 100 ਗ੍ਰਾਮ ਅਫ਼ੀਮ ਅਤੇ 250 ਕਿੱਲੋ ‘ਲਾਹਣ’ (ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ) ਵੀ ਬਰਾਮਦ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਆਪ੍ਰੇਸ਼ਨ ਦੌਰਾਨ ਕਈ ਲੋਕਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ ਤੇ ਉਨ੍ਹਾਂ ਦੇ ਕਬਜ਼ੇ ਤੋਂ ਇਤਰਾਜ਼ਯੋਗ ਸਮੱਗਰੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਇਕੱਠੀ ਕੀਤੀ ਗਈ ਸਮੱਗਰੀ ਤੇ ਡਾਟੇ ਦੀ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।