‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਦੇ ਕਾਰਨ ਪੂਰੀ ਦੁਨੀਆ ਵਿੱਚ ਦਹਿਸ਼ਤ ਫੈਲੀ ਹੋਈ ਹੈ ਅਤੇ ਸਰਕਾਰਾਂ ਵੱਲੋਂ ਇਸ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਕਈ ਅਹਿਮ ਚੱਕੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਵੀ ਕੋਰੋਨਾ ਤੋਂ ਬਚਾਅ ਲਈ ਕਈ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ 20 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ। ਇਹ ਵਿਦਿਆਰਥੀ ਕਾਲਜ ਪ੍ਰਸ਼ਾਸਨ ਦੀ ਇਜ਼ਾਜਤ ਤੋਂ ਬਿਨਾਂ ਬਾਹਰ ਪਿਕਨਿਕ ਮਨਾਉਣ ਲਈ ਗਏ ਸੀ। ਕਾਲਜ ਪ੍ਰਸ਼ਾਸਨ ਨੇ ਵਿਦਿਆਰਥੀਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਕਾਲਜ ਵਿੱਚ ਕਿਸੇ ਵੀ ਵਿਅਕਤੀ ਅਤੇ ਵਿਦਿਆਰਥੀ ਦੇ ਆਉਣ ‘ਤੇ ਰੋਕ ਲਗਾ ਦਿੱਤੀ ਹੈ।
ਜਾਣਕਾਰੀ ਮੁਤਾਬਕ ਇਹ ਵਿਦਿਆਰਥੀ ਐੱਮ.ਬੀ.ਬੀ.ਐੱਸ. ਭਾਗ-2 ਦੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ਨੂੰ ਹੁਣ ਇਕਾਂਤਵਾਸ ਕੀਤਾ ਗਿਆ ਹੈ। ਕਾਲਜ ਪ੍ਰਸ਼ਾਸਨ ਨੇ ਇਨ੍ਹਾਂ ਵਿਦਿਆਰਥੀਆਂ ‘ਤੇ ਕਾਲਜ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਵਿਦਿਆਰਥੀਆਂ ਖਿਲਾਫ ਨੋਟਿਸ ਜਾਰੀ ਕਰਕੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ।