‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੋਗਾ ਥਾਣਾ ਸਿਟੀ ਵਿੱਚ ਕੋਰੀਅਰ ਕੰਪਨੀ ਦੇ ਮੈਨੇਜਰ ਅਤੇ ਸੁਰੱਖਿਆ ਗਾਰਡ ਨੂੰ ਗ਼ੈਰਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਰੱਖਣ ਤੇ ਉਨ੍ਹਾਂ ਨੂੰ ਤਸੀਹੇ ਦੇਣ ਦੀ ਵਾਇਰਲ ਹੋਈ ਵੀਡੀਓ’ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲੀਸ ਮੁਖੀ ਹਰਮਨਬੀਰ ਸਿੰਘ ਨੇ ਥਾਣਾ ਮੁਖੀ ਇੰਸਪੈਕਟਰ ਜਸਵੰਤ ਸਿੰਘ ਅਤੇ ਮੁੱਖ ਮੁਨਸ਼ੀ ਯਾਦਵਿੰਦਰ ਸਿੰਘ ਨੂੰ ਲਾਈਨ ਹਾਜ਼ਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਏਐੱਸਆਈ ਅਮਰਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ। ਇਸ ਮਾਮਲੇ ਵਿੱਚ ਥਾਣਾ ਮੁਖੀ ਤੇ ਮੁੱਖ ਮੁਨਸ਼ੀ ਦੀ ਹੋਰ ਭੂਮਿਕਾ ਬਾਰੇ ਜਾਂਚ ਐੱਸਪੀ (ਆਈ) ਜਗਤਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ।
ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ਅਤੇ ਆਪਣੇ ਫੇਸਬੁੱਕ ਖਾਤੇ ’ਤੇ ਵੀਡੀਓ ਵਾਇਰਲ ਕਰਨ ਵਾਲੇ ਸਮਾਜ ਸੇਵੀ ਮਹਿੰਦਰਪਾਲ ਲੂੰਬਾਂ ਨੇ ਦੱਸਿਆ ਕਿ ਉਨ੍ਹਾਂ ਨਿੱਜੀ ਤੌਰ ’ਤੇ ਥਾਣੇ ਦਾ ਦੌਰਾ ਕੀਤਾ ਸੀ ਅਤੇ ਅਣਮਨੁੱਖੀ ਤਰੀਕੇ ਨਾਲ ਤਸੀਹੇ ਦੇਣ ਵਾਲੀ ਪੁਲਿਸ ਦੀ ਕਾਰਵਾਈ ਦੀ ਵੀਡੀਓ ਬਣਾਈ ਸੀ। 25 ਮਾਰਚ ਦੇਰ ਸ਼ਾਮ ਨੂੰ ਮੋਗਾ ਦੀ ਸ਼ਹੀਦ ਭਗਤ ਸਿੰਘ ਮਾਰਕੀਟ ਸਥਿਤ ਕੋਰੀਅਰ ਕੰਪਨੀ ਦੇ ਮੈਨੇਜਰ ਲਵਕਿਰਨ ਸਿੰਘ ਅਤੇ ਸੁਰੱਖਿਆ ਗਾਰਡ ਰਿੰਕੂ ਸਿੰਘ ਦਾ ਕੰਪਨੀ ਦਫ਼ਤਰ ਅੱਗੇ ਕਾਰ ਦੀ ਪਾਰਕਿੰਗ ਨੂੰ ਲੈ ਕੇ ਕੁੱਝ ਰਸੂਖਦਾਰ ਲੋਕਾਂ ਨਾਲ ਮਾਮੂਲੀ ਝਗੜਾ ਹੋ ਗਿਆ ਸੀ। ਇਸ ਮਗਰੋਂ ਏਐੱਸਆਈ ਅਮਰਜੀਤ ਸਿੰਘ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਥਾਣੇ ਲਿਆ ਕੇ ਹਵਾਲਾਤ ਵਿੱਚ ਬੰਦ ਕਰ ਦਿੱਤਾ ਅਤੇ ਉਨ੍ਹਾਂ ਦੀਆਂ ਲੱਤਾਂ ਕਾਠ ਵਿੱਚ ਫਸਾ ਕੇ ਤਸੀਹੇ ਦਿੱਤੇ। ਇਹ ਸਾਰਾ ਕਾਰਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।
ਸਮਾਜ ਸੇਵੀ ਨੇ ਦੱਸਿਆ ਕਿ ਉਸ ਕੋਲ ਵੀਡੀਓ ਵੀ ਹੈ, ਜਿਸ ਵਿੱਚ ਏਐੱਸਆਈ ਨੇ ਗ਼ੈਰਕਾਨੂੰਨੀ ਹਿਰਾਸਤ ਵਿੱਚੋਂ ਛੱਡਣ ਬਦਲੇ 20 ਹਜ਼ਾਰ ਰੁਪਏ ਦੀ ਮੰਗ ਕੀਤੀ ਹੈ। ਪੁਲਿਸ ਦੇ ਵੱਡੇ ਅਧਿਕਾਰੀਆਂ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਇਨ੍ਹਾਂ ਦੋਸ਼ੀ ਪੁਲਿਸ ਮੁਲਾਜ਼ਮਾਂ ‘ਤੇ ਕਾਰਵਾਈ ਕੀਤੀ ਗਈ ਹੈ।