The Khalas Tv Blog Punjab ਸੂਬੇ ਦੇ 27ਵੇਂ ਮੁੱਖ ਮੰਤਰੀ ਚੰਨੀ ਕੁਰਸੀ ‘ਤੇ ਸੁਸ਼ੋਭਿਤ
Punjab

ਸੂਬੇ ਦੇ 27ਵੇਂ ਮੁੱਖ ਮੰਤਰੀ ਚੰਨੀ ਕੁਰਸੀ ‘ਤੇ ਸੁਸ਼ੋਭਿਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ 27ਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਰਾਜਭਵਨ ਵਿਖੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਵੀ ਡਿਪਟੀ ਸੀਐੱਮ ਦੀ ਸਹੁੰ ਚੁੱਕੀ ਹੈ। ਚੰਨੀ ਦੇ ਸਹੁੰ ਚੁੱਕਣ ਤੋਂ ਮਹਿਜ਼ ਅੱਧਾ ਘੰਟਾ ਪਹਿਲਾਂ ਉੱਪ ਮੁੱਖ ਮੰਤਰੀ ਦੇ ਨਾਂਵਾਂ ਵਿੱਚ ਬਦਲਾਅ ਕੀਤਾ ਗਿਆ। ਬ੍ਰਹਮ ਮਹਿੰਦਰਾ ਦੀ ਜਗ੍ਹਾ ਓਮ ਪ੍ਰਕਾਸ਼ ਸੋਨੀ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਰਾਹੁਲ ਗਾਂਧੀ ਵੀ ਸ਼ਾਮਿਲ ਹੋਏ। ਰਾਹੁਲ ਗਾਂਧੀ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਚੰਡੀਗੜ੍ਹ ਪਹੁੰਚੇ।

ਸਮਾਗਮ ਵਿੱਚ ਨਵਜੋਤ ਸਿੰਘ ਸਿੱਧੂ ਵੀ ਸ਼ਾਮਿਲ ਹੋਏ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੰਨੀ ਨੂੰ ਸਹੁੰ ਚੁਕਵਾਈ ਹੈ। ਰਾਣਾ ਗੁਰਮੀਤ ਸੋਢੀ ਨੇ ਜਾਣਕਾਰੀ ਦਿੱਤੀ ਹੈ ਕਿ ਸਹੁੰ ਚੁੱਕ ਸਮਾਗਮ ਤੋਂ ਬਾਅਦ ਚੰਨੀ ਸਿਸਵਾਂ ਫਾਰਮ ਹਾਊਸ ਜਾ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦ ਸਿੰਘ ਦੇ ਨਾਲ ਮੁਲਾਕਾਤ ਕਰਨਗੇ।

ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅੱਜ ਸਵੇਰੇ 7 ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਗੁਰਦੁਆਰਾ ਸਾਹਿਬ ਵਿਖੇ ਚੰਨੀ ਨੂੰ ਸਿਰੋਪਾਓ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ, ਡੀਸੀ ਸੋਨਾਲੀ ਗਿਰੀ, ਐੱਸਐੱਸਪੀ ਵਿਕਾਸਸੀਲ ਸੋਨੀ, ਨਗਰ ਪੰਚਾਇਤ ਦੇ ਪ੍ਰਧਾਨ ਸਮਸ਼ੇਰ ਸਿੰਘ ਸ਼ੇਰਾ ਅਤੇ ਹੋਰ ਸਮਰਥਕ ਮੌਜੂਦ ਸਨ।

Exit mobile version