The Khalas Tv Blog Punjab ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ‘ਤੇ 295-A ਦਾ ਪਰਚਾ ਹੋਇਆ ਦਰਜ
Punjab

ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ‘ਤੇ 295-A ਦਾ ਪਰਚਾ ਹੋਇਆ ਦਰਜ

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਪੁਲਿਸ ਵੱਲੋਂ ਉਸ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਕੁੜੀ ‘ਤੇ 295-A ਦਾ ਪਰਚਾ ਦਰਜ ਕੀਤਾ ਹੈ। ਕੁੜੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਗੁਜਰਾਤ ਦੀ ਰਹਿਣ ਵਾਲੀ ਅਰਚਨਾ ਮਕਵਾਨਾ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਯੋਗ ਕਰਦੇ ਸਮੇਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀਆਂ ਸਨ। ਇਸ ਤੋਂ ਬਾਅਦ ਇਹ ਤਸਵੀਰਾਂ ਵਾਇਰਲ ਹੋ ਗਈਆਂ। ਇਸ ਗੱਲ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਖ਼ਤ ਇਤਰਾਜ਼ ਪ੍ਰਗਟਾਇਆ।

ਐਸਜੀਪੀਸੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਡਿਊਟੀ ਕਰਨ ਵਾਲੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਰਚਨਾ ਮਕਵਾਣਾ ਖਿਲਾਫ ਕਾਰਵਾਈ ਲਈ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ। ਹਾਲਾਂਕਿ ਲੋਕਾਂ ਦੀ ਨਾਰਾਜ਼ਗੀ ਦਾ ਪਤਾ ਲੱਗਣ ਤੋਂ ਬਾਅਦ ਅਰਚਨਾ ਨੇ ਮੁਆਫੀ ਮੰਗ ਲਈ ਹੈ ਪਰ ਫਿਰ ਵੀ ਉਨ੍ਹਾਂ ਖਿਲਾਫ FIR ਦਰਜ ਕੀਤੀ ਗਈ ਹੈ।

FIR ਵਿੱਚ ਭਗਵੰਤ ਸਿੰਘ ਨੇ ਲਿਖਵਾਇਆ ਹੈ ਕਿ 22 ਜੂਨ 2024 ਨੂੰ ਅਸੀਂ ਆਪਣੀ ਡਿਊਟੀ ‘ਤੇ ਮੌਜੂਦ ਸੀ ਕਿ ਯੂਟਿਊਬ ਅਤੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਵਾਇਰਲ ਕੀਤੀ ਗਈ। ਇਸ ਵਿੱਚ ਅਰਚਨਾ ਮਕਵਾਨਾ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਦੇ ਨੇੜੇ ਇੱਕ ਥਾਂ ’ਤੇ ਯੋਗ ਕਰਦੀ ਦੀ ਫੋਟੋ ਖਿੱਚੀ ਅਤੇ ਜਾਣਬੁੱਝ ਕੇ ਵਾਇਰਲ ਕਰ ਰਹੀ ਹੈ। ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।

ਕੀ ਹੈ ਮਾਮਲਾ

ਯੋਗਾ ਡੇ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਯੋਗਾ ਕੀਤਾ ਸੀ ਤੇ ਸੋਸ਼ਲ ਮੀਡੀਆ ਅਕਾਊਂਟ ਉਤੇ ਫੋਟੋਆਂ ਸ਼ੇਅਰ ਕੀਤੀਆਂ ਸੀ ਜਿਸ ਤੋਂ ਬਾਅਦ ਮਾਮਲਾ ਚਰਚਾ ਵਿਚ ਆਇਆ ਸੀ ਤੇ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ।

ਸੋਸ਼ਲ ਮੀਡੀਆ ਇਨਫਲੁਐਂਸਰ ਅਰਚਨਾ ਕਮਵਾਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਯੋਗਾ ਕਰਦੇ ਹੋਏ ਤਸਵੀਰਾਂ ਸ਼ੇਅਰ ਕੀਤੀਆਂ ਸਨ। ਅਰਚਨਾ ਨੂੰ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਇਹ ਯੋਗਾ ਕਰਦੇ ਦੇਖਿਆ ਗਿਆ। ਇਕ ਤਸਵੀਰ ‘ਚ ਉਹ ਮੈਡੀਟੇਸ਼ਨ ਪੋਸਚਰ ‘ਚ ਨਜ਼ਰ ਆ ਰਹੀ ਹੈ, ਜਦਕਿ ਦੂਜੀ ਤਸਵੀਰ ‘ਚ ਉਹ ਸ਼ੀਰਸ਼ਾਸਨ ਕਰਦੀ ਨਜ਼ਰ ਆ ਰਹੀ ਹੈ। ਹਾਲਾਂਕਿ ਕੁੜੀ ਵੱਲੋਂ ਮਾਫੀ ਵੀ ਮੰਗੀ ਸੀ ਪਰ ਇਸ ਦੇ ਬਾਵਜੂਦ ਸ਼ਿਕਾਇਤ ਦੇ ਆਧਾਰ ਉਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਪਰਚਾ ਦਰਜ ਕੀਤਾ ਹੈ।

ਲੜਕੀ ਨੇ ਮੰਗੀ ਮੁਆਫੀ 

SGPC ਵੱਲੋਂ ਕਾਰਵਾਈ ਕੀਤੇ ਜਾਣ ਤੋਂ ਬਾਅਦ ਅਰਚਨਾ ਮਕਵਾਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਟੋਰੀ ਪੋਸਟ ਕਰਕੇ ਮੁਆਫੀ ਮੰਗੀ ਹੈ। ਅਰਚਨਾ ਨੇ ਕਿਹਾ ਕਿ ਉਸ ਨੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਪੋਸਟ ਨਹੀਂ ਕੀਤੀ ਸੀ। ਉਸ ਨੂੰ ਪਤਾ ਨਹੀਂ ਸੀ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਯੋਗਾ ਕਰਨਾ ਗਲਤ ਹੈ। ਉਹ ਸਿਰਫ ਸਨਮਾਨ ਦੇ ਰਹੀ ਸੀ, ਕਿਸੇ ਨੂੰ ਦੁਖੀ ਨਹੀਂ ਕਰਨਾ ਚਾਹੁੰਦੀ ਸੀ। ਅਰਚਨਾ ਨੇ ਕਿਹਾ, ‘ਮੈਂ ਇਸ ਗਲਤੀ ਲਈ ਮੁਆਫੀ ਮੰਗਦੀ ਹਾਂ। ਮੈਂ ਵਾਅਦਾ ਕਰਦੀ ਹਾਂ ਕਿ ਮੈਂ ਭਵਿੱਖ ਵਿੱਚ ਅਜਿਹਾ ਕਦੇ ਨਹੀਂ ਕਰਾਂਗੀ। ਮੇਰੀ ਮਾਫੀ ਪ੍ਰਵਾਨ ਕੀਤੀ ਜਾਵੇ।

 

Exit mobile version