ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਹੈ। ਵਾਰ-ਵਾਰ ਮੀਟਿੰਗਾਂ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ, ਜਿਸ ਕਾਰਨ ਸੂਬੇ ਦੀਆਂ 3000 ਬੱਸਾਂ ਦਾ ਸੰਚਾਲਨ ਪ੍ਰਭਾਵਿਤ ਹੋਇਆ ਹੈ ਅਤੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਕਿਲੋਮੀਟਰ ਸਕੀਮ ਨੂੰ ਬੰਦ ਕਰਨਾ ਅਤੇ ਅਸਥਾਈ ਕਰਮਚਾਰੀਆਂ ਨੂੰ ਸਥਾਈ ਕਰਨਾ ਸ਼ਾਮਲ ਹੈ। 7 ਅਗਸਤ ਤੋਂ ਸ਼ੁਰੂ ਹੋਏ ਇਸ ਮਾਮਲੇ ਵਿੱਚ ਯੂਨੀਅਨ ਨੇ ਸੂਬੇ ਭਰ ਵਿੱਚ ਦੋ ਘੰਟੇ ਦੀ ਹੜਤਾਲ ਕੀਤੀ ਸੀ। 13 ਅਤੇ 15 ਅਗਸਤ ਨੂੰ ਟਰਾਂਸਪੋਰਟ ਵਿਭਾਗ ਨਾਲ ਮੀਟਿੰਗਾਂ ਹੋਈਆਂ, ਪਰ ਬੇਸਿੱਟਾ ਰਹੀਆਂ।
ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਅਣਮਿੱਥੇ ਸਮੇਂ ਦੀ ਹੜਤਾਲ ਜਾਰੀ ਰਹੇਗੀ, ਜਿਸ ਕਾਰਨ ਸੂਬੇ ਵਿੱਚ ਬੱਸ ਸੇਵਾਵਾਂ ਪੂਰੀ ਤਰ੍ਹਾਂ ਠੱਪ ਹਨ।