‘ਦ ਖ਼ਾਲਸ ਬਿਊਰੋ : ਜ਼ਬਰ-ਜ਼ੁਲਮ ਵਿਰੁੱਧ ਨਿਧੜਕ ਹੋ ਆਵਾਜ਼ ਬੁਲੰਦ ਕਰਨ ਵਾਲੇ, ਔਖੇ ਸਮਿਆਂ ‘ਚ ਪੰਥ ਦੀਆਂ ਫੌਜਾਂ ਦੀ ਅਗਵਾਈ ਕਰਦੇ ਹੋਏ ਮਜ਼ਲੂਮਾਂ ਦੀ ਰੱਖਿਆ ਕਰਨ ਵਾਲੇ, ਰਾਮਗੜ੍ਹੀਆ ਮਿਸਲ ਦੇ ਬਹਾਦਰ ਯੋਧੇ ਤੇ ਸੂਰਬੀਰ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਅੱਜ 300 ਸਾਲਾ ਜਨਮ ਦਿਹਾੜਾ ਹੈ। ‘ਦ ਖ਼ਾਲਸ ਟੀਵੀ ਵੱਲੋਂ ਆਪ ਸਭ ਨੂੰ ਕੋਟਾਨ ਕੋਟਿ ਮੁਬਾਰਕਾਂ। ਅੱਜ ਦੇ ਇਸ ਖ਼ਾਸ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।
ਅੱਜ ਸਵੇਰੇ ਇਤਿਹਾਸਕ ਬੁੰਗਾ ਰਾਮਗੜੀਆ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਮਗਰੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਮੌਕੇ ਪੰਥ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰ ਰਹੇ ਹਨ, ਕਥਾਵਾਚਕ, ਕਵੀਸ਼ਰ ਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਨਾਲ ਇਤਿਹਾਸ ਸਾਂਝਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਵੱਖ-ਵੱਖ ਸੰਪ੍ਰਦਾਵਾਂ ਦੇ ਮੁਖੀ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਿਰਕਤ ਕਰਨਗੀਆਂ।
ਇਸ ਮੌਕੇ ਸ਼੍ਰੀ ਦਰਬਾਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ। ਗਿਆਨੀ ਜਗਤਾਰ ਸਿੰਘ ਨੇ ਸੰਗਤ ਨੂੰ ਅੱਜ ਦੇ ਪ੍ਰੋਗਰਾਮ ਦੀ ਜਾਣਕਾਰੀ ਵੀ ਦਿੱਤੀ ਅਤੇ ਸਰਦਾਰ ਜੱਸਾ ਸਿੰਘ ਰਾਮਗੜੀਆ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ।
ਜੱਸਾ ਸਿੰਘ ਰਾਮਗੜ੍ਹੀਆ ਜੀ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਸ਼ੁਰੂ ਹੋਏ ਖ਼ਾਲਸਾ ਫ਼ਤਿਹ ਮਾਰਚ ਦੀ ਵੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨਤਾ ਹੋਈ ਹੈ।
ਖਾਲਸਾ ਫਤਿਹ ਮਾਰਚ ਦਾ ਅੰਮ੍ਰਿਤਸਰ ਪਹੁੰਚਣ ’ਤੇ ਵੱਖ-ਵੱਖ ਥਾਵਾਂ ’ਤੇ ਸੰਗਤ ਨੇ ਸਵਾਗਤ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਭਾਈ ਗੁਰਦਾਸ ਹਾਲ ਨੇੜੇ ਸਵਾਗਤ ਦਾ ਪ੍ਰਬੰਧ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਨਗਰ ਕੀਰਤਨ ਦੇ ਪਹੁੰਚਣ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਪ੍ਰਗਟਾਈ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦਿੱਤੇ। ਸੰਗਤਾਂ ਵੱਲੋਂ ਰਸਤੇ ਵਿਚ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਸਨ। ਖਾਲਸਾ ਫਤਿਹ ਮਾਰਚ 16 ਅਪ੍ਰੈਲ ਨੂੰ ਦਿੱਲੀ ਤੋਂ ਸ਼ੁਰੂ ਹੋਇਆ ਸੀ, ਜੋ ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਅੰਮ੍ਰਿਤਸਰ ਵਿਖੇ ਪਹੁੰਚਿਆ।