‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਕਾਰਵਾਈ ਤੋਂ ਢਿੱਲਮੱਠ ਕਰਨ ਕਰਕੇ ਸਿੱਖ ਸੰਗਤਾਂ ਅੰਦਰ ਰੋਸ ਵਧਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਰੋਧੀਆਂ ਨੇ ਇਸ ਸਭ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਕੱਲ੍ਹ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਵੱਲੋਂ ਕਰਵਾਏ ਗਏ ਪਸ਼ਚਾਤਾਪ ਸਮਾਗਮ ’ਚ ਬਾਦਲਾਂ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ। ਇਹ ਪਸ਼ਚਾਤਾਪ ਸਮਾਗਮ ਲਾਪਤਾ 328 ਪਾਵਨ ਸਰੂਪਾਂ ਦੇ ਸਬੰਧ ਵਿੱਚ ਹੀ ਕਰਵਾਇਆ ਗਿਆ ਸੀ। ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਿੱਖ ਸੰਗਤ ਨੂੰ ਸੱਦਾ ਦਿੱਤਾ ਹੈ ਕਿ ਸਿੱਖ ਸੰਸਥਾਵਾਂ ਦੀ ਆਜ਼ਾਦੀ ਵਾਸਤੇ ਸੱਤਾ ਵਿੱਚ ਬਦਲਾਅ ਲਿਆਉਣ ਲਈ ਬਾਦਲਕਿਆਂ ਦਾ ਬਾਈਕਾਟ ਕੀਤਾ ਜਾਵੇ।
ਢੀਂਡਸਾ ਨੇ ਇਹ ਐਲਾਨ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਬੀਤੇ ਦਿਨ ਇਸ ਸਬੰਧੀ ਦਿੱਤੇ ਗਏ ਸੱਦੇ ਦੀ ਹਮਾਇਤ ਵਿੱਚ ਕੀਤਾ ਹੈ। ਭਾਈ ਰਣਜੀਤ ਸਿੰਘ ਨੇ ਬੀਤੇ ਦਿਨ 328 ਸਰੂਪਾਂ ਦੇ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਪ੍ਰਵੇਸ਼ ਦੁਆਰ ਪਲਾਜ਼ਾ ਵਿੱਚ ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਸਿੱਖ ਸੰਗਤ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਧਿਕਾਰੀਆਂ ਕੋਲੋਂ ਲਾਪਤਾ ਪਾਵਨ ਸਰੂਪਾਂ ਬਾਰੇ ਜਵਾਬ ਮੰਗਿਆ ਜਾ ਰਿਹਾ ਹੈ ਅਤੇ ਉਹ ਇਸ ਸਬੰਧੀ ਜਵਾਬ ਮੰਗਣ ਵਾਲਿਆਂ ਦੀ ਮਾਰ-ਕੁੱਟ ਕਰ ਰਹੇ ਹਨ। ਇਸ ਸਬੰਧ ਵਿੱਚ ਸੰਗਤ ਨੂੰ ਕੋਈ ਜਵਾਬ ਨਹੀਂ ਦਿੱਤਾ ਜਾ ਰਿਹਾ ਪਰ ਉਨ੍ਹਾਂ ਨੂੰ ਇਸਦਾ ਹਿਸਾਬ ਸੰਗਤ ਨੂੰ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਹੁਣ ਅਜਿਹਾ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਕਮੇਟੀ ਦੀ ਸੱਤਾ ਤਬਦੀਲ ਹੋਣ ਮਗਰੋਂ ਇਹ ਹਿਸਾਬ ਲਿਆ ਜਾਵੇਗਾ।
ਉਨ੍ਹਾਂ ਖੁਲਾਸਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਹੋਰ ਪੰਥਕ ਪਾਰਟੀਆਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਸਮੂਹ ਪਾਰਟੀਆਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਸੰਵਿਧਾਨ ਮੁਤਾਬਕ ਸ਼੍ਰੋਮਣੀ ਕਮੇਟੀ ਦੀ ਚੋਣ ਲੜਨ ਵਾਲਾ ਕੋਈ ਵੀ ਉਮੀਦਵਾਰ ਪਾਰਟੀ ਵਿੱਚ ਸਿਆਸੀ ਅਹੁਦਾ ਨਹੀਂ ਲੈ ਸਕੇਗਾ।