Punjab

ਪੰਜਾਬ ਪੁਲਿਸ ’ਚ ਵੱਡੀ ਹਲਚਲ! 4000 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ

Punjab Police

ਪਟਿਆਲਾ ਰੇਂਜ ਤੋਂ ਬਾਅਦ ਹੁਣ ਫਰੀਦਕੋਟ ਅਤੇ ਬਠਿੰਡਾ ਰੇਂਜ ਵਿੱਚ ਵੀ ਕਰੀਬ ਚਾਰ ਹਜ਼ਾਰ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਹ ਸਾਰੇ ਤਬਾਦਲੇ ਲੋਕ ਸਭਾ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਕੀਤੇ ਗਏ ਹਨ। ਇਸ ਪਿੱਛੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਸੋਚ ਹੈ। ਇਹ ਗੱਲ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ‘ਚ ਕਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਮੁਲਾਜ਼ਮਾਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਿਆਂ ਦਾ ਖ਼ਾਤਮਾ ਕੀਤਾ ਜਾ ਸਕੇ |

ਦੱਸ ਦੇਈਏ ਸਰਹੱਦੀ ਜ਼ਿਲ੍ਹਾ ਤਰਨ ਤਾਰਨ ਪੁਲਿਸ ਵਿਭਾਗ ਵਿੱਚ ਵੀ 450 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਸਬ-ਇੰਸਪੈਕਟਰ, ਏਐੱਸਆਈ, ਹੈੱਡ ਕਾਂਸਟੇਬਲ, ਕਾਂਸਟੇਬਲ ਅਤੇ ਹੋਮ ਗਾਰਡ ਦੇ ਜਵਾਨ ਸ਼ਾਮਲ ਹਨ। ਇਨ੍ਹਾਂ ਵਿੱਚੋਂ 100 ਦੇ ਕਰੀਬ ਪੁਲੀਸ ਮੁਲਾਜ਼ਮਾਂ ਨੂੰ ਹੋਰ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਵਿੱਚ 40 ਗੈਰ-ਗਜ਼ਟਿਡ ਅਧਿਕਾਰੀ ਵੀ ਸ਼ਾਮਲ ਹਨ।

ਇਸ ਸਮੇਂ ਦੌਰਾਨ ਬਠਿੰਡਾ ਰੇਂਜ ਤੋਂ 1950 ਅਤੇ ਫਰੀਦਕੋਟ ਰੇਂਜ ਤੋਂ 2000 ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ। ਸਿਰਫ਼ ਉਨ੍ਹਾਂ ਮੁਲਾਜ਼ਮਾਂ ਦੇ ਹੀ ਤਬਾਦਲੇ ਕੀਤੇ ਗਏ ਹਨ ਜੋ ਲੰਬੇ ਸਮੇਂ ਤੋਂ ਇੱਕ ਥਾਂ ’ਤੇ ਟਿਕੇ ਹੋਏ ਸਨ। ਇਹ ਸਾਰੀ ਪ੍ਰਕਿਰਿਆ ਅੱਜ ਸ਼ਾਮ ਤੱਕ ਮੁਕੰਮਲ ਕਰ ਲਈ ਜਾਵੇਗੀ।

ਸੀਨੀਅਰ ਪੁਲੀਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਨਾਲ ਵਿਭਾਗ ਦੇ ਕੰਮ ਵਿੱਚ ਤੇਜ਼ੀ ਆਵੇਗੀ। ਇੱਕ ਨਵਾਂ ‘ਵਰਕ ਕਲਚਰ’ ਪੈਦਾ ਹੋਵੇਗਾ। ਇਸ ਦੇ ਨਾਲ ਹੀ ਕਾਂਸਟੇਬਲ ਤੋਂ ਇੰਸਪੈਕਟਰ ਤੱਕ ਦੇ ਤਬਾਦਲੇ ਕੀਤੇ ਗਏ ਹਨ।

ਯਾਦ ਰਹੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੀ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਮੁਲਾਜ਼ਮਾਂ ਦੇ ਤਬਾਦਲਿਆਂ ਦੀ ਸਿਫ਼ਾਰਸ਼ ਕੀਤੀ ਸੀ। ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਥਾਣਿਆਂ ਵਿੱਚ ਤਾਇਨਾਤ ਮੁਲਾਜ਼ਮਾਂ ਦਾ ਕੁਝ ਸਮੇਂ ਬਾਅਦ ਤਬਾਦਲਾ ਕਰ ਦਿੱਤਾ ਜਾਵੇ। ਕਿਉਂਕਿ ਸੀਨੀਅਰ ਅਫਸਰਾਂ ਦੇ ਤਬਾਦਲੇ ਹੁੰਦੇ ਰਹਿੰਦੇ ਹਨ, ਜਦੋਂ ਕਿ ਜੂਨੀਅਰ ਕਰਮਚਾਰੀ ਲੰਬੇ ਸਮੇਂ ਤੱਕ ਇੱਕ ਹੀ ਥਾਂ ’ਤੇ ਟਿਕੇ ਰਹਿੰਦੇ ਹਨ। ਇਸ ਕਾਰਨ ਭ੍ਰਿਸ਼ਟਾਚਾਰ ਅਤੇ ਹੋਰ ਮਾਮਲੇ ਸਾਹਮਣੇ ਆਉਂਦੇ ਹਨ। ਅਜਿਹੇ ‘ਚ ਪਹਿਲ ਦੇ ਆਧਾਰ ‘ਤੇ ਇਸ ਦਿਸ਼ਾ ‘ਚ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਸਬੰਧਿਤ ਖ਼ਬਰ – ਤਰਨ ਤਾਰਨ ’ਚ 450 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ, 100 ਨੂੰ ਜ਼ਿਲ੍ਹੇ ਤੋਂ ਬਾਹਰ ਭੇਜਿਆ