‘ਦ ਖ਼ਾਲਸ ਬਿਊਰੋ:- ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਅਗਲੀ ਲੜੀ ਤਹਿਤ ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ 30 ਜੂਨ ਤੋਂ ਬਾਅਦ ਸੂਬੇ ਵਿੱਚ ਲੌਕਡਾਊਨ ਦਾ ਫ਼ੈਸਲਾ ਸਥਿਤੀ ’ਤੇ ਨਿਰਭਰ ਹੋਵੇਗਾ ਅਤੇ ਕੋਵਿਡ ਦਾ ਫੈਲਾਅ ਰੋਕਣ ਵਿੱਚ ਜੋ ਵੀ ਕਦਮ ਚੁੱਕਣ ਦੀ ਲੋੜ ਹੋਈ, ਉਹ ਉਸ ਲਈ ਪੂਰੀ ਤਰ੍ਹਾਂ ਤਿਆਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਭਰ ਵਿੱਚ ਕਰੋਨਾਵਾਇਰਸ ਦੇ ਕੇਸ ਵਧਣ ਕਰ ਕੇ ਜਨਤਕ ਤੌਰ ’ਤੇ ਮਾਸਕ ਪਹਿਨਣ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਇਕੱਲੇ ਸ਼ੁੱਕਰਵਾਰ ਨੂੰ ਮਾਸਕ ਨਾ ਪਹਿਨਣ ’ਤੇ 4,024 ਲੋਕਾਂ ਦਾ ਚਲਾਨ ਕੀਤਾ ਗਿਆ ਅਤੇ 45 ਲੋਕਾਂ ਦਾ ਜਨਤਕ ਤੌਰ ’ਤੇ ਥੁੱਕਣ ਕਰ ਕੇ ਚਲਾਨ ਕੀਤਾ ਗਿਆ।
ਕੈਪਟਨ ਨੇ ਦੱਸਿਆ ਕਿ ਸੂਬਾ ਸਰਕਾਰ ਕੋਰੋਨਾ ਟੈਸਟਿੰਗ ਸਮਰੱਥਾ ਲਗਾਤਾਰ ਵਧਾ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮਹੀਨੇ ਦੇ ਅਖ਼ੀਰ ਤੱਕ ਪੰਜਾਬ ਵਿੱਚ ਟੈਸਟਿੰਗ ਦੀ ਪ੍ਰਤੀ ਦਿਨ ਸਮਰੱਥਾ 20 ਹਜ਼ਾਰ ਹੋ ਜਾਵੇਗੀ। ਕੈਬਨਿਟ ਨੇ ਹਾਲ ਹੀ ਵਿੱਚ ਚਾਰ ਹੋਰ ਟੈਸਟਿੰਗ ਲੈਬਾਰਟਰੀਆਂ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਅਗਲੇ ਕੁਝ ਦਿਨਾਂ ਵਿੱਚ ਦੋ-ਗੁਣਾ ਟੈਸਟਿੰਗ ਵਧ ਜਾਵੇਗੀ।
ਐੱਸ.ਐੱਸ.ਬੀ. ਵੱਲੋਂ ਪਟਵਾਰੀ ਦੀਆਂ 1190 ਅਸਾਮੀਆਂ ਦੀ ਭਰਤੀ ਸਬੰਧੀ ਮੁੱਖ ਮੰਤਰੀ ਨੇ ਅੰਮ੍ਰਿਤਸਰ ਵਾਸੀ ਦੀਆਂ ਚਿੰਤਾਵਾਂ ਦੂਰ ਕਰਨ ਲਈ ਇੰਟਰਵਿਊ ਜਲਦੀ ਕਰਵਾਏ ਜਾਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਜਨਰਲ ਸ਼੍ਰੇਣੀ ਲਈ ਡੀ.ਐੱਸ.ਪੀਜ਼ ਅਤੇ ਸਬ-ਇੰਸਪੈਕਟਰ ਦੀ ਭਰਤੀ ਲਈ ਉੱਚ ਉਮਰ ਹੱਦ 28 ਤੋਂ ਵਧਾ ਕੇ 32 ਸਾਲ ਕਰਨ ਦੇ ਮੁੱਦੇ ਨੂੰ ਮੰਤਰੀ ਮੰਡਲ ਕੋਲ ਉਠਾਉਣ ਸਬੰਧੀ ਸਹਿਮਤ ਦਿੱਤੀ।
ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਕੋਲੋਂ ਵੱਧ ਫੀਸ ਵਸੂਲੇ ਜਾਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੀਆਂ ਕੀਮਤਾਂ ਤੈਅ ਕਰਨ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਐਸੋਸੀਏਸ਼ਨਾਂ ਦੇ ਮੈਂਬਰ ਇਸ ਮੁੱਦੇ ’ਤੇ ਉਨ੍ਹਾਂ ਨਾਲ ਮਿਲ ਕੇ ਵਿਚਾਰ-ਵਟਾਂਦਰਾ ਕਰਨਾ ਚਾਹੁੰਦੀਆਂ ਹਨ। ਉਹ ਨਿਸ਼ਚਿਤ ਤੌਰ ’ਤੇ ਇਸ ਔਖੇ ਸਮੇਂ ਲੋਕਾਂ ਦੀ ਜ਼ਿੰਦਗੀ ਅਤੇ ਸਿਹਤ ਉਤੇ ਮੁਨਾਫਾ ਕਮਾਉਣ ਦੀ ਆਗਿਆ ਨਹੀਂ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਦੇ ਮਰੀਜ਼ਾਂ ਦਾ ਸਾਰਾ ਇਲਾਜ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਲੈਣ ਜਾਂ ਰੱਦ ਕਰਨ ਬਾਰੇ ਕਿਹਾ ਕਿ ਉਪ-ਕੁਲਪਤੀ ਸਿੱਖਿਆ ਵਿਭਾਗ ਨਾਲ ਮੀਟਿੰਗ ਕਰਨਗੇ ਅਤੇ ਇਸ ਮਾਮਲੇ ਵਿੱਚ ਯੂਜੀਸੀ ਤੋਂ ਦਿਸ਼ਾ-ਨਿਰਦੇਸ਼ ਲੈਣਗੇ। ਉਸ ਅਨੁਸਾਰ ਅੰਤਿਮ ਫ਼ੈਸਲਾ ਦੋ ਦਿਨਾਂ ਦੇ ਅੰਦਰ ਕੀਤਾ ਜਾਵੇਗਾ।
ਜਿੰਮ ਖੋਲ੍ਹਣ ਦੀ ਅਪੀਲ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਕੇਂਦਰ ਸਰਕਾਰ ਦੇ ਹੱਥ ਵਿੱਚ ਹੈ ਕਿਉਂਕਿ ਕੌਮੀ ਆਫ਼ਤ ਪ੍ਰਬੰਧਨ ਐਕਟ ਲੱਗਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁੱਦੇ ਉਤੇ ਅੱਜ ਤੱਕ 1700 ਸਵਾਲ ਆਏ ਹਨ। ਜਿੰਮ ਵਿੱਚ ਵਾਇਰਸ ਦੇ ਅੱਗੇ ਵਧਣ ਦੀ ਜ਼ਿਆਦਾ ਸੰਭਾਵਨਾ ਹੁੰਦੀ ਹੈ।
ਬੱਸਾਂ ’ਤੇ 50 ਫ਼ੀਸਦੀ ਸਵਾਰੀਆਂ ਲਿਜਾਣ ਦੀ ਰੋਕ ਹਟਾਈ
ਮੁੱਖ ਮੰਤਰੀ ਨੇ ਬੱਸਾਂ ਵਿੱਚ ਸਵਾਰੀਆਂ ਲਿਜਾਣ ਦੀ ਸਮਰੱਥਾ ’ਤੇ ਲਾਈ ਰੋਕ ਹਟਾਉਣ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਬੱਸਾਂ ਵਿੱਚ ਸਫ਼ਰ ਦੌਰਾਨ ਹਰੇਕ ਸਵਾਰੀ ਨੂੰ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।
ਮਿਨੀ ਬੱਸ ਪਰਮਿਟਾਂ ਲਈ ਅਪਲਾਈ ਕਰਨ ਦੀ ਤਰੀਕ ’ਚ ਵਾਧਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਮਿੰਨੀ ਬੱਸ ਪਰਮਿਟਾਂ ਲਈ ਅਪਲਾਈ ਕਰਨ ਦੀ ਆਖਰੀ ਤਰੀਕ ਵਧਾ ਕੇ 15 ਜੁਲਾਈ ਕਰ ਦਿੱਤੀ ਹੈ। ਸੂਬਾ ਸਰਕਾਰ ਵੱਲੋਂ 1400 ਤੋਂ ਵੱਧ ਪੇਂਡੂ ਰੂਟਾਂ ਨੂੰ ਕਵਰ ਕਰਨ ਲਈ ਪਰਮਿਟ ਦੇਣ ਵਾਸਤੇ ਅਰਜ਼ੀਆਂ ਮੰਗੀਆਂ ਗਈਆਂ ਹਨ।
ਅਕਾਲੀ ਦਲ ਆਪਣੀਆਂ ਸਿਆਸੀ ਮਜਬੂਰੀਆਂ ਪਾਸੇ ਰੱਖੇ: ਕੈਪਟਨ
ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਸੈਕਟਰ ਦੇ ਆਰਡੀਨੈਂਸਾਂ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਰਾਜਸੀ ਮਜਬੂਰੀਆਂ ਨੂੰ ਪਾਸੇ ਰੱਖ ਕੇ ਸੂਬੇ ਦੇ ਕਿਸਾਨਾਂ ਦੇ ਵਡੇਰੇ ਹਿੱਤਾਂ ਲਈ ਆਪਣੀ ਅੰਤਰ ਆਤਮਾ ਦੀ ਆਵਾਜ਼ ਸੁਣਨ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਇਨ੍ਹਾਂ ਆਰਡੀਨੈਂਸਾਂ ਦੇ ਗੰਭੀਰ ਪ੍ਰਭਾਵਾਂ ਨੂੰ ਨਹੀਂ ਸਮਝ ਰਿਹਾ ਅਤੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਰਾਜਸੀ ਹਿੱਤਾਂ ਨੂੰ ਪਹਿਲ ਦੇ ਰਿਹਾ ਹੈ। ਭਾਵੇਂ ਆਰਡੀਨੈਂਸਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਵਿਵਸਥਾ ਦਾ ਵਿਸ਼ੇਸ਼ ਰੂਪ ਵਿੱਚ ਜ਼ਿਕਰ ਨਾ ਵੀ ਹੋਵੇ ਤਾਂ ਵੀ ਇਹ ਸਪੱਸ਼ਟ ਹੈ ਕਿ ਇਸ ਨਾਲ ਵਿਵਸਥਾ ਦੇ ਖ਼ਾਤਮੇ ਦਾ ਮੁੱਢ ਬੱਝੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਕਾਲੀ ਦਲ ਨੇ ਆਪਣੇ ਰਾਜਸੀ ਹਿੱਤਾਂ ਨੂੰ ਇਸੇ ਤਰ੍ਹਾਂ ਅੱਗੇ ਰੱਖੀ ਰੱਖਿਆ ਤਾਂ ਇਹ ਪੰਜਾਬ ਦਾ ਵਿਨਾਸ਼ ਕਰ ਦੇਵੇਗਾ।