Punjab

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਪੰਥਕ ਧਿਰਾਂ ਹੋਈਆਂ ਇੱਕਜੁੱਟ, ਬਾਦਲਾਂ ਨੂੰ ਲਾਂਭੇ ਕਰਨ ਦਾ ਲਿਆ ਅਹਿਦ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਲਗਾਤਾਰ ਮਾਹੌਲ ਭਖਦਾ ਜਾ ਰਿਹਾ ਹੈ। ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਪੰਥਕ ਧਿਰਾਂ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਪੱਬਾਂ ਭਾਰ ਹੋ ਚੁੱਕੀਆਂ ਹਨ। ਇਸਦੇ ਮੱਦੇਨਜ਼ਰ ਕਈ ਪੰਥਕ ਧਿਰਾਂ ਆਪਸ ਵਿੱਚ ਇੱਕਜੁੱਟ ਵੀ ਹੋ ਰਹੀਆਂ ਹਨ।

 

ਹੁਣ ਪੰਜ ਪੰਥਕ ਧਿਰਾਂ ਨੇ ਏਕਾ ਕਰਕੇ ਆਉਣ ਵਾਲੀਆਂ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੈਦਾਨ ਵਿੱਚ ਉੱਤਰਨ ਦਾ ਫੈਸਲਾ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਭਾਈ ਰਣਜੀਤ ਸਿੰਘ, ਸੰਤ ਸਮਾਜ ਦੇ ਮੁਖੀ ਬਾਬਾ ਸਰਬਜੋਤ ਸਿੰਘ ਬੇਦੀ, ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਇਕੱਠੇ ਹੋ ਕੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ।

ਇਹਨਾਂ ਧਿਰਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ’ਤੇ ਆਪਣੀ ਅਜ਼ਾਰੇਦਾਰੀ ਕਾਇਮ ਕਰਕੇ ਬੈਠੇ ਬਾਦਲਾਂ ਨੂੰ ਸਿੱਖਾਂ ਦੀ ਇਸ ਸਿਰਮੌਰ ਸੰਸਥਾ ਤੋਂ ਲਾਂਭੇ ਕਰਨ ਲਈ ਅਸੀਂ ਇੱਕਜੁੱਟ ਹੋ ਰਹੇ ਹਾਂ। ਉਹਨਾਂ ਕਿਹਾ ਕਿ ਸਾਰੇ ਸ਼੍ਰੋਮਣੀ ਕਮੇਟੀ ਹਲਕਿਆਂ ਤੋਂ ਉਹੀ ਉਮੀਦਵਾਰ ਖੜ੍ਹੇ ਕੀਤੇ ਜਾਣਗੇ, ਜਿਹੜੇ ਨਿਰੋਲ ਪੰਥਕ ਤੇ ਅੰਮ੍ਰਿਤਧਾਰੀ ਹੋਣਗੇ। ਇਨ੍ਹਾਂ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਖੁਦ ਨਹੀਂ ਲੜਨਗੇ। ਜਿਹੜੇ ਆਗੂ ਨੂੰ ਸ਼੍ਰੋਮਣੀ ਕਮੇਟੀ ਦੀ ਚੋਣ ਲੜਾਈ ਜਾਵੇਗੀ, ਉਸ ਨੂੰ ਪੰਜਾਬ ਵਿਧਾਨ ਸਭਾ ਦੀ ਚੋਣ ਨਹੀਂ ਲੜਾਈ ਜਾਵੇਗੀ।

 

ਸੁਖਦੇਵ ਸਿੰਘ ਢੀਂਡਸਾ ਨੇ ਆਖਿਆ ਕਿ ਬਾਦਲ ਵਿਰੋਧੀ ਪੰਥਕ ਧਿਰਾਂ ਨਾਲ ਤਾਲਮੇਲ ਕਰਨ ਅਤੇ ਅਗਲਾ ਏਜੰਡਾ ਤੈਅ ਕਰਨ ਲਈ ਜਲਦੀ ਹੀ ਪ੍ਰੋਗਰਾਮ ਉਲੀਕਿਆ ਜਾਵੇਗਾ। ਪੰਥਕ ਅਕਾਲੀ ਲਹਿਰ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ ਅਤੇ ਭਾਈ ਰਣਜੀਤ ਸਿੰਘ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵਿਉਂਤਬੰਦੀ ਕਰਨ ਲਈ ਸਾਰੇ ਪ੍ਰੋਗਰਾਮ ਦੀ ਅਗਵਾਈ ਕਰਨਗੇ। ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਈਆਂ ਜਾਣ। ਇਸ ਮੌਕੇ ਟਕਸਾਲੀ ਅਕਾਲੀ ਦਲ ਦੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ, ਸਾਬਕਾ ਵਿਧਾਇਕ ਅਰਵਿੰਦਰ ਸਿੰਘ ਬ੍ਰਹਮਪੁਰਾ, ਮਹਿੰਦਰ ਸਿੰਘ ਬਿਨਾਕਾ, ਜਸਵਿੰਦਰ ਸਿੰਘ ਤੇ ਐਡਵੋਕੇਟ ਬਲਵੀਰ ਸਿੰਘ ਖਹਿਰਾ ਵੀ ਹਾਜ਼ਰ ਸਨ।