Punjab

ਪੰਜਾਬ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੋਣਗੇ ਵੱਡੇ ਜੁਰਮਾਨੇ,ਕੈਪਟਨ ਦਾ ਸਖ਼ਤ ਐਲਾਨ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 23 ਜੁਲਾਈ ਨੂੰ ਆਪਣੇ ਟਵਿੱਟਰ ਅਕਾਉਂਟ ਰਾਹੀਂ ਸੂਬੇ ‘ਚ ਅਨਲਾਕ 2.0 ਦੇ ਚਲਦਿਆਂ ਘਰੇਲੂ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਕੋਵਿਡ ਮਰੀਜ਼ਾਂ ਨੂੰ 5000 ਰੁਪਏ ਦਾ ਜੁਰਮਾਨਾ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਸੂਬੇ ‘ਚ ਇਸ ਵੇਲੇ 951 ਮਰੀਜ਼ ਘਰੇਲੂ ਇਕਾਂਤਵਾਸ ‘ਚ ਹਨ।

ਕੈਪਟਨ ਨੇ ਸੂਬੇ ‘ਚ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਾਈਆਂ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਰੈਸਟੋਰੈਂਟ ਤੇ ਖਾਣ ਪੀਣ ਵਾਲੀਆਂ ਥਾਵਾਂ ‘ਤੇ ਮਨੁੱਖੀ ਦੂਰੀ ਦੀ ਉਲੰਘਣਾ ਕਰਨ ਵਾਲਿਆਂ ਲਈ ਵੀ 5000 ਰੁਪਏ ਜੁਰਮਾਨਾ ਕਰਨ ਦਾ ਐਲਾਨ ਕੀਤਾ। ਕੋਵਿਡ ਦੀ ਸਥਿਤੀ ਨਾਲ ਨਜਿੱਠਣ ਲਈ ਸੂਬੇ ‘ਚ ਤਿਆਰੀਆਂ ਦੀ ਸਮੀਖਿਆ ਕਰਨ ਲਈ ਸੱਦੀ ਗਈ ਵੀਡਿਓ ਕਾਨਫਰੰਸ ਮੀਟਿੰਗ ‘ਚ ਕੈਪਟਨ ਨੇ ਕਿਹਾ ਕਿ ਜ਼ਿਲ੍ਹੇ ‘ਚ ਹੋਣ ਵਾਲੇ ਇਕੱਠਾਂ ਦੌਰਾਨ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲੇ ਤੇ ਤੈਅ ਸ਼ੁਦਾ ਗਿਣਤੀ ਤੋਂ ਵੱਧ ਬੁਲਾਉਣ ਵਾਲਿਆਂ ‘ਤੇ 10,000 ਰੁਪਏ ਜੁਰਮਾਨਾ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਐਲਾਨੇ ਗਏ ਜੁਰਮਾਨੇ/ਦੰਡ ਪਹਿਲੇ ਐਲਾਨੇ ਗਏ ਜੁਰਮਾਨਿਆਂ ਤੋਂ ਵੱਖ ਹੋਣਗੇ। ਹਾਲਾਂਕਿ ਮਈ ਮਹੀਨੇ ‘ਚ ਜਨਤਕ ਥਾਵਾਂ ‘ਤੇ ਮਾਸਕ ਨਾ ਪਹਿਨਣ ‘ਤੇ 500 ਰੁਪਏ ਜੁਰਮਾਨਾ, ਘਰੇਲੂ ਇਕਾਂਤਵਾਸ ਦੀਆਂ ਹਦਾਇਤਾਂ ਦਾ ਉਲੰਘਣ ‘ਤੇ 200 ਰੁਪਏ ਤੇ ਜਨਤਕ ਥਾਵਾਂ ‘ਤੇ ਥੁੱਕਣ ‘ਤੇ 500 ਰੁਪਏ ਜੁਰਮਾਨਾ ਲਾਉਣ ਦਾ ਐਲਾਨ ਕੀਤਾ ਗਿਆ ਸੀ। ਮੌਜੂਦਾ ਦਿਸ਼ਾ-ਨਿਰਦੇਸ਼ਾਂ ਮੁਤਾਬਕ ਦੁਕਾਨਾਂ/ਵਪਾਰਕ ਥਾਵਾਂ ਨੂੰ ਸਮਾਜਿਕ ਦੂਰੀ ਦੀ ਉਲੰਘਣਾ ਕਰਨ ‘ਤੇ 2000 ਰੁਪਏ ਜੁਰਮਾਨਾ ਅਦਾ ਕਰਨਾ ਪਵੇਗਾ, ਜਦਕਿ ਬੱਸਾਂ ਤੇ ਕਾਰਾਂ ‘ਚ ਅਜਿਹੀ ਉਲੰਘਣਾ ਕਰਨ ‘ਤੇ ਕ੍ਰਮਵਾਰ 3000 ਰੁਪਏ ਤੇ 2000 ਰੁਪਏ ਜੁਰਮਾਨਾ ਭਰਨਾ ਪਵੇਗਾ ਤੇ ਆਟੋ-ਰਿਕਸ਼ਾ/ਦੋ-ਪਹੀਆ ਵਾਹਨਾਂ ਦੇ ਸਬੰਧ ‘ਚ 500 ਰੁਪਏ ਜੁਰਮਾਨਾ ਦੇਣਾ ਹੋਵੇਗਾ। ਸੂਬੇ ਭਰ ‘ਚ ਉਲੰਘਣਾ ਦੇ ਲਗਾਤਾਰ ਸਾਹਮਣੇ ਆ ਰਹੇ ਮਾਮਲਿਆਂ ਦੌਰਾਨ ਹੋਰ ਜੁਰਮਾਨਿਆਂ ਦੀ ਵਿਵਸਥਾ ਕੀਤੀ ਗਈ ਹੈ ਤੇ DGP ਦਿਨਕਰ ਗੁਪਤਾ ਮੁਤਾਬਕ ਮਾਸਕ ਨਾ ਪਹਿਨਣ ਲਈ ਰੋਜ਼ਾਨਾ ਲਗਪਗ 5000 ਚਲਾਨ ਕੱਟੇ ਜਾ ਰਹੇ ਹਨ।

ਕੈਪਟਨ ਨੇ ਦੱਸਿਆ ਕਿ ਸੂਬੇ ‘ਚ ਵੱਖ-ਵੱਖ ਧਾਰਮਿਕ ਥਾਂਵਾ ਦੇ ਪ੍ਰਬੰਧਕਾਂ ਨੂੰ ਧਾਰਮਿਕ ਥਾਵਾਂ ‘ਤੇ ਮਾਸਕ ਪਹਿਨਣ ਸਮੇਤ ਕੋਵਿਡ ਸਬੰਧੀ ਹੋਰ ਸੁਰੱਖਿਆ ਦੀ ਹਦਾਇਤਾਂ ਤੇ ਸਮਾਜਿਕ ਦੂਰੀ ਦੀਆਂ ਬੰਦਿਸ਼ਾਂ ਦੇ ਪਾਲਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਧਾਰਮਿਕ ਸ਼ਖਸੀਅਤਾਂ ਨੂੰ ਗੁਰਦੁਆਰਿਆਂ, ਮੰਦਰਾਂ ਤੇ ਹੋਰ ਥਾਵਾਂ ਰਾਹੀਂ ਆਵਾਜ਼ਾਂ ਦੇ ਕੇ ਇਸ ਸਬੰਧ ਵਿੱਚ ਲੋਕਾਂ ਨੂੰ ਜਾਗੂਰਕ ਕਰਨ ਦੀ ਵੀ ਅਪੀਲ ਕੀਤੀ।

ਇਸ ਦੌਰਾਨ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਤੇ ਸਿਹਤ ਮਾਹਿਰਾਂ ਨੂੰ ਫਰੀਦਕੋਟ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ‘ਚ ਵੀ ਪਲਾਜ਼ਮਾ ਬੈਂਕ ਸਥਾਪਤ ਕਰਨ ਲਈ ਰੂਪ-ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ, ਜਦਕਿ ਪਟਿਆਲਾ ‘ਚ ਸੂਬੇ ਦੀ ਪਹਿਲਾਂ ਪਲਾਜ਼ਮਾ ਬੈਂਕ ਦਾ ਉਦਘਾਟਨ 21 ਜੁਲਾਈ ਨੂੰ ਕੀਤਾ ਜਾ ਚੁੱਕਾ ਹੈ। ਇਸ ਉਦਘਾਟਨ ਦੇ ਪਹਿਲੇ ਦਿਨ ਹੀ ਚਾਰ ਦਾਨੀਆਂ ਨੇ ਬੈਂਕ ਨੂੰ ਆਪਣਾ ਪਲਾਜ਼ਮਾ ਦਿੱਤਾ। ਉਨ੍ਹਾਂ ਨੇ ਕੋਵਿਡ ਦੇ ਇਲਾਜ ਉਪਰੰਤ ਸਿਹਤਯਾਬ ਹੋ ਚੁੱਕੇ ਵਿਅਕਤੀਆਂ ਨੂੰ ਇਸ ਬਿਮਾਰੀ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਆਪਣਾ ਪਲਾਜ਼ਮਾ ਦੇਣ ਲਈ ਅਪੀਲ ਕੀਤੀ। ਮੁੱਖ ਸਕੱਤਰ ਵੱਲੋਂ ਮੀਟਿੰਗ ਦੌਰਾਨ ਦੱਸਿਆ ਗਿਆ ਕਿ IAS ਤੇ PCS ਅਫ਼ਸਰ ਜੋ ਸਿਹਤਯਾਬ ਹੋ ਚੁੱਕੇ ਹਨ, ਨੂੰ ਵੀ ਆਪਣਾ ਪਲਾਜ਼ਮਾ ਦੇ ਕੇ ਹੋਰਨਾਂ ਦੀ ਅਗਵਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪੰਜਾਬ ਪੁਲੀਸ ਮੁਖੀ ਦਿਨਕਰ ਗੁਪਤਾ ਨੇ ਕਿਹਾ ਕਿ ਪੰਜਾਬ ਹੋਮ ਗਾਰਡਜ਼ ਦੇ ਜਵਾਨ ਸਮੇਤ ਤਿੰਨ ਪੁਲੀਸ ਕਰਮੀਆਂ ਵੱਲੋਂ ਪਟਿਆਲਾ ਤੇ DMC ਵਿਖੇ ਆਪਣਾ ਪਲਾਜ਼ਮਾ ਦਿੱਤਾ ਗਿਆ ਹੈ।

ਸੂਬਾ ਪੁਲੀਸ ਮੁਖੀ ਵੱਲੋਂ ਮੀਟਿੰਗ ‘ਚ ਦੱਸਿਆ ਗਿਆ ਕਿ ਲਹਿਰਾ ਪੁਲੀਸ ਥਾਣੇ, ਦੋ ਪੁਲੀਸ ਚੌਕੀਆਂ ਤੇ DSP ਆਫਿਸ ਦੇ ਇਸੇ ਹਫਤੇ ਦੋ ਤਿੰਨ ਦਿਨ ਪਹਿਲਾਂ ਕੁੱਲ 33 ਪੁਲੀਸ ਕਰਮੀ (ਕੁੱਲ ਸਟਾਫ ਦਾ 40 ਫੀਸਦ) ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਖੜਕਾਂ ਕੈਂਪਸ, ਜਿੱਥੇ ਕਰੋਨਾ ਵੱਡੇ ਪੈਮਾਨੇ ‘ਤੇ ਫੈਲਿਆ, ਵਿਖੇ 723 ਨਮੂਨਿਆਂ ਦੀਆਂ ਹੁਣ ਤੱਕ ਪ੍ਰਾਪਤ ਟੈਸਟ ਰਿਪੋਰਟਾਂ ਵਿਚੋਂ 126 ਕੇਸ ਸਾਹਮਣੇ ਆਏ ਹਨ। 133 ਕੇਸਾਂ ਦੇ ਨਤੀਜੇ ਹਾਲੇ ਆਉਣੇ ਹਨ ਜਦੋਂਕਿ 127 ਦੇ ਸੈਂਪਲ ਹਾਲੇ ਲਏ ਜਾਣੇ ਹਨ। ਸਾਰੇ ਪਾਜ਼ੇਟਿਵ ਕੇਸ ਬਿਨਾਂ ਲੱਛਣਾਂ ਵਾਲੇ ਸਨ ਅਤੇ ਇਲਾਜ ਲਈ ਬੀ.ਐਸ.ਐਫ ਹੈਡਕੁਆਰਟਰ ਜਲੰਧਰ ਵਿਖੇ ਕੋਵਿਡ ਇਲਾਜ ਕੇਂਦਰ ਵਿਖੇ ਭੇਜ ਦਿੱਤੇ ਗਏ ਹਨ।