‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ UAPA ਤਹਿਤ ਸਿੱਖ ਨੌਜਵਾਨਾਂ ਦੀ ਕੀਤੀ ਜਾ ਰਹੀ ਫੜੋ-ਫੜਾਈ ਦਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਰੋਧ ਕੀਤਾ ਹੈ। ਜਥੇਦਾਰ ਸਾਹਿਬ ਨੇ UAPA ਨੂੰ ਕਾਲਾ ਕਾਨੂੰਨ ਕਿਹਾ ਹੈ। ਜਥੇਦਾਰ ਸਾਹਿਬ ਨੇ ਪੰਜਾਬ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਦੀਆਂ ਕਾਂਗਰਸ ਸਰਕਾਰਾਂ ਵੱਲੋਂ ਤਾਂ ਇਸ ਕਾਨੂੰਨ ਦਾ ਵਿਰੋਧ ਕੀਤਾ ਜਾ ਰਿਹਾ ਹੈ, ਪਰ ਇਸਦੇ ਉਲਟ ਪੰਜਾਬ ਵਿੱਚ ਇਸ ਕਾਨੂੰਨ ਤਹਿਤ ਦਰਜਨ ਤੋਂ ਵੱਧ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। ਇਸ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਦੋਗਲਾ ਕਿਰਦਾਰ ਨਿਭਾਇਆ ਜਾ ਰਿਹਾ ਹੈ।

 

ਜਥੇਦਾਰ ਸਾਹਿਬ ਨੇ ਕਿਹਾ ਕਿ ਜਿਹੜੇ 1947 ਤੋਂ ਪਹਿਲਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੇ ਰਹੇ ਹਨ, ਹੁਣ ਉਹਨਾਂ ਵੱਲੋਂ ਹੀ ਕਾਲੇ ਕਾਨੂੰਨ ਬਣਾਏ ਜਾ ਰਹੇ ਹਨ। ਸਿੰਘ ਸਾਹਿਬ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਬਰਦਾਸ਼ਤਯੋਗ ਨਹੀਂ ਹਨ। ਸਿੰਘ ਸਾਹਿਬ ਨੇ ਅੱਗੇ ਕਿਹਾ ਕਿ ਪੰਜਾਬ ਦੇ ਭੋਲੇ-ਭਾਲੇ ਸਿੱਖ ਨੌਜਵਾਨਾਂ ਨੂੰ ਸਿਰਫ ਕੁਝ ਪੋਸਟਾਂ ਸ਼ੇਅਰ ਕਰਨ ਵਰਗੀਆਂ ਨਿੱਕੀਆਂ-ਨਿੱਕੀਆਂ ਗਲਤੀਆਂ ਤਹਿਤ ਥਾਣਿਆਂ ‘ਚ ਬਿਠਾਇਆ ਜਾ ਰਿਹਾ ਹੈ ਅਤੇ ਕਈਆਂ ਉੱਪਰ ਪਰਚੇ ਕੀਤੇ ਜਾ ਰਹੇ ਹਨ, ਇਹ ਸਭ ਕੁਝ ਬਹੁਤ ਹੀ ਮੰਦਭਾਗਾ ਹੈ।