India

ਗੁਜਰਾਤ ‘ਚ ਪੈ ਰਿਹਾ ਭਾਰੀ ਮੀਂਹ, ਯੂਪੀ ‘ਚ ਵੀ ਕਈ ਲੋਕ ਫਸੇ, ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਗੁਜਰਾਤ (Gujrat) ਦੇ ਪੋਰਬੰਦਰ ਵਿੱਚ ਰਿਕਾਰਡ ਤੋੜ ਮੀਂਹ ਪੈ ਰਿਹਾ ਹੈ। ਵੀਰਵਾਰ ਅਤੇ ਸ਼ੁੱਕਰਵਾਰ ਨੂੰ 36 ਘੰਟਿਆਂ ਵਿੱਚ 565 ਮਿਲੀਮੀਟਰ ਮੀਂਹ ਪਿਆ ਹੈ, ਜਿਸ ਕਾਰਨ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਮੌਸਮ ਵਿਭਾਗ ਨੇ ਅੱਜ ਵੀ ਇੱਥੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ (Uttar Pradesh) ਦੇ ਬਹਿਰਾਇਚ ਵਿੱਚ ਘਾਘਰਾ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਖੇਤਾਂ ਵਿੱਚ ਕੰਮ ਕਰ ਰਹੇ 100 ਦੇ ਕਰੀਬ ਲੋਕ ਫਸ ਗਏ। 3 ਘੰਟੇ ਤੱਕ ਚੱਲੇ ਬਚਾਅ ਕਾਰਜ ਤੋਂ ਬਾਅਦ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇੱਥੇ ਗੰਗਾ ਦੇ ਪਾਣੀ ਦਾ ਪੱਧਰ ਵਧਣ ਕਾਰਨ ਵਾਰਾਣਸੀ ਦੇ ਘਾਟਾਂ ‘ਤੇ NDRF ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।

ਠਾਣੇ ਅਤੇ ਮੁੰਬਈ ਸਮੇਤ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿੱਚ ਦੇਰ ਰਾਤ ਅਤੇ ਸਵੇਰੇ ਭਾਰੀ ਮੀਂਹ ਪਿਆ। ਅੱਜ ਨਾਗਪੁਰ ਵਿੱਚ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਹੈ। ਇੱਥੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ 20 ਜੁਲਾਈ ਨੂੰ 11 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਦੱਸ ਦੇਈਏ ਕਿ ਗੋਆ, ਮਹਾਰਾਸ਼ਟਰ, ਤੇਲੰਗਾਨਾ, ਕਰਨਾਟਕ, ਗੁਜਰਾਤ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਉੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਹੁਤ ਜਿਆਦਾ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ, ਝਾਰਖੰਡ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ –   ਜਲੰਧਰ ‘ਚ ਭਾਰਤੀ ਫੌਜ ਦੇ ਟਰੱਕ ਨਾਲ ਵਾਪਰਿਆ ਵੱਡਾ ਹਾਦਸਾ, ਜਵਾਨ ਹਸਪਤਾਲ ਦਾਖਲ