‘ਦ ਖ਼ਾਲਸ ਬਿਊਰੋ : ਪੰਜਾਬ ਰਾਜ ਦੇ 117 ਵਿਧਾਨ ਸਭਾ ਹਲਕਿਆਂ ਲਈ ਪੇਪਰ ਵਾਪਸ ਲੈਣ ਤੋਂ ਬਾਅਦ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਪਹਿਲੀ ਫਰਵਰੀ ਤੱਕ 2266 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ। ਕਾਗਜ਼ਾਂ ਦਾ ਪੜਤਾਲ ਦੌਰਾਨ 588 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਕਾਗਜ਼ ਵਾਪਿਸ ਲੈਣ ਦੀ ਆਖਰੀ ਮਿਤੀ 04 ਫਰਵਰੀ ਮੁਕਰਰ ਕੀਤੀ ਗਈ ਸੀ । ਦਰੁਸਤ ਪਾਏ ਗਏ 1645 ਵਿੱਚੋਂ 341 ਨਾਮਜ਼ਦਗੀ ਪੱਤਰ ਵਾਪਿਸ ਲੈ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਡਾ. ਰਾਜੂ ਨੇ ਦੱਸਿਆ ਕਿ ਸਭ ਤੋਂ ਵੱਧ 19-19 ਉਮੀਦਵਾਰ ਵਿਧਾਨ ਸਭਾ ਹਲਕਾ 59 ਸਾਹਨੇਵਾਲ ਅਤੇ ਪਟਿਆਲਾ ਦਿਹਾਤੀ ਤੋਂ ਚੋਣ ਮੈਦਾਨ ਵਿੱਚ ਹਨ ਜਦਕਿ ਸਭ ਤੋਂ ਘੱਟ 5 ਉਮੀਦਵਾਰ ਵਿਧਾਨ ਸਭਾ ਹਲਕਾ 5 ਦੀਨਾਨਗਰ ਤੋਂ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।