International

ਬੰਗਲਾਦੇਸ਼ ‘ਚ ਹਿੰਸਕ ਪ੍ਰਦਰਸ਼ਨ ‘ਚ 6 ਵਿਦਿਆਰਥੀਆਂ ਦੀ ਮੌਤ, ਵਿੱਦਿਅਕ ਅਦਾਰੇ ਅਣਮਿੱਥੇ ਸਮੇਂ ਲਈ ਬੰਦ

ਬੰਗਲਾਦੇਸ਼ : ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ‘ਚ ਸਰਕਾਰੀ ਨੌਕਰੀਆਂ ‘ਚ ਰਾਖਵੇਂਕਰਨ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਦੇਸ਼ ਭਰ ‘ਚ ਹਿੰਸਾ ਫੈਲ ਗਈ ਹੈ। ਇਸ ‘ਚ 400 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ ਅਤੇ ਛੇ ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਦੇਸ਼ ਭਰ ਦੇ ਸਾਰੇ ਸਕੂਲ ਅਤੇ ਯੂਨੀਵਰਸਿਟੀਆਂ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ।

ਹਿੰਸਾ ਹੋਰ ਭੜਕ ਗਈ ਜਦੋਂ ਰੰਗਪੁਰ ਬੇਗਮ ਰੋਕੀਆ ਯੂਨੀਵਰਸਿਟੀ ਦੇ 22 ਸਾਲਾ ਵਿਦਿਆਰਥੀ ਅਬੂ ਸਈਦ ਦੀ ਮੰਗਲਵਾਰ ਨੂੰ ਪੁਲਿਸ ਕਾਰਵਾਈ ਦੌਰਾਨ ਮੌਤ ਹੋ ਗਈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪੁਲਿਸ ਨੇ ਉਸ ‘ਤੇ ਗੋਲੀਆਂ ਚਲਾਈਆਂ ਸਨ।

ਬੰਗਲਾਦੇਸ਼ ਵਿੱਚ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲਿਆਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਦਿੱਤਾ ਗਿਆ ਹੈ। ਬੰਗਲਾਦੇਸ਼ 1971 ਵਿਚ ਆਜ਼ਾਦੀ ਦੀ ਲੜਾਈ ਤੋਂ ਬਾਅਦ ਪਾਕਿਸਤਾਨ ਤੋਂ ਵੱਖ ਹੋ ਗਿਆ ਸੀ।

ਆਲੋਚਕਾਂ ਦਾ ਕਹਿਣਾ ਹੈ ਕਿ ਇਹ ਰਿਜ਼ਰਵੇਸ਼ਨ ਪ੍ਰਣਾਲੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਸਮਰਥਨ ਕਰਨ ਵਾਲੇ ਸਰਕਾਰ ਪੱਖੀ ਸਮੂਹਾਂ ਦੇ ਬੱਚਿਆਂ ਨੂੰ ਗਲਤ ਤਰੀਕੇ ਨਾਲ ਲਾਭ ਪਹੁੰਚਾਉਣ ਜਾ ਰਹੀ ਹੈ। ਸ਼ੇਖ ਹਸੀਨਾ ਨੇ ਜਨਵਰੀ ਮਹੀਨੇ ਵਿੱਚ ਲਗਾਤਾਰ ਚੌਥੀ ਚੋਣ ਜਿੱਤੀ ਸੀ। ਉਹ ਬੰਗਲਾਦੇਸ਼ ਦੇ ਸੰਸਥਾਪਕ ਨੇਤਾ ਸ਼ੇਖ ਮੁਜੀਬੁਰ ਰਹਿਮਾਨ ਦੀ ਧੀ ਹੈ।

ਬੰਗਲਾਦੇਸ਼ ‘ਚ ਪਿਛਲੇ ਕਈ ਦਿਨਾਂ ਤੋਂ ਸਰਕਾਰੀ ਨੌਕਰੀਆਂ ‘ਚ ਰਾਖਵੇਂਕਰਨ ਦੀ ਇਸ ਵਿਵਸਥਾ ਦੇ ਖਿਲਾਫ ਪ੍ਰਦਰਸ਼ਨ ਚੱਲ ਰਹੇ ਹਨ। ਇਸ ਤੋਂ ਪਹਿਲਾਂ ਕਈ ਹਫ਼ਤਿਆਂ ਤੱਕ ਚੱਲੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ 2018 ਤੋਂ ਇਸ ਭਰਤੀ ਪ੍ਰਣਾਲੀ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਪਿਛਲੇ ਮਹੀਨੇ ਹੀ ਇੱਕ ਅਦਾਲਤ ਨੇ ਇਸ ਰਿਜ਼ਰਵੇਸ਼ਨ ਪ੍ਰਣਾਲੀ ਨੂੰ ਬਹਾਲ ਕਰ ਦਿੱਤਾ ਸੀ।