ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਹੈ ਕਿ ਰਿਆਸੀ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਮਨੋਜ ਸਿਨਹਾ ਨੇ ਸੋਸ਼ਲ ਮੀਡੀਆ ’ਤੇ ਦੱਸਿਆ ਹੈ ਕਿ ਇਸ ਹਾਦਸੇ ’ਚ ਜ਼ਖ਼ਮੀ ਹੋਏ ਲੋਕਾਂ ਨੂੰ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਜ਼ਖਮੀਆਂ ਦਾ ਜੰਮੂ ਦੇ ਵੱਖ-ਵੱਖ ਹਸਪਤਾਲਾਂ ’ਚ ਇਲਾਜ ਚੱਲ ਰਿਹਾ ਹੈ।
ਇਸ ਤੋਂ ਇਲਾਵਾ ਮਨੋਜ ਸਿਨਹਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ ਤਾਂ ਜੋ ਲੋੜਵੰਦਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਜੰਮੂ-ਕਸ਼ਮੀਰ ਪੁਲਿਸ, ਸੈਨਾ ਅਤੇ ਸੀਆਰਪੀਐਫ ਨੇ ਘਟਨਾ ਵਾਲੀ ਥਾਂ ’ਤੇ ਇੱਕ ਅਸਥਾਈ ਸੰਯੁਕਤ ਸੁਰੱਖਿਆ ਹੈੱਡਕੁਆਰਟਰ ਸਥਾਪਤ ਕੀਤਾ ਹੈ ਅਤੇ ਰਿਆਸੀ ਹਮਲੇ ਦੇ ਪਿੱਛੇ ਅੱਤਵਾਦੀਆਂ ਨੂੰ ਖ਼ਤਮ ਕਰਨ ਦਾ ਆਪਰੇਸ਼ਨ ਜਾਰੀ ਹੈ।
ਜੰਮੂ-ਕਸ਼ਮੀਰ ਦੇ ਰਿਆਸੀ ’ਚ ਐਤਵਾਰ ਨੂੰ ਇਕ ਬੱਸ ’ਤੇ ਅੱਤਵਾਦੀ ਹਮਲੇ ਤੋਂ ਬਾਅਦ ਬੱਸ ਖਾਈ ’ਚ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 33 ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਇਹ ਬੱਸ ਸ਼ਿਵਖੋਰੀ ਤੋਂ ਕਟੜਾ ਜਾ ਰਹੀ ਸੀ।
ਹਾਦਸੇ ਵਿੱਚ ਜਾਨ ਗਵਾਉਣ ਵਾਲੇ 9 ਮ੍ਰਿਤਕਾਂ ਵਿਚੋਂ 4 ਰਾਜਸਥਾਨ ਦੇ ਸਨ। ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਦੇ ਰਿਆਸੀ ਵਿੱਚ ਕੱਟੜਪੰਥੀ ਹਮਲੇ ਤੋਂ ਬਾਅਦ ਬੱਸ ਦੇ ਖਾਈ ’ਚ ਡਿੱਗਣ ਕਾਰਨ ਮਰਨ ਵਾਲੇ 9 ਲੋਕਾਂ ‘ਚੋਂ ਚਾਰ ਰਾਜਸਥਾਨ ਦੇ ਰਹਿਣ ਵਾਲੇ ਸਨ।
ਉਨ੍ਹਾਂ ਨੇ ਟਵਿੱਟਰ ’ਤੇ ਲਿਖਿਆ, “ਜੰਮੂ-ਕਸ਼ਮੀਰ ’ਚ ਸ਼ਰਧਾਲੂਆਂ ਦੀ ਬੱਸ ’ਤੇ ਕਾਇਰਾਨਾ ਹਮਲੇ ’ਚ ਜੈਪੁਰ ਤੋਂ ਚਾਰ ਲੋਕਾਂ ਦੀ ਮੌਤ ਦੀ ਖ਼ਬਰ ਦੁਖਦ ਹੈ।” ਉਨ੍ਹਾਂ ਲਿਖਿਆ ਕਿ ਰਾਜਸਥਾਨ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜੰਮੂ-ਕਸ਼ਮੀਰ ਦੇ ਅਧਿਕਾਰੀਆਂ ਅਤੇ ਸਥਾਨਕ ਪ੍ਰਸ਼ਾਸਨ ਨਾਲ ਤੁਰੰਤ ਤਾਲਮੇਲ ਕਰਨ ਤੇ ਮ੍ਰਿਤਕ ਦੇਹਾਂ ਉਨ੍ਹਾਂ ਦੇ ਪਰਿਵਾਰਾਂ ਤਕ ਪਹੁੰਚਾਉਣ।