Punjab

‘ਬੰਦੀ ਸਿੰਘਾਂ ਦੀ ਰਿਹਾਈ ਲਈ 20 ਦਸੰਬਰ ਨੂੰ ਦਿੱਲੀ ਧਰਨੇ ਦੀ ਜ਼ਰੂਰਤ ਨਹੀਂ’ !

ਬਿਉਰੋ ਰਿਪੋਰਟ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇੱਕ ਵਾਰ ਮੁੜ ਤੋਂ ਪੰਜ ਸਿੰਘ ਸਾਹਿਬਾਨਾ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਨੂੰ ਲੈਕੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਜਥੇਦਾਰ ਸ਼੍ਰੀ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਨੂੰ ਕਿਹਾ ਕਿ ਜੇਕਰ ਤੁਸੀਂ ਅਕਾਲੀ ਦਲ ਦੇ ਮੈਂਬਰ ਨੂੰ ਸ਼ਾਮਲ ਕਰਨਾ ਹੈ ਤਾਂ ਪੰਜਾਬ ਦੀਆਂ ਹੋਰ ਪਾਰਟੀਆਂ ਦੇ ਆਗੂਆਂ ਨੂੰ ਵੀ ਸ਼ਾਮਲ ਕਰੋ,ਤਾਂਕੀ ਇਹ ਸੁਨੇਹਾ ਨਾ ਜਾਵੇ ਕਿ ਇੱਕ ਖਾਸ ਪਾਰਟੀ ਨੂੰ ਨੁਮਾਇੰਦਗੀ ਮਿਲ ਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਤਖ਼ਤ ਪਟਨਾ ਅਤੇ ਤਖਤ ਹਜ਼ੂਰ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਅਤੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੂੰ ਵੀ ਵਫਦ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ । ਦਿੱਲੀ ਕਮੇਟੀ ਦੇ ਪ੍ਰਧਾਨ ਨੇ 20 ਦਸੰਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਦਿੱਲੀ ਧਰਨੇ ਨੂੰ ਲੈਕੇ ਵੀ ਸਵਾਲ ਚੁੱਕੇ ਹਨ ।ਉਨ੍ਹਾਂ ਕਿਹਾ ਸਿੰਘ ਸਾਹਿਬ ਪਹਿਲਾਂ ਇਹ ਤੈਅ ਕਰਨ ਕਿ ਮਸਲੇ ਦਾ ਹੱਲ ਗੱਲਬਾਤ ਨਾਲ ਹੋਏ ਤਾਂ ਫਿਰ ਧਰਨੇ ਨਾਲ । ਧਰਨਿਆਂ ਨਾਲ ਮਾਮਲਾ ਵਿਗੜ ਸਕਦਾ ਹੈ,ਪਹਿਲਾਂ ਹੀ ਇਹ ਸਿਆਸੀ ਭੇਟ ਚੜ ਚੁੱਕਾ ਹੈ।

ਉਧਰ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਜਦੋਂ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੇ ਬਿਆਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਫੈਸਲੇ ‘ਤੇ ਕਿੰਤੂ-ਪਰੰਤੂ ਨਾ ਕਰਨ ਇਹ ਠੀਕ ਨਹੀਂ ਹੋਵੇਗਾ । ਹਰਮੀਤ ਸਿੰਘ ਕਾਲਕਾ ਨੇ ਕੇਂਦਰ ਨਾਲ ਗੱਲਬਾਤ ਕਰਨ ਵਾਲੇ ਵਫਦ ਵਿੱਚ ਅਕਾਲੀ ਦਲ ਦੇ ਮੈਂਬਰ ਵਿਰਸਾ ਸਿੰਘ ਵਲਟੋਹਾ ਨੂੰ ਸ਼ਾਮਲ ਕਰਨ ਨੂੰ ਲੈਕੇ ਸਵਾਲ ਚੁੱਕੇ ਸਨ । ਜਿਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਸੀ ਜੇਕਰ ਹਰਮੀਤ ਸਿੰਘ ਕਾਲਕਾ ਇਕੱਲੇ ਜਾਕੇ ਇਸ ਮਸਲੇ ਨੂੰ ਸੁਲਝਾ ਲੈਣ ਤਾਂ ਉਹ ਨੰਗੇ ਪੈਰੀ ਉਨ੍ਹਾਂ ਦਾ ਧੰਨਵਾਦ ਕਰਨ ਲਈ ਆਉਣਗੇ । ਉਨ੍ਹਾਂ ਨੇ ਕਿਹਾ ਸੀ ਕਿ ਕਾਲਕਾ ਨੂੰ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ ਹੈ ਜਿਸ ਨਾਲ ਬੰਦੀ ਸਿੰਘਾਂ ਦੀ ਰਿਹਾਈ ਦੀਆਂ ਕੋਸ਼ਿਸ਼ਾਂ ਨੂੰ ਨੁਕਸਾਨ ਪਹੁੰਚੇ।