ਅਜਨਾਲਾ : ਸਿਆਚਿਨ ਵਿੱਚ 29 ਦਸੰਬਰ ਨੂੰ ਸ਼ਹੀਦ ਹੋਏ ਸ਼ਮਸ਼ੇਰ ਸਿੰਘ ਦੀ ਯਾਦਗਾਰ ਬਣਾਈ ਜਾਵੇਗੀ। ਸ਼ਮਸ਼ੇਰ ਸਿੰਘ ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਕੈਬਿਨੇਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਸ਼ਨੀਵਾਰ ਸ਼ਾਮ ਉਨ੍ਹਾਂ ਨੂੰ ਮਿਲਣ ਆਏ।
ਅਜਨਾਲਾ ਦੇ ਪਿੰਡ ਦਗ ਡੋਗਰ ਦਾ ਸ਼ਮਸ਼ੇਰ ਸਿੰਘ 29 ਦਸੰਬਰ ਨੂੰ ਸਿਆਚਿਨ ਵਿਚ ਬਰਫ ਡਿਗਣ ਨਾਲ ਸ਼ਹੀਦ ਹੋ ਗਿਆ ਸੀ। ਸ਼ਮਸ਼ੇਰ ਸਿੰਘ ਦੋ ਭੈਣਾਂ ਦਾ ਇਕੌਲਤਾ ਭਰਾ ਸੀ। ਕੈਬਨਿਟ ਮੰਤਰੀ ਧਾਲੀਵਾਲ ਸ਼ਮਸ਼ੇਰ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ। ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਸ਼ਹੀਦ ਦੇਸ਼ ਦੀ ਪੂੰਜੀ ਹਨ। ਬੇਸ਼ੱਕ ਸ਼ਮਸ਼ੇਰ ਸਿੰਘ ਦੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਪਰ ਉਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਲਈ ਆਪਣਾ ਬਲਿਦਾਨ ਦਿੱਤਾ ਹੈ ਜਿਸ ‘ਤੇ ਸਾਨੂੰ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਮਾਣ ਹੋਵੇਗਾ।
ਇਸ ਮੌਕੇ ਸ. ਧਾਲੀਵਾਲ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਸ਼ਹੀਦ ਸ਼ਮਸ਼ੇਰ ਸਿੰਘ ਦੀ ਯਾਦ ਵਿਚ ਪਿੰਡ ਵਿਚ ਇਕ ਯਾਦਗਾਰ ਬਣਾਏਗੀ ਤੇ ਪੰਜਾਬ ਦੇ ਮੁੱਖ ਮੰਤਰੀ ਹਰ ਸੰਭਵ ਵਿੱਤੀ ਸਹਾਇਤਾ ਪ੍ਰਦਾਨ ਕਰਨਗੇ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਵੱਲੋਂ ਵੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਧਾਲੀਵਾਲ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਰੱਖਿਆ ਕਰਨਾ ਤੇ ਉਨ੍ਹਾਂ ਦੇ ਬੱਚਿਆਂ ਦੀ ਦੇਖਭਾਲ ਕਰਨਾ ਸਾਡਾ ਫਰਜ਼ ਹੈ। ਸਰਕਾਰ ਪਰਿਵਾਰ ਦੀ ਆਰਥਿਕ ਮਦਦ ਕਰੇਗੀ ਤੇ ਦੂਜੇ ਪਾਸੇ ਪਿੰਡ ਵਾਲਿਆਂ ਦਾ ਵੀ ਫਰਜ਼ ਹੈ ਕਿ ਉਹ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਉਚਿਤ ਸਨਮਾਨ ਦਿਖਾਏ।