ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਮੁੜ ਤੇਜਾ ਸਿੰਘ ਮਰੀਨ ਹਾਲ, ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਹੋਈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਅਕਾਲ ਚਲਾਣਾ ‘ਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਬਾਬਾ ਦੀਪ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕਰ ਕਮੇਟੀ ਦੇ ਚੈਨਲ ‘ਚੇ ਪ੍ਰਸਾਰਿਤ ਕੀਤਾ ਜਾਵੇਗਾ।
ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੁਣ ਹਰ ਸਾਲ 17 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੇ ਸੰਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ। ਜਿਸ ਨੇ 12 ਦਸੰਬਰ 2023 ਨੂੰ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਸੰਬੰਧੀ ਗੰਭੀਰਤਾ ਨਾਲ ਵਿਚਾਰ ਕਰਨ ਲਈ ਕਿਹਾ ਗਿਆ ਸੀ। 23 ਦਸੰਬਰ 2023 ਨੂੰ ਪ੍ਰਧਾਨ ਮੰਤਰੀ ਦਫਤਰ ਵੱਲੋਂ ਇੱਕ ਪੱਤਰ ਪ੍ਰਾਪਤ ਹੋਇਆ ਜਿਸ ਵਿੱਚ ਉਹਨਾਂ ਨੇ ਗ੍ਰਹਿ ਮੰਤਰੀ ਤੇ ਗ੍ਰਹਿ ਵਿਭਾਗ ਨੂੰ ਇਸ ਮਾਮਲੇ ਦੀ ਗੰਭੀਰਤਾ ਸਬੰਧੀ ਕਾਰਵਾਈ ਕਰਨ ਲਈ ਕਿਹਾ ਹੈ।
ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਸ ਪੰਜ ਮੈਂਬਰੀ ਕਮੇਟੀ ਨੂੰ 31 ਦਸੰਬਰ 2023 ਦਾ ਸਮਾਂ ਦਿੱਤਾ ਗਿਆ ਸੀ, ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਮਾਂ ਵਧਾਉਣ ਦੀ ਬੇਨਤੀ ਕੀਤੀ ਸੀ, ਗਿਆਨੀ ਰਘਬੀਰ ਸਿੰਘ ਵੱਲੋਂ 27 ਜਨਵਰੀ 2024 ਤੱਕ ਦਾ ਆਖਰੀ ਸਮਾਂ ਦਿੱਤਾ ਗਿਆ ਹੈ। ਜਥੇਦਾਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਾਈ ਪਟੀਸ਼ਨ ਸਬੰਧੀ ਢੁਕਵਾਂ ਫੈਸਲਾ ਕਰੇ।
ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਅਕਾਲ ਬੁੰਗਾ ਵਿਖੇ ਹੋਈ ਝੜਪ ‘ਤੇ ਚਰਚਾ ਕੀਤੀ ਗਈ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ‘ਚ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਦਿੱਤੀ ਹੈ। ਧਾਮੀ ਨੇ ਕਿਹਾ ਕਿ ਇਸ ਮਾਮਲੇ ਦੀ ਰਿਪੋਰਟ ਲਈ ਪ੍ਰਸਾਸ਼ਨ ਨਾਲ ਵੀ ਗੱਲਬਾਤ ਕੀਤੀ ਅਤੇ ਦੋਹਾਂ ਨਿਹੰਗ ਜਥੇਬੰਦੀਆਂ ਦੇ ਮੁਖੀਆਂ ਦੇ ਬਿਆਨ ਵੀ ਦਰਜ ਕੀਤੇ ਹਨ। ਇਸਦੇ ਨਾਲ ਹੀ ਜੇਲ੍ਹ ‘ਚ ਬੰਦ ਕਈ ਸਿੱਖਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ।
ਇਸਦੇ ਨਾਲ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਗੁਰੂਘਰ ‘ਚ ਹੋਈ ਫਾਈਰਿੰਗ ਮਾਮਲੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਧਾਮੀ ਨੇ ਸਵਾਲ ਕਰਦਿਆਂ ਕਿਹਾ ਕਿ ਜਦੋਂ ਗੁਰਦੁਆਰਾ ਸਾਹਿਬ ਦੇ ਅੰਦਗ ਕੋਈ ਖਤਰਾ ਨਹੀਂ ਤੇ ਫਿਰ ਪੁਲਿਸ ਪੁਲਿਸ ਅਧਿਕਾਰੀ ਹਥਿਆਰਾਂ ਸਮੇਤ ‘ਚ ਬੂਟ ਪਾ ਕੇ ਕਿਉਂ ਗਏ । ਧਾਮੀ ਨੇ ਕਿਹਾ ਕਿ ਪੁਲਿਸ ਕਰਮਚਾਰੀਆਂ ਨੇ ਗੁਰੂ ਘਰ ਦਾਖ਼ਲ ਹੋ ਕੇ ਗੁਰੂ ਘਰ ਦਾ ਅਪਮਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਇਸ ਮਾਮਲੇ ‘ਤੇ ਆਪਣੀਆਂ ਅੱਖਾਂ ਬੰਦ ਕੀਤੀਆਂ ਹੋਈਆਂ ਹਨ ਅਤੇ ਇਸ ਮਾਮਲੇ ‘ਤੇ ਸਰਕਾਰ ਨੇ ਹਾਲੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ।
ਸਰਕਾਰ ਨੂੰ ਸਵਾਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਗੁਰਦੁਆਰਾ ਸਾਹਿਬ ਅੰਦਰ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਕਿਉਂ ਭੇਜੀ। ਧਾਮੀ ਨੇ ਕਿਹਾ ਕਿ ਭਵਿੱਖ ਵਿਚ ਸਿਰੋਪਾਓ ਦੀ ਸੁਚੱਜੀ ਵਰਤੋਂ ਲਈ ਵੀ ਨਿਯਮ ਨਿਰਧਾਰਤ ਕੀਤੇ ਗਏ ਹਨ। ਧਾਮੀ ਨੇ ਕਿਹਾ ਕਿ ਹੁਣ ਸਿਰਫ ਸਿੱਖ ਜਥੇਬੰਦੀਆਂ ਦੇ ਮੁਖੀ ਜਾਂ ਗ੍ਰੰਥੀ ਸਿੰਘਾਂ ਨੂੰ ਹੀ ਸਿਰੋਪਾਓ ਦਿੱਤੇ ਜਾਣਗੇ।
ਇਸਦੇ ਨਾਲ ਧਾਮੀ ਨੇ ਕਿਹ ਕਿ ਗ੍ਰੰਥੀ ਸਿੰਘ ਅਤੇ ਰਾਗੀ ਸਿੰਘਾਂ ਲਈ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਗ੍ਰੰਥੀ ਸਿੰਘ ਅਤੇ ਰਾਗੀ ਸਿੰਘਾਂ ਹੁਣ ਸਿੱਖ ਮਰਿਆਦਾ ਦੇ ਮੁਤਾਬਕ ਅੰਮ੍ਰਿਤਸਰੀ ਪਜਾਮਾ ਜਾਂ ਚੂੜੀਦਾਰ ਪਜਾਮਾ ਪਾਉਣਾ ਲਾਜ਼ਮੀ ਹੋਵੇਗਾ ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਗ੍ਰੰਥੀ ਸਿੰਘ ਅਤੇ ਰਾਗੀ ਸਿੰਘ ਅੱਜ ਦਾ ਮਾਡਰਨ ਡਰੈੱਸ ਨਹੀਂ ਪਹਿਨਣਗੇ।