‘ਜੈਤੋ ਮੋਰਚੇ’ ਦੀ ਸ਼ਤਾਬਦੀ ਨੂੰ ਯਾਦ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋਇਆ। ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਜੈਤੋ ਮੋਰਚੇ ਦੇ ਇਤਿਹਾਸ ਨੂੰ ਯਾਦ ਕਰਨ ਦੇ ਨਾਲ-ਨਾਲ ਮੌਜੂਦਾ ਸਮੇਂ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦੀ ਗੱਲ ਵੀ ਕੀਤੀ।
ਧਾਮੀ ਨੇ ਕਿਹਾ ਕਿ ਸਿੱਖ ਕੌਮ ਅੰਦਰ ਹੱਕ ਸੱਚ ਦੀ ਪਹਿਰੇਦਾਰੀ ਵਾਸਤੇ ਵੱੱਡੀਆਂ ਕੁਰਬਾਨੀਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਕੌਮ ਅੰਦਰ ਸ਼ਹਾਦਤਾਂ ਦਾ ਮੁੱਢ ਗੁਰੂ ਸਾਹਿਬਾਨ ਨੇ ਆਪ ਬੰਨ੍ਹਿਆ, ਜਿਸਨੂੰ ਸਿੱਖਾਂ ਨੇ ਕਾਇਮ ਰੱਖਿਆ ਹੈ। ਧਾਮੀ ਨੇ ਕਿਹਾ ਕਿ ਜੈਤੋ ਦਾ ਮੋਰਚਾ ਇਸੇ ਹੀ ਸ਼ਾਨਾਂਮੱਤੇ ਇਤਿਹਾਸ ਦੀ ਗਵਾਹੀ ਭਰਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਹ ਇਤਿਹਾਸ ਸੰਗਤਾਂ ਅਤੇ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹੈ। ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਵੀ ਸਿੱਖ ਧਰਮ ਨੂੰ ਲੁਕਵੇਂ ਰੂਪ ਵਿਚ ਕਈ ਤਰ੍ਹਾਂ ਦੀਆਂ ਚੁਣੌਤੀਆਂ ਹਨ, ਜਿਨ੍ਹਾਂ ਨੂੰ ਪਛਾਣ ਕੇ ਇਕਜੁੱਟਤਾ ਨਾਲ ਮੁਕਾਬਲਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਅੱਜ ਕੌਮ ਲਈ ਬਹੱਦ ਜ਼ਰੂਰੀ ਹੈ, ਜਿਸ ਲਈ ਸਮੁੱਚੀ ਕੌਮ ਯੋਗਦਾਨ ਪਾਵੇ।
‘ਜੈਤੋ ਮੋਰਚੇ’ ਦੀ ਪਲੇਠੀ ਸ਼ਤਾਬਦੀ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਮੋਰਚਾ ਸ਼ਤਾਬਦੀ ਮੌਕੇ ਸ਼ਹੀਦਾਂ ਨੂੰ ਸਮਰਪਿਤ ਚਿੱਤਰ ਅਤੇ ਪੁਸਤਕ ਪ੍ਰਦਰਸ਼ਨੀ ਦੌਰਾਨ ਮੋਰਚੇ ਦੇ ਇਤਿਹਾਸ ‘ਤੇ ਛਪੀ ਕਿਤਾਬ “ਖੂਨੀ ਦਾਸਤਾਨ” ਰੀਲੀਜ਼ ਕੀਤੀ ਗਈ ਹੈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਇਤਿਹਾਸ ਦੇ ਸ਼ਹੀਦਾਂ ਬਾਰੇ ਜਾਣੋ ਕਰਵਾਇਆ।
ਜੈਤੋ ਦੇ ਮੋਰਚੇ ਬਾਰੇ ਦੱਸਦਿਆਂ ਧਾਮੀ ਨੇ ਕਿਹਾ ਕਿ ਗੁਰੂ ਦੇ ਸਿਧਾਂਤਾ ‘ਤੇ ਚੱਲਦਿਆਂ ਗੁਰੂ ਦੇ ਸਿੱਖਾਂ ਨੇ ਹਸ਼ ਕੇ ਸ਼ਹੀਦੀਆਂ ਪਾਈਆਂ। ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਜੈਤੋ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ। ਉਪਰੰਤ ਨਗਰ ਕੀਰਤਨ ਨਾਲ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚਦੀ ਹੁੰਦਾ ਹੋਇਆ, ਸਥਾਨਕ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਧਾਮੀ ਨੇ ਕਿਹਾ ਕਿ ਅੱਜ ਸਮਾਂ ਹੈ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕਰਨ ਦਾ ਅਤੇ ਉਨ੍ਹਾਂ ਦੇ ਪਾਏ ਪੁਰਨਿਆਂ ‘ਤੇ ਚੱਲਣ ਦਾ ਜਿਨ੍ਹਾਂ ਨੇ ਆਪਣੇ ਸਿਦਕ ਨਾਲ ਮੌਤ ਨੂੰ ਮੂਹਰੇ ਲਿਆ ਸੀ।