ਖਨੌਰੀ ਬਾਰਡਰ : ਹਰਿਆਣਾ-ਪੰਜਾਬ ਦੇ ਦਾਤਾ ਸਿੰਘ ਵਾਲਾ-ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਵਿੱਚ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਇਸ ਖਬਰ ਦੀ ਪੁਸ਼ਟੀ ਕਰਦਿਆਂ ਕਿਸਾਨ ਆਗੂ ਸਰਵਨ ਪੰਧੇਰ ਨੇ ਕਿਹਾ ਹੈ ਕਿ ਖਨੌਰੀ ਸਰਹੱਦ ‘ਤੇ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਖਨੌਰੀ (ਸੰਗਰੂਰ) ਵਿੱਚ ਕਿਸਾਨ ਪ੍ਰਦਰਸ਼ਨ ਦੌਰਾਨ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਸ਼ੁਭਕਰਮਨ ਨਾਂ ਦਾ ਨੌਜਵਾਨ ਬਠਿੰਡਾ ਦੇ ਰਾਮਪੁਰਾ ਇਲਾਕੇ ਦੇ ਪਿੰਡ ਬੱਲੋ ਦਾ ਰਹਿਣ ਵਾਲਾ ਸੀ। ਸ਼ੁਭਕਰਮਨ ਦੀ ਲਾਸ਼ ਨੂੰ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਧਰਨੇ ਦੌਰਾਨ ਸ਼ੁਭਕਰਮਨ ਪੁੱਤਰ ਚਰਨਜੀਤ ਸਿੰਘ ਦੇ ਸਿਰ ‘ਚ ਕੋਈ ਚੀਜ਼ ਵੱਜਣ ਕਾਰਨ ਉਸ ਦੇ ਸਿਰ ‘ਤੇ ਸੱਟ ਲੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਧਰਨੇ ਵਾਲੀ ਥਾਂ ਤੋਂ ਹੀ ਨੌਜਵਾਨ ਨੂੰ ਖਨੌਰੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਕਾਰ ਵਿੱਚ ਹੀ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਹਰਿਆਣਾ-ਪੰਜਾਬ ਦੇ ਦਾਤਾ ਸਿੰਘ ਵਾਲਾ-ਖਨੌਰੀ ਸਰਹੱਦ ‘ਤੇ ਹੰਗਾਮਾ ਹੋਇਆ ਹੈ। ਕਰੀਬ ਇੱਕ ਘੰਟੇ ਤੱਕ ਇੱਥੇ ਸਥਿਤੀ ਤਣਾਅਪੂਰਨ ਬਣੀ ਰਹੀ। ਪੁਲਿਸ ਨੇ ਕਿਸਾਨਾਂ ਨੂੰ ਭਜਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਉਥੇ ਪਲਾਸਟਿਕ ਦੀਆਂ ਗੋਲੀਆਂ ਚਲਾਈਆਂ ਗਈਆਂ ਹਨ।
ਖਨੌਰੀ ਬਾਰਡਰ ‘ਤੇ ਪੁਲਿਸ ਨਾਲ ਹੋਈ ਝੜਪ ‘ਚ 50 ਤੋਂ ਵੱਧ ਕਿਸਾਨਾਂ ਨੂੰ ਹਲਕੇ ਅਤੇ ਗੰਭੀਰ ਸੱਟਾਂ ਲੱਗੀਆਂ ਹਨ। ਇਸ ਸਮੇਂ 12 ਜ਼ਖਮੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਹਨ। ਇਨ੍ਹਾਂ ‘ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੈਰੀਕੇਡਿੰਗ ਦੇ ਇਸ ਪਾਸੇ ਦੇ ਜ਼ਖਮੀ ਕਿਸਾਨ ਨੂੰ ਨਰਵਾਣਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਹੈ।