ਦਿੱਲੀ : ਇਸ ਸਮੇਂ ਦੇਸ਼ ਭਰ ‘ਚ ਮੌਸਮ ਲਗਾਤਾਰ ਬਦਲ ਰਿਹਾ ਹੈ। ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਪਹਾੜਾਂ ‘ਤੇ ਬਰਫ਼ਬਾਰੀ ਹੋ ਰਹੀ ਹੈ ਅਤੇ ਮੈਦਾਨੀ ਇਲਾਕਿਆਂ ‘ਚ ਮੀਂਹ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਇੱਕ ਅੱਪਡੇਟ ਜਾਰੀ ਕਰਦਿਆਂ ਕਿਹਾ ਕਿ ਉੱਤਰ-ਪੱਛਮੀ ਭਾਰਤ ਦੇ ਕੁਝ ਖੇਤਰਾਂ ਵਿੱਚ ਅਗਲੇ 3 ਦਿਨਾਂ ਤੱਕ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।
ਆਈਐਮਡੀ ਮੁਤਾਬਕ 22 ਫਰਵਰੀ ਤੋਂ 25 ਫਰਵਰੀ ਤੱਕ 15 ਖੇਤਰਾਂ ਵਿੱਚ ਮੀਂਹ ਜਾਰੀ ਰਹੇਗਾ। 5 ਸੂਬਿਆਂ ‘ਚ ਕਈ ਇਲਾਕਿਆਂ ‘ਚ ਗੜੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਫ਼ਿਲਹਾਲ ਮੀਂਹ ਅਤੇ ਬਰਫ਼ਬਾਰੀ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ ‘ਚ ਸਪਸ਼ਟ ਕੀਤਾ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮੌਸਮ ‘ਚ ਵੱਡਾ ਬਦਲਾਅ ਹੋਵੇਗਾ ਅਤੇ ਬੱਦਲ ਛਾਏ ਰਹਿਣਗੇ। ਇਸ ਦੌਰਾਨ ਹਲਕੀ ਬਾਰਸ਼ ਹੋ ਸਕਦੀ ਹੈ। ਹਾਲਾਂਕਿ, 22 ਫਰਵਰੀ ਨੂੰ ਮੀਂਹ ਦੀ ਗਤੀਵਿਧੀ ਨੂੰ ਰੱਦ ਕਰ ਦਿੱਤਾ ਗਿਆ ਹੈ।
ਬਿਹਾਰ ਦੇ ਕਈ ਇਲਾਕਿਆਂ ‘ਚ ਦਰਮਿਆਨੀ ਬਾਰਸ਼ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਇਹ ਰੁਝਾਨ 25 ਫਰਵਰੀ ਤੱਕ ਜਾਰੀ ਰਹੇਗਾ ਜਦਕਿ ਝਾਰਖੰਡ ਦੇ ਕਈ ਇਲਾਕਿਆਂ ‘ਚ ਵੀ ਆਸਮਾਨ ਬੱਦਲਵਾਈ ਰਹੇਗਾ। ਪੱਛਮੀ ਬੰਗਾਲ ਵਿੱਚ ਵੀ ਆਸਮਾਨ ਬੱਦਲਵਾਈ ਰਹੇਗਾ। ਕੁਝ ਇਲਾਕਿਆਂ ‘ਚ ਹਲਕੀ ਬਾਰਸ਼ ਹੋ ਸਕਦੀ ਹੈ। ਰਾਜਸਥਾਨ ਸਮੇਤ ਮੱਧ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਗੜੇਮਾਰੀ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ ਦੱਖਣੀ ਰਾਜਾਂ ਵਿੱਚ ਮੌਸਮ ਸੁਹਾਵਣਾ ਰਹੇਗਾ।
ਸਕਾਈਮੇਟ ਮੌਸਮ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਪੱਛਮੀ ਹਿਮਾਲੀਅਨ ਖੇਤਰ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਅਤੇ ਭਾਰੀ ਬਰਫ਼ਬਾਰੀ ਦੀ ਸੰਭਾਵਨਾ ਹੈ। ਪੱਛਮੀ ਹਿਮਾਲਿਆ ਉੱਤੇ ਮੀਂਹ ਅਤੇ ਬਰਫ਼ਬਾਰੀ ਦੀ ਤੀਬਰਤਾ ਕਾਫ਼ੀ ਘੱਟ ਜਾਵੇਗੀ ਪਰ ਅਰੁਣਾਚਲ ਪ੍ਰਦੇਸ਼ ਵਿੱਚ 23 ਫਰਵਰੀ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਉੱਤਰੀ ਪੰਜਾਬ, ਉੱਤਰੀ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ, ਗੰਗਾ ਪੱਛਮੀ ਬੰਗਾਲ, ਪੂਰਬੀ ਉੱਤਰ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਸਿੱਕਮ, ਝਾਰਖੰਡ ਦੇ ਕੁਝ ਹਿੱਸਿਆਂ, ਉੱਤਰ-ਪੂਰਬੀ ਰਾਜਸਥਾਨ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਕੇਰਲ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਸ਼ ਹੋ ਸਕਦੀ ਹੈ।