ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਾਲ 2024-25 ਲਈ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਬਜਟ ਇਜਲਾਸ ਦੀ ਇਕੱਤਰਤਾ ਸ.ਤੇਜਾ ਸਿੰਘ ਸਮੁੰਦਰੀ ਹਾਲ, ਸ਼੍ਰੀ ਅੰਮ੍ਰਿਤਸਰ ਵਿਖੇ ਹੋਈ। ਬਜਟ ਪੇਸ਼ ਕਰਨ ਤੋਂ ਪਹਿਲਾਂ ਪੰਜ ਵਾਰ ਮੂਲ ਮੰਤਰ ਦਾ ਜਾਪ ਕੀਤਾ ਗਿਆ ਅਤੇ ਬਜਟ ਦੀ ਸ਼ੁਰੂਆਤ ਵਿੱਚ ਵਿਛੜ ਚੁੱਕੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਬਜਟ ਪੇਸ਼ ਕੀਤਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 2024-25 ਦਾ ਸਾਲਾਨਾ ਬਜਟ ਪੇਸ਼ ਕੁੱਲ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਰੱਖਿਆ ਗਿਆ ਹੈ।
ਵੱਖ-ਵੱਖ ਵਰਗਾਂ ਦਾ ਰੱਖਿਆ ਗਿਆ ਇਨਾਂ ਬਜਟ
- ਟਰੱਸਟ ਫੰਡ ਦਾ ਕੁਲ ਬਜਟ 55 ਕਰੋੜ 66 ਲੱਖ ਰੁਪਏ
- ਜਨਰਲ ਬੋਰਡ ਫੰਡ ਦਾ ਕੁੱਲ ਬੱਜਟ 82 ਕਰੋੜ
- ਸ਼ਹੀਦ ਅਤੇ ਜਖਮੀ ਸਿੰਘਾਂ ਦੇ ਪਰਿਵਾਰਾਂ ਨੂੰ ਸਹਾਇਤਾ ਲਈ ਸ਼ਹੀਦੀ ਫੰਡ ‘ਚ 10 ਲੱਖ ਰੁਪਏ
- ਖੇਡਾਂ ਲਈ ਤਿੰਨ ਕਰੋੜ ਛੇ ਲੱਖ ਰੁਪਏ ਦਾ ਬਜਟ
- ਜੇਲਾਂ ‘ਚ ਬੰਦ ਸਿੰਘਾਂ ਦੇ ਕੇਸਾਂ ਦੀ ਪੈਰਵੀ ਲਈ 30 ਲੱਖ ਰੁਪਏ ਤੇ ਸਪੈਸ਼ਲ ਅਦਾਲਤਾਂ ਦੇ ਕੇਸਾਂ ‘ਚ ਵਕੀਲਾਂ ਦੀ ਫੀਸ ਆਦਿ ਲਈ 30 ਲੱਖ ਰੁਪਏ ਅਤੇ ਜਨਰਲ ਬੋਰਡ ਫੰਡ ਚ ਇੱਕ ਕਰੋੜ 80 ਲੱਖ ਵੱਖਰੇ ਰੱਖੇ ਗਏ ਹਨ
- ਸ੍ਰੀ ਹਰਿਮੰਦਰ ਸਾਹਿਬ ਦਾ ਕੁੱਲ ਬਜਟ 4 ਅਰਬ 55 ਕਰੋੜ ਰੁਪਏ
- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 2024-25 ਦਾ ਸਾਲਾਨਾ ਬਜਟ ਪੇਸ਼ ਕੁੱਲ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਰੱਖਿਆ ਬਜਟ ਸ੍ਰੀ ਹਰਿਮੰਦਰ ਸਾਹਿਬ ਦਾ ਕੁੱਲ ਬਜਟ 4 ਅਰਬ 55 ਕਰੋੜ ਰੁਪਏ ।
- ਜੇਲ੍ਹਾਂ ‘ਚ ਬੰਦ ਸਿੰਘਾਂ ਨੂੰ ਸਨਮਾਨ ਭੱਤਾ ਦੇਣ ਲਈ 40 ਲੱਖ ਰੁਪਏ ਰੱਖੇ ਗਏ ਸਿੱਖਿਆ ‘ਤੇ 56 ਕਰੋੜ 10 ਲੱਖ ਰੁਪਏ ਖਰਚੇ ਜਾਣਗੇਧਰਮ ਪ੍ਰਚਾਰ ਲਈ ਰੱਖੇ ਗਏ 100 ਕਰੋੜ ਰੁਪਏ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2024-25 (ਨਾਨਕਸ਼ਾਹੀ ਸੰਮਤ ੫੫੬) ਦਾ ਸਾਲਾਨਾ ਬਜਟ ਇਜਲਾਸ ਜਾਰੀ। pic.twitter.com/4tmWWqRJ9r
— Shiromani Gurdwara Parbandhak Committee (@SGPCAmritsar) March 29, 2024
ਬਜਟ ਪੇਸ਼ ਹੋਣ ਤੋਂ ਬਾਅਦ ਪ੍ਰਧਾਨ ਧਾਮੀ ਨੇ ਮਤੇ ਪੇਸ਼ ਕੀਤੇ।
ਮਤਾ ਪਹਿਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਕੇਂਦਰ ਸਰਕਾਰ ਦਾ ਉਦਾਸੀਨਤਾ ਨੂੰ ਸਿੱਖਾਂ ਨਾਲ ਆਪਣੇ ਹੀ ਦੇਸ਼ ਅੰਦਰ ਵੱਡਾ ਵਿਤਕਰਾ ਵਖ਼ਰਾਵਾਂ ਕਰਾਰ ਦਿੰਦੀ ਹੈ। ਸਰਕਾਰ ਵੱਲੋਂ ਬੰਦੀ ਸਿੰਘਾਂ ਨਾਲ ਮਨੁੱਖੀ ਅਧਿਕਾਰਾਂ ਦੇ ਅਣਦੇਖੀ ਕਰਕੇ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਕਿਉਂਕਿ ਬੰਦੀ ਸਿੰਘਾਂ ਨੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਉਮਰ ਕੈਦ ਤੋਂ ਦੁਗਣੀਆਂ ਸਜਾਵਾਂ ਭੁਗਤ ਲਈਆਂ ਹਨ।
ਅੱਜ ਦਾ ਜਨਰਲ ਇਜਲਾਸ ਕੇਂਦਰ ਸਰਕਾਰ ਨੂੰ ਸਪੱਸ਼ਟ ਕਰਦਾ ਹੈ ਕਿ ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਦਾ ਵਜੂਦ ਇਤਿਹਾਸ ਅਤੇ ਸਿਧਾਂਤ ਦੀ ਧਾਰਾ ਨਾਲ ਜੁੜਿਆ ਹੋਇਆ ਹੈ। ਇਸ ਲਈ ਕੇਂਦਰ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦਿਆਂ ਬੰਦੀ ਸਿੰਘਾਂ ਦੇ ਮਾਮਲੇ ‘ਤੇ ਪੰਜ ਮੈਂਬਰੀ ਕਮੇਟੀ ਨਾਲ ਗੱਲਬਾਤ ਦਾ ਰਾਹ ਖੋਲ੍ਹੇ ਅਤੇ ਸਿੱਖ ਕੌਮ ਨੂੰ ਸੰਘਰਸ਼ ਦੇ ਰਾਹ ‘ਤੇ ਤੁਰਨ ਲਈ ਮਜ਼ਬੂਰ ਨਾ ਕਰੇ।
ਮਤਾ ਦੂਸਰਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਸਾਲ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੀ ਪੈਰੋਕਾਰ ਹਨੀਪ੍ਰੀਤ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕਰਦਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਰਨਲ ਇਜਲਾਸ ਪੰਜਾਬ ਸਰਕਾਰ ਪਾਸੋਂ ਮੰਗ ਕਰਦਾ ਹੈ ਕਿ ਪ੍ਰਦੀਪ ਕਲੇਰ ਦੇ ਬਿਆਨਾਂ ਦੇ ਆਧਾਰ ‘ਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਖਿਲਾਫ਼ ਬਣਦੀ ਕਾਰਵਾਈ ਆਰੰਭੀ ਜਾਵੇ। ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਚੋਂ ਪੰਜਾਬ ਸਰਕਾਰ ਅਦਾਲਤੀ ਪ੍ਰਕਿਰਿਆ ਰਾਹੀਂ ਹਿਰਾਸਤ ਵਿਚ ਲਵੇ ਅਤੇ ਇਸ ਦੇ ਨਾਲ ਹੀ ਹਨੀਪ੍ਰੀਤ ਨੂੰ ਤੁਰੰਤ ਹੀ ਗ੍ਰਿਫ਼ਤਾਰ ਕੀਤਾ ਜਾਵੇ। ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਬੇਹੱਦ ਸੰਜੀਦਾ ਮੁੱਦਾ ਹੈ, ਜਿਸ ਵਿਚ ਪੰਜਾਬ ਸਰਕਾਰ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੇ।
ਮਤਾ ਤੀਸਰਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਰਨਲ ਇਜਲਾਸ ਦੇਸ਼ ਦੇ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਇਹ ਜਰਨਲ ਇਜਲਾਸ ਇਹ ਮਹਿਸੂਸ ਕਰਦਾ ਹੈ ਕਿ ਭਾਰਤ ਸਰਕਾਰ ਦਾ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਅੜੀਅਲ ਵਤੀਰਾ ਠੀਕ ਨਹੀਂ ਹੈ ਅਤੇ ਇਹ ਦੇਸ਼ ਦੇ ਭਵਿੱਖ ਲਈ ਵੀ ਚਿੰਤਾਜਨਕ ਹੈ। ਇਹ ਇਜਲਾਸ ਭਾਰਤ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਉਹ ਆਪਣੀ ਅੜੀ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਐਲਾਨ ਕਰੇ। ਅੱਜ ਦਾ ਇਹ ਇਜਲਾਸ ਭਾਰਤ ਸਰਕਾਰ ਪਾਸੋਂ ਮੰਗ ਕਰਦਾ ਹੈ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ‘ਤੇ ਕੀਤੇ ਤਸ਼ੱਦਦ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਮਾਰੇ ਗਏ ਨੌਜੁਆਨ ਸਮੇਤ ਤਸ਼ੱਦਦ ਦਾ ਸ਼ਿਕਾਰ ਹੋਏ ਫੱਟੜ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ।
ਮਤਾ ਚੌਥਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਸਿੱਖ ਕੋਮ ਦੀਆਂ ਸੰਸਥਾਵਾਂ ਵਿਚ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ।
ਸਰਕਾਰਾਂ ਸਿੱਖ ਸੰਸਥਾਵਾਂ ਵਿਚ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਤੋਂ ਬਾਜ ਆਉਣ। ਸਿੱਖਾਂ ਨੇ ਨਾ ਕਦੇ ਪੁਰਾਤਨ ਸਮੇਂ ਅੰਦਰ ਗੁਰਧਾਮਾਂ ਦੀ ਸੇਵਾ-ਸੰਭਾਲ ਵਿਚ ਸਰਕਾਰ ਦਖ਼ਲ ਬਰਦਾਸ਼ਤ ਕੀਤਾ ਹੈ ਅਤੇ ਨਾ ਹੀ ਹੁਣ ਕੀਤਾ ਜਾਵੇਗਾ।
ਮਤਾ ਪੰਜਵਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ‘ਤੇ ਲਗਾਈ ਗਈ ਐਨਐਸਏ ਵਿੱਚ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ।
ਜਨਰਲ ਇਜਲਾਸ ਮਹਿਸੂਸ ਕਰਦਾ ਹੈ ਕਿ ਇਨ੍ਹਾਂ ਨੌਜੁਆਨਾਂ ਵੱਲੋਂ ਕੋਈ ਅਜਿਹਾ ਗੁਨਾਹ ਨਹੀਂ ਕੀਤਾ ਗਿਆ ਕਿ ਇਨ੍ਹਾਂ ਨੂੰ ਦੇਸ਼ ਵਿਰੋਧੀ ਗਰਦਾਨ ਕੇ ਸੂਬੇ ਤੋਂ ਬਾਹਰ ਹਜ਼ਾਰਾਂ ਕਿਲੋਮੀਟਰ ਦੂਰ ਜੇਲ੍ਹਾਂ ਵਿਚ ਬੰਦ ਰੱਖਿਆ ਜਾਵੇ। ਇਹ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਉਚਿਤ ਕਾਰਵਾਈ ਨਹੀਂ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਇਹ ਜਨਰਲ ਇਜਲਾਸ ਪੰਜਾਬ ਸਰਕਾਰ ਨੂੰ ਆਖਦਾ ਹੈ ਕਿ ਡਿਬਰੂਗੜ੍ਹ ਜੇਲ ਵਿਚ ਨਜ਼ਰਬੰਦ ਨੌਜੁਆਨਾਂ ‘ਤੇ ਲਗਾਈ ਗਈ ਐਨਐਸਏ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਤਬਦੀਲ ਕਰਕੇ ਉਨ੍ਹਾਂ ਦੇ ਮਨੁੱਖੀ ਹੱਕ-ਹਕੂਕ ਸੁਰੱਖਿਅਤ ਰੱਖੇ ਜਾਣ।
ਮਤਾ ਛੇਵਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਪਾਕਿਸਤਾਨ ‘ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕਰਦਾ ਹੈ।
ਪੰਜਾਬੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਦੀ ਮਾਂ ਭਾਸ਼ਾ ਹੈ, ਜੋ ਕਿ ਨਵੀਂ ਪੀੜ੍ਹੀ ਨੂੰ ਪੜ੍ਹਾਈ ਜਾਣੀ ਬੇਹੱਦ ਜ਼ਰੂਰੀ ਹੈ। ਆਪਣੀ ਮਾਂ ਭਾਸ਼ਾ ਤੋਂ ਟੁੱਟ ਕੇ ਕੋਈ ਵੀ ਕੌਮ ਕਾਮਯਾਬ ਨਹੀਂ ਹੋ ਸਕਦੀ ਅਤੇ ਆਪਣੀ ਵਿਰਾਸਤ ਤੋਂ ਵੀ ਖੁੰਝ ਜਾਂਦੀ ਹੈ। ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਦਾ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਨੂੰ ਵਿਸ਼ੇ ਵਜੋਂ ਪੜ੍ਹਾਉਣ ਦਾ ਐਲਾਨ ਸਵਾਗਤਯੋਗ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਹ ਜਨਰਲ ਇਜਲਾਸ ਇਹ ਵਚਨਬੱਧਤਾ ਪ੍ਰਗਟਾਉਂਦਾ ਹੈ ਕਿ ਸਿੱਖ ਸੰਸਥਾ ਪਾਕਿਸਤਾਨ ਅੰਦਰ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਵਾਸਤੇ ਹਰ ਤਰ੍ਹਾਂ ਦੇ ਸਹਿਯੋਗ ਲਈ ਵੀ ਤਿਆਰ ਹੈ।
ਮਤਾ ਸੱਤਵਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਭਾਰਤ ਸਰਕਾਰ ਦੇ ਨਾਲ ਨਾਲ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਪਾਸੋਂ ਮੰਗ ਕਰਦਾ ਹੈ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ‘ਚ ਸਿੱਖ ਕੌਮ ਦੇ ਇਤਿਹਾਸਕ ਅਸਥਾਨਾਂ ਨਾਲ ਸਬੰਧਤ ਲਟਕਦੇ ਆ ਰਹੇ ਮਾਮਲਿਆਂ ਨੂੰ ਤੁਰੰਤ ਹੱਲ ਕੀਤਾ ਜਾਵੇ।
ਮਤਾ ਅੱਠਵਾਂ
ਪੰਜਾਬ ਗੁਰੂ ਸਾਹਿਬਾਨ ਦੀ ਪਵਿੱਤਰ ਸੋਚ ਦਾ ਪ੍ਰਤੀਕ ਹੈ। ਇਥੋਂ ਦੇ ਸਾਰੇ ਸਰੋਕਾਰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ‘ਤੇ ਟਿਕੇ ਹੋਏ ਹਨ। ਗੁਰਮਤਿ ਦੇ ਫ਼ਲਸਫ਼ੇ ਨੇ ਲੋਕਾਈ ਨੂੰ ਸੁਚੱਜਾ ਜੀਵਨ ਜਿਊਣ ਦੀ ਅੰਮ੍ਰਿਤਮਈ ਅਗਵਾਈ ਦਿੱਤੀ ਹੈ, ਪਰੰਤੂ ਗੁਰੂ ਸਾਹਿਬਾਨ ਦੇ ਨਾਂ ‘ਤੇ ਵੱਸਦੇ ਇਸ ਪੰਜਾਬ ਅੰਦਰ ਅੱਜ ਨਸ਼ਿਆਂ ਦਾ ਵਰਤਾਰਾ ਵੱਡੀ ਚਿੰਤਾ ਵਾਲਾ ਹੈ। ਹਾਲ ਹੀ ਵਿਚ ਪੰਜਾਬ ਵਿਧਾਨ ਸਭਾ ਅੰਦਰ ਪੰਜਾਬ ਦੇ ਇਕ ਵਿਧਾਇਕ ਵੱਲੋਂ ਬੇਹੱਦ ਚਿੰਤਾਜਨਕ ਵੇਰਵੇ ਨਸ਼ਰ ਕੀਤੇ ਗਏ ਹਨ। ਉਸ ਅਨੁਸਾਰ ਪੰਜਾਬ ਅੰਦਰ ਨਸ਼ਿਆਂ ਕਰਕੇ ਸਾਲ 2020 ਤੋਂ ਮਾਰਚ 2024 ਤੱਕ 425 ਮੌਤਾਂ ਹੋਈਆਂ ਹਨ। ਬੀਤੇ ਦਿਨੀਂ ਸੰਗਰੂਰ ਜਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਵੀ ਪੰਜਾਬ ਦੀ ਨਸ਼ਿਆਂ ਪ੍ਰਤੀ ਮੌਜੂਦਾ ਹਾਲਤ ਬਿਆਨ ਕਰਨ ਵਾਲੀਆਂ ਹਨ।
ਅੱਜ ਦਾ ਇਹ ਜਨਰਲ ਇਜਲਾਸ ਪੰਜਾਬ ਸਰਕਾਰ ਨੂੰ ਨਸ਼ਿਆਂ ਦੀ ਰੋਕਥਾਮ ਲਈ ਢੁੱਕਵੇਂ ਕਦਮ ਚੁੱਕਣ ਲਈ ਆਖਦਾ ਹੈ। ਪੰਜਾਬ ਦੇ ਲੋਕਾਂ ਅਤੇ ਖਾਸਕਰ ਨੌਜੁਆਨਾਂ ਨੂੰ ਵੀ ਅਪੀਲ ਹੈ ਕਿ ਨਸ਼ਿਆਂ ਦੇ ਮਾਰੂ ਵਰਤਾਰੇ ਵਿਰੁੱਧ ਸੰਗਠਤ ਹੋ ਕੇ ਇਸ ਨੂੰ ਠੱਲ੍ਹ ਪਾਉਣ ਲਈ ਜ਼ਿੰਮੇਵਾਰੀ ਨਿਭਾਉਣ। ਗੁਰੂ ਸਾਹਿਬਾਨ ਦੇ ਫ਼ਲਸਫ਼ੇ ਅਨੁਸਾਰੀ ਪੰਜਾਬ ਦੀ ਪੁਨਰ ਸੁਰਜੀਤੀ ਲਈ ਇਹ ਬੇਹੱਦ ਜ਼ਰੂਰੀ ਹੈ।
ਮਤਾ ਨੌਵਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਿੱਖਾਂ ਵਿਰੁੱਧ ਸੰਗਠਤ ਤੌਰ ‘ਤੇ ਕੀਤੇ ਜਾ ਰਹੇ ਸਾਜ਼ਿਸ਼ੀ ਅਤੇ ਨਫ਼ਰਤੀ ਪ੍ਰਚਾਰ ਨੂੰ ਰੋਕਣ ਲਈ ਸਰਕਾਰਾਂ ਨੂੰ ਆਪਣੀ ਜ਼ੁੰਮੇਵਾਰੀ ਨਿਭਾਉਣ ਲਈ ਆਖਦਾ ਹੈ।
ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਤੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਹੋਰ ਮੈਂਬਰ ਸਾਹਿਬਾਨ ਮੌਜੂਦ ਸਨ।