Punjab

ਕਪੂਰਥਲਾ ‘ਚ ‘ਆਪ’ ਆਗੂਆਂ ਦਾ ਪ੍ਰਦਰਸ਼ਨ, ਮਨਾਇਆ ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ ਦਿਵਸ

ਦਿੱਲੀ (Delhi) ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ (AAP) ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਅੱਜ ਐਤਵਾਰ ਨੂੰ ਕਪੂਰਥਲਾ ਦੇ ਮਾਲ ਰੋਡ ’ਤੇ ‘ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ’ ਦਿਵਸ ਮਨਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ‘ਚ ਹਾਜ਼ਰ ਆਗੂਆਂ ਅਤੇ ਵਲੰਟੀਅਰਾਂ ਨੇ ਪਹਿਲਾਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਫਿਰ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ |

‘ਆਪ’ ਆਗੂ ਪਰਵਿੰਦਰ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ, ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਅਤੇ ਕਪੂਰਲਥਾ ਤੋਂ ਹਲਕਾ ਇੰਚਾਰਜ ਮੰਜੂ ਰਾਣਾ, ਕੁੰਵਰ ਇਕਬਾਲ ਸਿੰਘ, ਹਰਜਿੰਦਰ ਖਾਲਸਾ ਆਦਿ ਨੇ ਕਿਹਾ ਕਿ ਇਹ ਧਰਨਾ ਪ੍ਰਦਰਸ਼ਨ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਕੀਤਾ ਜਾ ਰਿਹਾ ਹੈ।

 

ਡਾ. ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ

ਧਰਨਾ ਦੇ ਰਹੇ ‘ਆਪ’ ਵਰਕਰਾਂ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਕਿਹਾ ਕਿ ਦੇਸ਼ ‘ਚੋਂ ਭਾਜਪਾ ਦਾ ਸਫਾਇਆ ਕਰਕੇ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ | ਆਗੂਆਂ ਨੇ ਦੱਸਿਆ ਕਿ ਅੱਜ ਦਾ ਪ੍ਰੋਗਰਾਮ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ‘ਤੇ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪਾਰਟੀ ਦਾ ਹਰ ਆਗੂ ਅਤੇ ਵਲੰਟੀਅਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ‘ਤੇ ਦੇਸ਼ ਭਰ ਵਿੱਚ ”ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ ਦਿਵਸ” ਮਨਾ ਰਿਹਾ ਹੈ।

ਧਰਨਾ ਦੇ ਰਹੇ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਾਡੇ ਲੋਕਤੰਤਰ ਅਤੇ ਸੰਵਿਧਾਨ ‘ਤੇ ਹਮਲਾ ਕਰ ਰਹੀ ਹੈ। ਇਸ ਦਾ ਮੁਕਾਬਲਾ ਕਰਨ ਲਈ ਸਾਨੂੰ ਇਕਜੁੱਟ ਹੋਣ ਦੀ ਲੋੜ ਹੈ। ਜਿਸ ਤਰ੍ਹਾਂ ਭਾਜਪਾ ਧੱਕੇਸ਼ਾਹੀ ਅਤੇ ਪੈਸੇ ਦੇ ਲਾਲਚ ਰਾਹੀ ‘ਆਪ’ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਇਸ ਵਿੱਚ ਕਾਮਯਾਬ ਨਹੀਂ ਹੋ ਸਕਣਗੇ। ਕਿਉਂਕਿ ‘ਆਪ’ ਦਾ ਹਰ ਵਲੰਟੀਅਰ ਪੂਰੀ ਦ੍ਰਿੜਤਾ ਨਾਲ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹਾ ਹੈ ਅਤੇ ਅਜਿਹੀਆਂ ਧਮਕੀਆਂ ਤੋਂ ਡਰਨ ਵਾਲਾ ਨਹੀਂ ਹੈ।