ਖਡੂਰ ਸਾਹਿਬ ਸੀਟ ਤੋਂ ਚੋਣ ਲੜ ਰਹੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਅੱਜ ਇਲਜ਼ਾਮ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਚੋਣ ਮੁਹਿੰਮ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਖਡੂਰ ਸਾਹਿਬ ਦੇ ਨੌਂ ਹਿੱਸਿਆਂ ਵਾਲੇ ਵਟਸਐਪ ਗਰੁੱਪਾਂ ਨੂੰ ਪ੍ਰਚਾਰ ਲਈ ਬਲਾਕ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਅਕਾਊਂਟ ਨੂੰ ਬਲਾਕ ਕਰਨ ਤੋਂ ਇਲਾਵਾ ਅਧਿਕਾਰੀ ਅੰਮ੍ਰਿਤਪਾਲ ਦੀ ਨਾਮਜ਼ਦਗੀ ਭਰਨ ਵਿੱਚ ਵੀ ਮੁਸ਼ਕਲਾਂ ਪੈਦਾ ਕਰ ਸਕਦੇ ਹਨ। ਅੰਮ੍ਰਿਤਪਾਲ ਸਿੰਘ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੇ ਤਹਿਤ 9 ਹੋਰ ਨਜ਼ਰਬੰਦਾਂ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ। ਉਹ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਜਾ ਰਹੇ ਹਨ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਸਾਨੂੰ ਲੋਕ ਸਭਾ ਚੋਣਾਂ ਲੜਨ ਦਾ ਬਰਾਬਰ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਪਰਿਵਾਰ ਨੇ ਅੰਮ੍ਰਿਤਪਾਲ ਖਿਲਾਫ ਦਰਜ ਸਾਰੇ ਮਾਮਲੇ ਜਨਤਕ ਕਰਨ ਦੀ ਮੰਗ ਵੀ ਕੀਤੀ ਹੈ।
ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਇੰਚਾਰਜ ਪਰਮਜੀਤ ਕੌਰ ਖਾਲੜਾ ਨੇ ਕਿਹਾ ਹੈ ਕਿ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੇ ਦੋ ਪੇਜ ਵੀ ਬਲਾਕ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡਾ ‘X’ ਖਾਤਾ ਰੋਕ ਲਿਆ ਗਿਆ ਹੈ। ਇੱਥੋਂ ਤੱਕ ਕਿ ਫੇਸਬੁੱਕ ਪੇਜ ਨੂੰ ‘ਰੀਡਾਇਰੈਕਟ’ ਕੀਤਾ ਗਿਆ ਹੈ। ਸਾਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਲਈ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ।