Punjab

ਫ਼ਿਰੋਜ਼ਪੁਰ ਬੇਅਦਬੀ ਮਾਮਲੇ ‘ਚ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ ਬੇਅਦਬੀ ਮਾਮਲੇ ਵਿੱਚ ਪੁਲਿਸ ਨੇ ਕਤਲ ਕਰਨ ਵਾਲੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਜਰਨੈਲ ਸਿੰਘ ਨੇ ਨਾਮ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ‘ਤੇ ਕਤਲ ਦਾ ਪਰਚਾ ਦਰਜ ਕੀਤਾ ਹੈ। ਮੁਲਜ਼ਮ ਨੇ ਬੇਅਦਬੀ ਕਰਨ ਵਾਲੇ ‘ਤੇ ਤਲਵਾਰ ਨਾਲ ਹਮਲਾ ਕੀਤਾ ਸੀ ਅਤੇ ਮੁਲਜ਼ਮ ਖ਼ਿਲਾਫ਼ ਪਹਿਲਾ ਵੀ ਕਤਲ ਦਾ ਪਰਚਾ ਦਰਜ ਹੈ।

ਦੱਸ ਦਈਏ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਸਾਹਿਬ ਵਿੱਚ  ਬੇਅਦਬੀ ਦੀ ਘਟਨਾ ਤੋਂ ਬਾਅਦ ਬਖਸ਼ੀਸ਼ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ। ਉਸ ਨੇ ਇੱਥੋਂ ਦੇ ਪਿੰਡ ਬੰਡਾਲਾ ਦੇ ਗੁਰਦੁਆਰੇ ਦੀ ਹਦੂਦ ਅੰਦਰ ਦਾਖ਼ਲ ਹੋ ਕੇ ਕਥਿਤ ਤੌਰ ’ਤੇ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕੁਝ ਪੰਨੇ ਪਾੜ ਦਿੱਤੇ ਸਨ।

ਜਰਨੈਲ ਉਸ ਗੁੱਸੇ ਦੀ ਭੀੜ ਦੀ ਅਗਵਾਈ ਕਰ ਰਿਹਾ ਸੀ ਜਿਸ ਨੇ ਬਖਸ਼ੀਸ਼ ਦੀ ਕੁੱਟਮਾਰ ਕੀਤੀ ਸੀ। ਪੁਲਿਸ ਨੇ ਦੱਸਿਆ ਕਿ ਉਸ ‘ਤੇ ਤਲਵਾਰਾਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਬਾਅਦ ‘ਚ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਬਖਸ਼ੀਸ਼ ਦੇ ਪਿਤਾ ਲਖਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਜਰਨੈਲ ਅਤੇ ਕੁਝ ਹੋਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਆਰਿਫ ਕੇ ਪੁਲਿਸ ਸਟੇਸ਼ਨ ਵਿੱਚ ਭਾਰਤੀ ਦੰਡ ਵਿਧਾਨ ਦੀ ਧਾਰਾ 295-ਏ (ਜਾਨਬੁੱਝ ਕੇ ਅਤੇ ਭੈੜੇ ਕੰਮ, ਧਾਰਮਿਕ ਭਾਵਨਾਵਾਂ ਜਾਂ ਵਿਸ਼ਵਾਸਾਂ ਨੂੰ ਭੜਕਾਉਣ ਦੇ ਇਰਾਦੇ ਨਾਲ) ਦੇ ਤਹਿਤ ਬਖਸ਼ੀਸ਼ ਦੇ ਖਿਲਾਫ ਇੱਕ ਹੋਰ ਐਫਆਈਆਰ ਵੀ ਦਰਜ ਕੀਤੀ ਸੀ।

ਗੌਰਤਲਬ ਹੈ ਕਿ ਪੰਜਾਬ ਦੇ ਫ਼ਿਰੋਜ਼ਪੁਰ ‘ਚ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁਲਜ਼ਮ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇਹ ਘਟਨਾ ਮੱਲਾਂਵਾਲਾ ਕਸਬੇ ਦੇ ਪਿੰਡ ਬੰਡਾਲਾ ਦੀ ਹੈ। ਇਸ ਹਾਦਸੇ ਦਾ ਲਾਈਵ ਵੀਡੀਓ ਸਾਹਮਣੇ ਆਇਆ ਸੀ, ਜਿਸ ‘ਚ ਕੁਝ ਲੋਕ ਮੁਲਜ਼ਮ ‘ਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ। ਪਹਿਲਾਂ ਕਈ ਲੋਕਾਂ ਨੇ  ਮੁਲਜ਼ਮ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਜ਼ਮੀਨ ‘ਤੇ ਸੁੱਟ ਦਿੱਤਾ। ਇਸ ਤੋਂ ਬਾਅਦ ਦੋ ਅਤੇ ਫਿਰ ਇਕ ਵਿਅਕਤੀ ਨੇ ਮੁਲਜ਼ਮ ‘ਤੇ ਤਲਵਾਰ ਨਾਲ ਹਮਲਾ ਕਰਨਾ ਜਾਰੀ ਰੱਖਿਆ। ਇਸ ਕਾਰਨ ਮੁਲਜ਼ਮ ਦੀ ਮੌਤ ਹੋ ਗਈ ਸੀ।