ਚੰਡੀਗੜ੍ਹ ਦਾ ਪਾਰਾ ਆਮ ਨਾਲੋਂ ਕਾਫੀ ਵਧ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਹੀਟ ਵੇਵ ਜਾ ਰੈੱਡ ਅਲਰਟ ਅਤੇ 21 ਅਤੇ 22 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹੁਣ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਘੱਟੋ-ਘੱਟ ਤਾਪਮਾਨ 26.6 ਡਿਗਰੀ ਦਰਜ ਕੀਤਾ ਗਿਆ ਹੈ। 24 ਘੰਟਿਆਂ ਵਿੱਚ 0.6 ਦਾ ਵਾਧਾ ਦਰਜ ਕੀਤਾ ਗਿਆ ਹੈ। ਜਿੱਥੇ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਦਰਜ ਕੀਤਾ ਗਿਆ ਹੈ, ਉਥੇ ਅੱਜ ਇਹ 44 ਡਿਗਰੀ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਲੋਕਾਂ ਨੂੰ ਧੁੱਪ ਵਿਚ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।
ਹੀਟ ਵੇਵ ਤੋਂ ਬਚਣ ਲਈ ਕਰੋ ਇਹ ਕੰਮ
ਲੂ ਤੋਂ ਬਚਣ ਲਈ, ਜਿੰਨਾ ਸੰਭਵ ਹੋ ਸਕੇ ਧੁੱਪ ਦੇ ਸਮੇਂ ਦੌਰਾਨ ਘਰ ਤੋਂ ਬਾਹਰ ਨਾ ਨਿਕਲੋ। ਹਲਕੇ ਰੰਗ ਦੇ ਕੱਪੜੇ ਪਾਓ। ਅੱਖਾਂ ਦੀ ਸੁਰੱਖਿਆ ਲਈ ਐਨਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਟੋਪੀ ਅਤੇ ਛੱਤਰੀ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਜ਼ਿਆਦਾ ਪ੍ਰੋਟੀਨ ਅਤੇ ਬਾਸੀ ਭੋਜਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕਰਨਾ ਚਾਹੀਦਾ ਹੈ। ਪਰ ਜੇਕਰ ਤੁਸੀਂ ਕਿਸੇ ਬਿਮਾਰੀ ਤੋਂ ਪੀੜਤ ਹੋ ਤਾਂ ਡਾਕਟਰੀ ਸਲਾਹ ਤੋਂ ਬਾਅਦ ਹੀ ਤਰਲ ਪਦਾਰਥਾਂ ਦੀ ਵਰਤੋਂ ਕਰੋ। ਜੇਕਰ ਕੋਈ ਬੀਮਾਰੀ ਜਾਂ ਬੇਹੋਸ਼ੀ ਵਰਗੀ ਸਥਿਤੀ ਪੈਦਾ ਹੋ ਜਾਵੇ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦਾ ਸਮਾਂ ਬਦਲਿਆ
ਇਲਾਕੇ ਵਿੱਚ ਪੈ ਰਹੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਬਦਲ ਦਿੱਤਾ ਹੈ। ਇਸ ਵੇਲੇ ਸਕੂਲ ਇੱਕ ਵਜੇ ਤੱਕ ਚੱਲ ਰਹੇ ਸਨ। ਇਸ ਦੇ ਨਾਲ ਹੀ ਦੋ ਸ਼ਿਫਟਾਂ ਵਿੱਚ ਚੱਲਣ ਵਾਲੇ ਸਕੂਲਾਂ ਦਾ ਸਮਾਂ ਬਦਲਣ ਦੀ ਵੀ ਚਰਚਾ ਚੱਲ ਰਹੀ ਹੈ। ਹਾਲਾਂਕਿ ਚੰਡੀਗੜ੍ਹ ਵਿੱਚ 23 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਪੈ ਰਹੀਆਂ ਹਨ।