ਪੰਜਾਬ ਵਿੱਚ ਚੋਣਾਂ ਸਿਰ ’ਤੇ ਹਨ ਤੇ ਪਟਿਆਲਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਇੱਥੇ ਕਾਂਗਰਸ ਦੇ ਸਾਬਕਾ ਕੌਂਸਲਰ ਬੌਬੀ ਗਰੋਵਰ ਤੇ ਕਾਂਗਰਸ ਦੀ ਸੀਨੀਅਰ ਮਹਿਲਾ ਆਗੂ ਮੋਨਿਕਾ ਗਰੋਵਰ ਨੇ ਪਾਰਟੀ ਛੱਡ ਕੇ ਸਾਥੀਆਂ ਸਮੇਤ ਭਾਜਪਾ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਦੇ ਨਾਲ ਪਰਿਵਾਰ ਸਮੇਤ ਕਰੀਬ 30 ਹੋਰ ਵਿਅਕਤੀਆਂ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲੈ ਲਈ ਹੈ।
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਮੁਖੀ ਜੈਇੰਦਰਾ ਕੌਰ ਨੇ ਮੋਨਿਕਾ ਗਰੋਵਰ ਤੇ ਉਨ੍ਹਾਂ ਦੇ ਸਾਥੀਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਤੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਕਾਂਗਰਸ ਦੇ ਹੋਰ ਵੀ ਕਈ ਸੀਨੀਅਰ ਵਰਕਰ ਭਾਜਪਾ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਦੇ ਸੰਪਰਕ ਵਿੱਚ ਹਨ।
ਸੰਜੀਵ ਸ਼ਰਮਾ ਬਿੱਟੂ ਨੇ ਸੰਭਾਵਨਾ ਜਤਾਈ ਹੈ ਕਿ ਅਗਲੇ ਦੋ-ਤਿੰਨ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਹੋਰ ਸਿਆਸੀ ਪਾਰਟੀਆਂ ਦੇ ਵਰਕਰ ਵੀ ਭਾਜਪਾ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਇਸ ’ਤੇ ਪਟਿਆਲਾ ਲੋਕ ਸਭਾ ਸੀਟ ਤੋਂ ਪ੍ਰਨੀਤ ਕੌਰ ਦੀ ਜਿੱਤ ਤੇ ਪੱਕਾ ਯਕੀਨ ਦਵਾਇਆ ਹੈ।
ਦੂਜੇ ਪਾਸੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੋਨਕਾ ਗਰੋਵਰ ਨੇ ਵੀ ਜੈਇੰਦਰਾ ਕੌਰ ਨਾਲ ਵਾਅਦਾ ਕੀਤਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਭਾਜਪਾ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਨਰਿੰਦਰ ਮੋਦੀ ਦੀਆਂ ਗਾਰੰਟੀਆਂ ਬਾਰੇ ਜਾਣੂ ਕਰਵਾਉਣਗੇ।